ਵਿਜੀਲੈਂਸ ਨੇ ਰਿਸ਼ਵਤ ਲੈਣ ਦੇ ਦੋਸ਼ ’ਚ ਸੇਵਾ-ਮੁਕਤ SMO ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮਾਮਲਾ ਕੀਤਾ ਦਰਜ

Friday, Dec 02, 2022 - 12:47 AM (IST)

ਵਿਜੀਲੈਂਸ ਨੇ ਰਿਸ਼ਵਤ ਲੈਣ ਦੇ ਦੋਸ਼ ’ਚ ਸੇਵਾ-ਮੁਕਤ SMO ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮਾਮਲਾ ਕੀਤਾ ਦਰਜ

ਅੰਮ੍ਰਿਤਸਰ (ਸਾਗਰ, ਨੀਰਜ) : ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ ਮੈਡੀਕਲ ਅਫ਼ਸਰ (ਐੱਸ. ਐੱਮ. ਓ.) ਡਾ. ਸਤਨਾਮ ਸਿੰਘ (ਹੁਣ ਸੇਵਾ-ਮੁਕਤ) ਵਿਰੁੱਧ 1,15,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਐੱਸ.ਐੱਮ.ਓ. ਵਾਸੀ ਫਰੈਂਡਜ਼ ਐਵੇਨਿਊ, ਅੰਮ੍ਰਿਤਸਰ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਸਰਕਾਰੀ ਸਕੂਲਾਂ ਦੇ ਨਾਵਾਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਰੀ ਕੀਤੇ ਨਵੇਂ ਹੁਕਮ

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਲਕੀਅਤ ਸਿੰਘ ਵਾਸੀ ਪਿੰਡ ਅਠਵਾਲ, ਜ਼ਿਲ੍ਹਾ ਅੰਮ੍ਰਿਤਸਰ ਨੇ ਦੱਸਿਆ ਕਿ ਉਕਤ ਐੱਸ. ਐੱਮ. ਓ. ਨੇ ਇਕ ਪੁਲਸ ਕੇਸ ਸਬੰਧੀ ਡਾਕਟਰੀ ਰਿਪੋਰਟ ਦੇਣ ਬਦਲੇ 1,15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਪ੍ਰਾਪਤ ਵੀ ਕੀਤੇ। ਬੁਲਾਰੇ ਨੇ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ’ਚ ਲਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਦੀ ਰਕਮ ਮੰਗਣ ਅਤੇ ਸਵੀਕਾਰ ਕਰਨ ਦੇ ਦੋਸ਼ੀ ਪਾਏ ਜਾਣ ਤੋਂ ਬਾਅਦ ਹੀ ਉਕਤ ਸਾਬਕਾ ਐੱਸ.ਐੱਮ.ਓ. ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ਨੂੰ ਸ਼ਹਿਰੀ ਪੱਧਰ ਦੀਆਂ ਸਹੂਲਤਾਂ ਦੇਣਾ ਭਗਵੰਤ ਮਾਨ ਸਰਕਾਰ ਦੀ ਤਰਜੀਹ : ਕੁਲਦੀਪ ਧਾਲੀਵਾਲ


author

Manoj

Content Editor

Related News