ਰਿਸ਼ਵਤ ਮੰਗਣ ਦੇ ਦੋਸ਼ ’ਚ ਮਾਲ ਪਟਵਾਰੀ ਤੇ ਨਿੱਜੀ ਸਹਾਇਕ ਖ਼ਿਲਾਫ਼ ਵਿਜੀਲੈਂਸ ਨੇ ਕੇਸ ਕੀਤਾ ਦਰਜ
Tuesday, Oct 04, 2022 - 08:46 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪੱਲਾ ਮੇਘਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਅਮਰੀਕ ਸਿੰਘ ਅਤੇ ਉਸ ਦੇ ਮੁਨਸ਼ੀ ਜਰਨੈਲ ਸਿੰਘ ਖ਼ਿਲਾਫ਼ ਕ੍ਰਮਵਾਰ 10,000 ਅਤੇ 50,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ’ਚ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ। ਅੱਜ ਇਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਹਾਂ ਦੋਸ਼ੀਆਂ ਖ਼ਿਲਾਫ਼ ਇਹ ਮੁਕੱਦਮਾ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉੱਤੇ ਜਗਤਾਰ ਸਿੰਘ ਵਾਸੀ ਪਿੰਡ ਲੰਗੇਆਣਾ, ਫਿਰੋਜ਼ਪੁਰ ਵਲੋਂ ਕੀਤੀ ਆਨਲਾਈਨ ਸ਼ਿਕਾਇਤ ਦੇ ਆਧਾਰ ’ਤੇ ਤਿਆਰ ਕੀਤੀ ਜਾਂਚ ਰਿਪੋਰਟ ਤੋਂ ਬਾਅਦ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਦਰਜ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ : ਇਟਲੀ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ’ਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਅਤੇ ਉਸ ਦਾ ਕਰਿੰਦਾ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਰਿਸ਼ਵਤ ਦੀ ਮੰਗ ਕਰ ਰਹੇ ਸਨ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਕਤ ਨਿੱਜੀ ਵਿਅਕਤੀ ਨੇ ਪਟਵਾਰੀ ਵੱਲੋਂ ਉਸ ਦੀ ਪੁਸ਼ਤੈਨੀ ਜ਼ਮੀਨ ਦੇ ਇੰਤਕਾਲ ਅਤੇ ਗਿਰਦਾਵਰੀ ਦੀਆਂ ਨਕਲਾਂ ਦੇਣ ਲਈ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਉਸ ਨੇ ਫੋਨ ’ਤੇ ਇਹ ਸਾਰੀ ਗੱਲਬਾਤ ਰਿਕਾਰਡ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ। ਇਕ ਹੋਰ ਮਾਮਲੇ ’ਚ ਵਿਜੀਲੈਂਸ ਬਿਊਰੋ ਨੇ ਅਮਨ ਮਸੀਹ, ਰੀਡਰ ਟੂ ਤਹਿਸੀਲਦਾਰ, ਫਿਰੋਜ਼ਪੁਰ ਅਤੇ ਸੁਰਜੀਤ ਸਿੰਘ, ਸਰਕਲ ਕਾਨੂੰਨਗੋ, ਹਲਕਾ ਆਰਿਫਕੇ, ਫਿਰੋਜ਼ਪੁਰ ਦੇ ਖ਼ਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ : ਜੇਲ੍ਹ ’ਚ ਬੰਦ ਪ੍ਰਿਯਵਰਤ ਫ਼ੌਜੀ ਸਣੇ ਇਨ੍ਹਾਂ ਗੈਂਗਸਟਰਾਂ ਨੂੰ ਲੈ ਕੇ ਹਰਜੋਤ ਬੈਂਸ ਨੇ ਆਖੀ ਵੱਡੀ
ਵਧੇਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਅੰਗਰੇਜ ਸਿੰਘ ਵਾਸੀ ਪਿੰਡ ਦੁੱਲਾ ਸਿੰਘ ਵਾਲਾ, ਫਿਰੋਜ਼ਪੁਰ ਨੇ ਉਕਤ ਦੋਸ਼ੀਆਂ ਖ਼ਿਲਾਫ਼ ਟੋਲ ਫ੍ਰੀ ਐਂਟੀ ਕੁਰੱਪਸ਼ਨ ਹੈਲਪਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ’ਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਸ ਦੀ ਜ਼ਮੀਨ ਦਾ ਕਬਜ਼ਾ ਦਿਵਾਉਣ ਬਾਰੇ ਅਦਾਲਤੀ ਹੁਕਮਾਂ ਨੂੰ ਲਾਗੂ ਕਰਾਉਣ ਬਦਲੇ ਉਕਤ ਮੁਲਜ਼ਮ ਰੀਡਰ ਨੇ 20 ਹਜ਼ਾਰ ਰੁਪਏ ਸਬੰਧਤ ਤਹਿਸੀਲਦਾਰ ਲਈ ਅਤੇ 5 ਹਜ਼ਾਰ ਰੁਪਏ ਆਪਣੇ ਲਈ ਰਿਸ਼ਵਤ ਦੀ ਮੰਗ ਕੀਤੀ ਹੈ। ਉਸ ਨੇ ਹੋਰ ਦੋਸ਼ ਲਾਇਆ ਕਿ ਉਕਤ ਕਾਨੂੰਨਗੋ ਨੇ ਵਿਰੋਧੀ ਧਿਰ ਨਾਲ ਮਿਲੀਭੁਗਤ ਕਰਕੇ ਇਸ ਕੇਸ ’ਚ ਕਬਜ਼ਾ ਵਾਰੰਟਾਂ ਨੂੰ ਤੁਰੰਤ ਲਾਗੂ ਨਹੀਂ ਕੀਤਾ ਸਗੋਂ ਦੇਰੀ ਵੀ ਕੀਤੀ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਸ਼ਿਕਾਇਤ ਦੀ ਡੂੰਘਾਈ ਨਾਲ ਜਾਂਚ ਕਰਨ ਉਪਰੰਤ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਆਈ.ਪੀ.ਸੀ. ਦੀ ਧਾਰਾ 420, 465, 466, 468, 471, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਖ਼ਬਰ ਵੀ ਪੜ੍ਹੋ : ਵਿਧਾਨ ਸਭਾ ’ਚ ਭਗਵੰਤ ਮਾਨ ਸਰਕਾਰ ਦੇ ਹੱਕ ’ਚ ਸਰਬਸੰਮਤੀ ਨਾਲ ਪਾਸ ਹੋਇਆ ਭਰੋਸਗੀ ਮਤਾ