ਵਿਜੀਲੈਂਸ ਨੇ ਜੇ. ਈ. ਮਨਰੇਗਾ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Thursday, Aug 04, 2022 - 07:45 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਬੀ. ਡੀ. ਪੀ. ਓ. ਦਫ਼ਤਰ ਜਲਾਲਾਬਾਦ, ਫਾਜ਼ਿਲਕਾ ਵਿਖੇ ਤਾਇਨਾਤ ਸੁਵੱਰਸ਼ਾ, ਜੂਨੀਅਰ ਇੰਜੀਨੀਅਰ, ਮਹਾਤਮਾ ਗਾਂਧੀ ਨੈਸ਼ਨਲ ਪੇਂਡੂ ਰੋਜ਼ਗਾਰ ਗਾਰੰਟੀ ਕਾਨੂੰਨ (ਮਨਰੇਗਾ) ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਜੂਨੀਅਰ ਇੰਜੀਨੀਅਰ (ਜੇ. ਈ.) ਮਨਰੇਗਾ ਨੂੰ ਸੁਖਜਿੰਦਰ ਸਿੰਘ ਵਾਸੀ ਪਿੰਡ ਚੱਕ ਰੋੜਾਂਵਾਲੀ (ਤੰਬੂਵਾਲਾ) ਜਲਾਲਾਬਾਦ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਜਲੰਧਰ ’ਚ ਬੰਦੂਕ ਦੀ ਨੋਕ ’ਤੇ ਵੱਡੀ ਲੁੱਟ, ਲੁਟੇਰਿਆਂ ਨੇ ਦਿਨ-ਦਿਹਾੜੇ ਬੈਂਕ ’ਚੋਂ ਲੁੱਟੇ ਲੱਖਾਂ ਰੁਪਏ

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਵਿਖੇ ਦਰਜ ਕਰਵਾਈ ਸ਼ਿਕਾਇਤ ’ਚ ਦੋਸ਼ ਲਾਇਆ ਕਿ ਉਸ ਨੇ ਹੋਰਾਂ ਨਾਲ ਮਿਲ ਕੇ ਆਪਣੇ ਪਿੰਡ ਚੱਕ ਰੋੜਾਂਵਾਲੀ ਵਿਖੇ ਪੰਚਾਇਤੀ ਜ਼ਮੀਨ ’ਤੇ ਸਰਕਾਰੀ ਸਕੀਮ ਅਧੀਨ ਜੰਗਲ (ਪੌਦੇ) ਲਗਾਇਆ ਹੈ ਪਰ ਜੇ.ਈ. ਸੁਵਰਸ਼ਾ ਉਸ ਜ਼ਮੀਨ ਦੀ ਮਿਣਤੀ ਤੋਂ ਬਾਅਦ ਭੁਗਤਾਨ ਲਈ ਉਸ ਦਾ ਕੇਸ ਭੇਜਣ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਹੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਗੱਲਬਾਤ ਤੋਂ ਬਾਅਦ ਜੇ.ਈ. ਨੂੰ ਦੋ ਕਿਸ਼ਤਾਂ ’ਚ 45,000 ਰੁਪਏ ਦੇਣ ਲਈ ਸੌਦਾ ਤੈਅ ਹੋਇਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ’ਚ ਦਰਜ ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜੇ. ਈ. ਸੁਵਰਸ਼ਾ ਨੂੰ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਕੱਦਮਾ ਨੰਬਰ 13 ਮਿਤੀ 04.08.2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ’ਚ ਹੋਵੇਗਾ ਮੇਜਰ ਧਿਆਨ ਚੰਦ ਨੂੰ ਸਮਰਪਿਤ ਸਭ ਤੋਂ ਵੱਡਾ ‘ਪੰਜਾਬ ਖੇਡ ਮੇਲਾ’ : CM ਮਾਨ


Manoj

Content Editor

Related News