ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਵਣ ਵਿਭਾਗ ਦੇ ਸਰਵੇਅਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Saturday, Feb 11, 2023 - 09:21 PM (IST)

ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਵਣ ਵਿਭਾਗ ਦੇ ਸਰਵੇਅਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਐੱਸ.ਏ.ਐੱਸ. ਨਗਰ ਸਥਿਤ ਪੰਜਾਬ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਰਵੇਅਰ ਮਨਜਿੰਦਰ ਸਿੰਘ ਨੂੰ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਪਰੰਤ ਐੱਸ.ਏ.ਐੱਸ.ਨਗਰ ਜ਼ਿਲ੍ਹੇ ਦੇ ਪਿੰਡ ਸਿੰਘਪੁਰਾ ਵਿਚ ਉਸ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਦੀ ਟੀਮ ਨੇ 1,04,200 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਸ ਦੌਰਾਨ ਇਲਾਕਾ ਜੁਡੀਸ਼ੀਅਲ ਮੈਜਿਸਟਰੇਟ ਨੇ ਇਸ ਮਾਮਲੇ ’ਚ ਹੋਰ ਵਿਅਕਤੀਆਂ/ਕਰਮਚਾਰੀਆਂ ਦੀ ਸ਼ਮੂਲੀਅਤ ਬਾਰੇ ਪੁੱਛਗਿੱਛ ਕਰਨ ਲਈ ਉਕਤ ਮੁਲਜ਼ਮ ਨੂੰ ਚਾਰ ਦਿਨਾਂ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ : ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਫ਼ੈਸਲੇ ਦਾ CM ਮਾਨ ਨੇ ਕੀਤਾ ਸਵਾਗਤ, ਟਵੀਟ ਕਰ ਕਹੀ ਇਹ ਗੱਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਕਰਮਚਾਰੀ ਨੂੰ ਦਿਨਕਰ ਸਿੰਘ ਵਾਸੀ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਉਸਨੇ ਰਾਮਾਂ ਮੰਡੀ-ਤਲਵੰਡੀ ਸਾਬੋ ਮੁੱਖ ਸੜਕ 'ਤੇ ਨਵਾਂ ਪੈਟਰੋਲ ਪੰਪ ਲਗਾਉਣ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐੱਨ.ਓ.ਸੀ.) ਲੈਣ ਲਈ ਅਰਜ਼ੀ ਦਿੱਤੀ ਹੋਈ ਹੈ ਅਤੇ ਉਕਤ ਕਥਿਤ ਮੁਲਜ਼ਮ ਕਰਮਚਾਰੀ ਨੇ ਇਹ ਸਰਟੀਫਿਕੇਟ ਦੇਣ ਲਈ 2 ਲੱਖ ਰੁਪਏ ਦੀ ਮੰਗ ਕੀਤੀ ਹੈ | ਉਸਨੇ ਇਹ ਵੀ ਦੱਸਿਆ ਕਿ ਇਹ ਦੋਸ਼ੀ ਇਸ ਕੰਮ ਲਈ ਪਹਿਲਾਂ ਹੀ ਉਸ ਕੋਲੋਂ 3 ਲੱਖ ਰੁਪਏ ਲੈ ਚੁੱਕਾ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਟਾਰਗੈੱਟ ਕਿਲਿੰਗ ਕਰਨ ਵਾਲੇ 2 ਸ਼ੂਟਰ ਗ੍ਰਿਫ਼ਤਾਰ, ਵਿਦੇਸ਼ ਤੱਕ ਜੁੜੇ ਨੇ ਤਾਰ

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਕਰਮਚਾਰੀ ਨੂੰ ਐਸ.ਏ.ਐਸ.ਨਗਰ ਦੀ ਫੇਜ਼ 7 ਦੀ ਮਾਰਕੀਟ ਤੋਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਦੋਸ਼ੀ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ, ਪੰਜਾਬ, ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੇ ਪਿੰਡ ਸਿੰਘਪੁਰਾ ਵਿਖੇ ਮੁਲਜ਼ਮ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਦੀ ਟੀਮ ਨੇ 1,04,200 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ ਅਤੇ ਪੁਲਿਸ ਰਿਮਾਂਡ ਦੌਰਾਨ ਇਸ ਕੇਸ ਵਿੱਚ ਹੋਰ ਵਿਅਕਤੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

 


author

Manoj

Content Editor

Related News