ਵਿਜੀਲੈਂਸ ਨੇ PSPCL ਦਾ ਜੇ. ਈ. ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

Tuesday, Jul 26, 2022 - 06:22 PM (IST)

ਵਿਜੀਲੈਂਸ ਨੇ PSPCL ਦਾ ਜੇ. ਈ. ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੀ. ਐੱਸ. ਪੀ. ਸੀ. ਐੱਲ. ਅਲਾਵਲਪੁਰ, ਜਲੰਧਰ ਜ਼ਿਲ੍ਹੇ ਦੇ ਜੂਨੀਅਰ ਇੰਜੀਨੀਅਰ ਸ਼ਾਮ ਸਿੰਘ ਨੂੰ ਬਿਜਲੀ ਦਾ ਟਰਾਂਸਫਾਰਮਰ ਲਗਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਰਲੋਚਨ ਸਿੰਘ ਵਾਸੀ ਪਿੰਡ ਸਰਮਸਤਪੁਰ, ਜ਼ਿਲ੍ਹਾ ਜਲੰਧਰ ਦੀ ਸ਼ਿਕਾਇਤ ’ਤੇ ਮੁਲਜ਼ਮ ਸ਼ਾਮ ਸਿੰਘ ਜੇ. ਈ. ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਗਾਇਆ ਸੀ ਕਿ ਉਹ ਇਕ ਛੋਟਾ ਕਿਸਾਨ ਹੈ ਅਤੇ ਉਸ ਨੇ ਆਪਣੇ ਟਿਊਬਵੈੱਲ ਲਈ ਖੇਤੀ ਵਾਲੀ ਬਿਜਲੀ ਸਪਲਾਈ ਵਾਲੇ ਵਿਅਕਤੀਗਤ ਟਰਾਂਸਫਾਰਮਰ ਲਈ ਅਰਜ਼ੀ ਦਿੱਤੀ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਚੁੱਕਿਆ ਵੱਡਾ ਕਦਮ, ਇੰਸਪੈਕਟਰ ਸਣੇ 3 ਪੁਲਸ ਮੁਲਾਜ਼ਮ ਕੀਤੇ ਮੁਅੱਤਲ

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜੇ. ਈ. ਨੇ ਪੀ. ਐੱਸ. ਪੀ. ਸੀ. ਐੱਲ. ਵੱਲੋਂ ਉਸ ਨੂੰ ਟਰਾਂਸਫਾਰਮਰ ਲਾਉਣ ਦਾ ਦਿੱਤਾ ਕੰਮ ਪਹਿਲਾਂ ਹੀ ਪੂਰਾ ਕਰ ਲਿਆ ਗਿਆ ਸੀ ਪਰ ਉਸ ਨੇ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਸੌਦਾ 10,000 ਰੁਪਏ ’ਚ ਤੈਅ ਹੋਇਆ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਸ਼ਿਕਾਇਤਕਰਤਾ ਤੋਂ 10,000 ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ। ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਉਸ ਦੀ ਜੇਬ ’ਚੋਂ ਰਿਸ਼ਵਤ ਦੀ ਰਾਸ਼ੀ ਬਰਾਮਦ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਜਲੰਧਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

ਇਹ ਖ਼ਬਰ ਵੀ ਪੜ੍ਹੋ :ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ, 31 ਜੁਲਾਈ ਨੂੰ ਕਰੇਗਾ ਟਰੇਨਾਂ ਦਾ ਚੱਕਾ ਜਾਮ


author

Manoj

Content Editor

Related News