ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੇ ਨਵੇਂ SSP ਵਰਿੰਦਰ ਸਿੰਘ ਬਰਾੜ ਨੇ ਸੰਭਾਲਿਆ ਕਾਰਜਭਾਰ
Tuesday, Dec 23, 2025 - 02:04 PM (IST)
ਲੁਧਿਆਣਾ (ਡੇਵਿਨ)- ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੇ ਨਵ-ਨਿਯੁਕਤ ਐੱਸ. ਐੱਸ. ਪੀ. ਵਰਿੰਦਰ ਸਿੰਘ ਬਰਾੜ ਨੇ ਸੋਮਵਾਰ ਨੂੰ ਸਰਕਾਰੀ ਤੌਰ ’ਤੇ ਆਪਣਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਉਨ੍ਹਾਂ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ ਗਿਆ। ਕਾਰਜਭਾਰ ਸੰਭਾਲਣ ਤੋਂ ਬਾਅਦ ਐੱਸ. ਐੱਸ. ਪੀ. ਬਰਾੜ ਨੇ ਰੇਂਜ ਦੇ ਸਾਰੇ ਡੀ. ਐੱਸ. ਪੀ., ਇੰਸਪੈਕਟਰਾਂ ਅਤੇ ਦਫ਼ਤਰੀ ਸਟਾਫ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਵਿਭਾਗ ਦੀ ਕਾਰਜਸ਼ੈਲੀ, ਪ੍ਰਾਥਮਿਕਤਾਵਾਂ ਅਤੇ ਜ਼ਿੰਮੇਵਾਰੀਆਂ ਨੂੰ ਲੈ ਕੇ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਐੱਸ. ਐੱਸ. ਪੀ. ਵਰਿੰਦਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਜ਼ੀਰੋ ਟਾਲਰੈਂਸ ਨੀਤੀ ਤਹਿਤ ਵਿਜੀਲੈਂਸ ਬਿਊਰੋ ਪੂਰੀ ਸਖ਼ਤੀ ਨਾਲ ਕਾਰਵਾਈ ਕਰੇਗਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਕਿਸੇ ਵੀ ਪੱਧਰ ’ਤੇ ਰਿਸ਼ਵਤਖੋਰੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਦੇ ਲਈ ਵਿਜੀਲੈਂਸ ਬਿਊਰੋ ਲਗਾਤਾਰ ਜਾਗਰੂਕਤਾ ਮੁਹਿੰਮਾਂ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਸਰਕਾਰੀ ਕੰਮ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ, ਆਪਣੇ ਅਹੁਦੇ ਦਾ ਦੁਰਉਪਯੋਗ ਕਰਦਾ ਹੈ ਜਾਂ ਆਮਦਨ ਤੋਂ ਵੱਧ ਸੰਪਤੀ ਇਕੱਠੀ ਕਰਦਾ ਹੈ ਤਾਂ ਆਮ ਨਾਗਰਿਕ ਬਿਨਾਂ ਕਿਸੇ ਡਰ ਦੇ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀ ਗਈ ਐਂਟੀ-ਕਰੱਪਸ਼ਨ ਐਕਸ਼ਨ ਲਾਈਨ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਲੋਕ ਆਪਣੀਆਂ ਸ਼ਿਕਾਇਤਾਂ ਵ੍ਹਟਸਐਪ ਨੰਬਰ 9501-200-200 ਅਤੇ ਵਿਜੀਲੈਂਸ ਬਿਊਰੋ ਦੇ ਟੋਲ ਫ੍ਰੀ ਨੰਬਰ 1800-1800-1000 ’ਤੇ ਦਰਜ ਕਰਵਾ ਸਕਦੇ ਹਨ। ਇਸ ਦੇ ਨਾਲ ਹੀ ਐੱਸ. ਐੱਸ. ਪੀ. ਬਰਾੜ ਨੇ ਆਮ ਜਨਤਾ ਦੀ ਸਹੂਲਤ ਲਈ ਆਪਣਾ ਨਿੱਜੀ ਮੋਬਾਈਲ ਨੰ. 9988-889-006 ਵੀ ਜਨਤਕ ਕੀਤਾ।
