ਦੁਸ਼ਮਣ ਦੇ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਸੁਰੱਖਿਆ ਏਜੰਸੀਆਂ ਦੇ ਨਾਲ ਆਮ ਲੋਕ ਵੀ ਚੌਕਸ ਰਹਿਣ: ਰਾਜਪਾਲ
Monday, Sep 12, 2022 - 07:08 PM (IST)
ਗੁਰਦਾਸਪੁਰ (ਜੀਤ ਮਠਾਰੂ) - ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਜ ਸਥਾਨਕ ਹੋਟਲ ਮੈਨਜਮੈਂਟ ਸੰਸਥਾ ਵਿਖੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰ ਵਿਅਤਕੀਆਂ ਦੇ ਰੂਬਰੂ ਹੋਏ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਜਗਰੂਪ ਸਿੰਘ ਸੇਖਵਾਂ, ਦੀਨਾਨਗਰ ਤੋਂ ‘ਆਪ’ ਆਗੂ ਸ਼ਮਸ਼ੇਰ ਸਿੰਘ ਨੇ ਗੁਰਦਾਸਪੁਰ ਪਹੁੰਚਣ 'ਤੇ ਰਾਜਪਾਲ ਦਾ ਸਵਾਗਤ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਜਗਰੂਪ ਸਿੰਘ ਸੇਖਵਾਂ, ਦੀਨਨਗਰ ਤੋਂ ‘ਆਪ’ ਆਗੂ ਸ਼ਮਸ਼ੇਰ ਸਿੰਘ ਨੇ ਗੁਰਦਾਸਪੁਰ ਪਹੁੰਚਣ 'ਤੇ ਰਾਜਪਾਲ ਦਾ ਸਵਾਗਤ ਕੀਤਾ।
ਪੜ੍ਹੋ ਇਹ ਵੀ ਖ਼ਬਰ: ਪਤੀ ਨੇ ਰੰਗੇ ਹੱਥੀਂ ਫੜੀ ਆਸ਼ਕ ਨੂੰ ਮਿਲਣ ਗਈ ਪਤਨੀ, ਹੋਇਆ ਜ਼ਬਰਦਸਤ ਹੰਗਾਮਾ (ਵੀਡੀਓ)
ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਨੂੰ ਸੰਬੋਧਨ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਸ਼ਹਾਦਤਾਂ ਨਾਲ ਭਰਿਆ ਹੈ। ਬਹਾਦਰ ਪੰਜਾਬੀਆਂ ਨੇ ਦੇਸ਼ ਦੀ ਅਜ਼ਾਦੀ, ਏਕਤਾ ਤੇ ਅਖੰਡਤਾ ਦੀ ਰਾਖੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਸੁਰੱਖਿਆ ਦੇ ਲਿਹਾਜ ਤੋਂ ਬਹੁਤ ਅਹਿਮ ਹੈ। ਗੁਆਂਢੀ ਦੇਸ਼ ਪਾਕਿਸਤਾਨ ਹਮੇਸ਼ਾਂ ਪੰਜਾਬ ਅਤੇ ਦੇਸ਼ ਵਿੱਚ ਗੜਬੜ ਕਰਨ ਦੀ ਫਿਰਾਕ ਵਿੱਚ ਰਹਿੰਦਾ ਹੈ ਅਤੇ ਦੁਸ਼ਮਣ ਦੇ ਅਜਿਹੇ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਸਾਨੂੰ ਹੋਰ ਵੀ ਚੌਕਸ ਹੋਣ ਦੀ ਲੋੜ ਹੈ।
ਪੜ੍ਹੋ ਇਹ ਵੀ ਖ਼ਬਰ: ਮਹਾਰਾਣੀ ਐਲਿਜ਼ਾਬੈਥ II ਨੇ 1997 'ਚ ਭਾਰਤ ਦੌਰੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਸੀ ਮੱਥਾ, ਵੇਖੋ ਵੀਡੀਓ
ਸਰਹੱਦ ਨੇੜੇ ਹੁੰਦੀ ਗੈਰ ਕਾਨੂੰਨੀ ਮਾਈਨਿੰਗ 'ਤੇ ਚਿੰਤਾ ਜ਼ਾਹਰ ਕਰਦਿਆਂ ਰਾਜਪਾਲ ਨੇ ਕਿਹਾ ਕਿ ਗੈਰ ਕਾਨੂੰਨੀ ਮਾਈਨਿੰਗ ਨਾਲ ਦੇਸ਼ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਹੱਦ ਨੇੜੇ ਹੁੰਦੀ ਗੈਰ-ਕਾਨੂੰਨੀ ਮਾਇਨਿੰਗ ਨੂੰ ਸਖ਼ਤੀ ਨਾਲ ਰੋਕਿਆ ਜਾਵੇ। ਅਜਿਹੀਆਂ ਥਾਵਾਂ 'ਤੇ ਮਾਇਨਿੰਗ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਹੋਰ ਧਰਾਵਾਂ ਦੇ ਨਾਲ ਦੇਸ਼ ਧਰੋਹ ਦਾ ਮਾਮਲਾ ਵੀ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਸਭ ਤੋਂ ਉੱਪਰ ਹੈ ਅਤੇ ਇਸ ਵਿਚ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡਾਂ ਵਿੱਚ ਡਿਫੈਂਸ ਕਮੇਟੀ ਦਾ ਗਠਨ ਕਰਨ ਲਈ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਅਤੇ ਸਮੁੱਚੇ ਪ੍ਰਸ਼ਾਸਨ ਨੂੰ ਵਧਾਈ ਦਿੰਦਿਆਂ ਰਾਜਪਾਲ ਪੰਜਾਬ ਨੇ ਕਿਹਾ ਕਿ ਅਜਿਹੀਆਂ ਡਿਫੈਂਸ ਕਮੇਟੀਆਂ ਪੂਰੇ ਰਾਜ ਵਿੱਚ ਬਣਨੀਆਂ ਚਾਹੀਦੀਆਂ ਹਨ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ਵਿਖੇ ਵਾਪਰੀ ਕਤਲ ਦੀ ਵਾਰਦਾਤ ਮੌਕੇ ਮੌਜੂਦ ਸੀ ਇਹ ਨੌਜਵਾਨ, ਰੋ-ਰੋ ਦੱਸੀ ਸਾਰੀ ਕਹਾਣੀ (ਵੀਡੀਓ)
ਉਨ੍ਹਾਂ ਕਿਹਾ ਕਿ ਡਿਫੈਂਸ ਕਮੇਟੀਆਂ ਦੀ ਚੌਕਸੀ ਨਾਲ ਸਮਾਜ ਤੇ ਦੇਸ਼ ਵਿਰੋਧੀ ਅਨਸਰਾਂ ਦੀ ਪਛਾਣ ਹੋ ਸਕੇਗੀ, ਜਿਨ੍ਹਾਂ 'ਤੇ ਕਾਬੂ ਪਾਇਆ ਜਾ ਸਕੇਗਾ। ਉਨ੍ਹਾਂ ਸੂਬੇ ਦੇ ਮੁੱਖ ਸਕੱਤਰ ਨੂੰ ਕਿਹਾ ਕਿ ਪੰਜਾਬ ਦੇ ਹਰ ਪਿੰਡ ਵਿੱਚ ਡਿਫੈਂਸ ਕਮੇਟੀ ਦਾ ਗਠਨ ਕਰਕੇ ਉਨ੍ਹਾਂ ਨੂੰ ਐਕਟਿਵ ਕੀਤਾ ਜਾਵੇ। ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਜਦੋਂ ਕਿਸੇ ਸ਼ੱਕੀ ਕਾਰਵਾਈ ਦਾ ਪਤਾ ਲੱਗੇ ਤਾਂ ਉਹ ਤੁਰੰਤ ਇਸਦੀ ਸੂਚਨਾ ਸੁਰੱਖਿਆ ਏਜੰਸੀਆਂ ਨੂੰ ਦੇਣ। ਸਰਹੱਦ ਪਾਰੋਂ ਸਮਗਲਿੰਗ ਲਈ ਹੁੰਦੀ ਡਰੋਨ ਦੀ ਵਰਤੋਂ ਬਾਰੇ ਪੂਰੀ ਤਰ੍ਹਾਂ ਚੌਕਸ ਰਿਹਾ ਜਾਵੇ। ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਅਤੇ ਉਨ੍ਹਾਂ ਨਾਲ ਆਏ ਸੀਨੀਅਰ ਅਧਿਕਾਰੀਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ।