ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

04/01/2023 12:45:22 AM

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਟਿੱਬਾ, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ. ਐੱਸ. ਆਈ.) ਬਲਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਸ ਮੁਲਾਜ਼ਮ ਨੂੰ ਡਾ. ਅਰੁਣ ਬਹਿਲ, ਵਾਸੀ ਰਾਜੂ ਕਾਲੋਨੀ, ਟਿੱਬਾ ਰੋਡ, ਲੁਧਿਆਣਾ ਸ਼ਹਿਰ ਦੀ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਹਥਿਆਰਾਂ ਸਣੇ ਗ੍ਰਿਫਤਾਰ

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈ. ਓ. ਡਬਲਯੂ.) ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਪੁਲਸ ਮੁਲਾਜ਼ਮ ਨੇ ਉਸ ਖ਼ਿਲਾਫ਼ ਦਰਜ ਪੁਲਸ ਕੇਸ ’ਚ ਜ਼ਮਾਨਤ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਈ. ਓ. ਡਬਲਿਊ. ਲੁਧਿਆਣਾ ਰੇਂਜ ਦੀ ਇਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਸ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ।
ਇਸ ਸਬੰਧੀ ਮੁਲਜ਼ਮ ਏ. ਐੱਸ. ਆਈ. ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਚ ਭ੍ਰਿਸ਼ਟਾਚਾਰ ਦੀ ਰੋਕਥਾਮ ਸਬੰਧੀ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Manoj

This news is Content Editor Manoj