ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਣ ਦੇ ਦੋਸ਼ ’ਚ ਪਟਵਾਰੀ ਗ੍ਰਿਫ਼ਤਾਰ
Sunday, Jul 16, 2023 - 02:43 AM (IST)
ਚੰਡੀਗੜ੍ਹ (ਬਿਊਰੋ) : ਸੂਬੇ ’ਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਤਰਨਤਾਰਨ ਜ਼ਿਲ੍ਹੇ ਦੇ ਮਾਲ ਸਰਕਲ ਪਹੁਵਿੰਡ ਵਿਖੇ ਤਾਇਨਾਤ ਪਟਵਾਰੀ ਰਣਜੋਧ ਸਿੰਘ ਨੂੰ ਗੂਗਲ ਪੇਅ ਰਾਹੀਂ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਕਤ ਪਟਵਾਰੀ ਨੂੰ ਪਰਮਜੀਤ ਸਿੰਘ ਵਾਸੀ ਅੰਮ੍ਰਿਤਸਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਗੋਬਿੰਦਾ ਦੀ ਧੀ ਟੀਨਾ ਆਹੂਜਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ 23 ਜੂਨ, 2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਪੋਰਟਲ ’ਤੇ ਸ਼ਿਕਾਇਤ ਦਰਜ ਕਰਵਾਈ ਸੀ। ਉਸ ਨੇ ਸ਼ਿਕਾਇਤ ਵਿਚ ਦੱਸਿਆ ਕਿ ਉਸ ਦੇ ਪਿਤਾ ਦੇ ਨਾਂ ’ਤੇ ਰਜਿਸਟਰ ਜ਼ਮੀਨ ਦੀ ਜਮ੍ਹਾਬੰਦੀ ਦੀ ਕਾਪੀ ਜਾਰੀ ਕਰਨ ਬਦਲੇ ਉਕਤ ਪਟਵਾਰੀ ਨੇ ਉਸ ਕੋਲੋਂ ਰਿਸ਼ਵਤ ਵਜੋਂ 4,000 ਰੁਪਏ ਲਏ ਹਨ। ਇਸ ਜ਼ਮੀਨ ਉੱਤੇ ਬੈਂਕ ਤੋਂ ਕਰਜ਼ਾ ਲੈਣ ਲਈ ਜਮ੍ਹਾਬੰਦੀ ਦੀ ਕਾਪੀ ਦੀ ਜ਼ਰੂਰਤ ਸੀ।
ਇਹ ਖ਼ਬਰ ਵੀ ਪੜ੍ਹੋ : ਉਸਾਰੀ ਕਿਰਤੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ, ਚੁੱਕਿਆ ਇਹ ਕਦਮ
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਅੱਜ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਪਟਵਾਰੀ ਨੂੰ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕਰ ਲਿਆ ਹੈ। ਇਸ ਸਬੰਧੀ ਉਕਤ ਪਟਵਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ, ਅੰਮ੍ਰਿਤਸਰ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।