ਵਿਜੈ ਇੰਦਰ ਸਿੰਗਲਾ ਨੇ ਟਿਕਰੀ ਬਾਰਡਰ ’ਤੇ 3 ਮਹਿਲਾ ਪ੍ਰਦਰਸ਼ਨਕਾਰੀਆਂ ਦੀ ਹੋਈ ਮੌਤ ’ਤੇ ਪ੍ਰਗਟਾਇਆ ਦੁੱਖ

Thursday, Oct 28, 2021 - 04:56 PM (IST)

ਵਿਜੈ ਇੰਦਰ ਸਿੰਗਲਾ ਨੇ ਟਿਕਰੀ ਬਾਰਡਰ ’ਤੇ 3 ਮਹਿਲਾ ਪ੍ਰਦਰਸ਼ਨਕਾਰੀਆਂ ਦੀ ਹੋਈ ਮੌਤ ’ਤੇ ਪ੍ਰਗਟਾਇਆ ਦੁੱਖ

ਸੰਗਰੂਰ (ਬੇਦੀ) - ਪੰਜਾਬ ਦੇ ਲੋਕ ਨਿਰਮਾਣ ਅਤੇ ਪ੍ਰਸਾਸ਼ਨਿਕ ਸੁਧਾਰ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਵੀਰਵਾਰ ਨੂੰ ਮਹਿਲਾ ਕਿਸਾਨ ਪ੍ਰਦਰਸ਼ਨਕਾਰੀਆਂ ਦੇ ਹਾਦਸੇ ਵਿਚ ਮਾਰੇ ਜਾਣ ਦੀ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਹਾਦਸੇ ਵਿੱਚ ਤਿੰਨ ਮਹਿਲਾ ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ ਸਨ। ਵਿਜੈ ਇੰਦਰ ਸਿੰਗਲਾ ਨੇ ਕਿਹਾ, “ਤੇਜ਼ ਰਫ਼ਤਾਰ ਟਰੱਕ ਦੀ ਲਪੇਟ ਵਿੱਚ ਆ ਕੇ 3 ਜਨਾਨੀਆਂ ਦੀ ਮੌਤ ਅਤੇ ਦੋ ਦੇ ਜ਼ਖ਼ਮੀ ਹੋ ਜਾਣ ਦੀ ਟਿਕਰੀ ਬਾਰਡਰ ਤੋਂ ਆਈ ਖ਼ਬਰ ਦਿਲ ਨੂੰ ਦਹਿਲਾ ਦੇਣ ਵਾਲੀ ਹੈ। ਮੈਂ ਹਰ ਤਰਾਂ ਨਾਲ ਕਿਸਾਨਾਂ ਦੇ ਨਾਲ ਹਾਂ, ਜੋ ਪਿਛਲੇ ਸਾਲ ਤੋਂ ਕਈ ਤੂਫਾਨਾਂ ਦਾ ਸਾਹਮਣਾ ਕਰ ਰਹੇ ਹਨ ਤੇ ਇੱਕ ਵਾਰ ਫਿਰ ਇੱਕ ਹੋਰ ਦੁਖਾਂਤ ਦਾ ਸਾਹਮਣਾ ਕੀਤਾ ਗਿਆ ਹੈ।’’

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਭਾਜਪਾ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਲਾਗੂ ਕੀਤੇ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਵੱਲ ਮੋਦੀ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨਾਲ ਵੱਡੇ ਪੱਧਰ ‘ਤੇ ਧੱਕਾ ਕੀਤਾ ਗਿਆ ਹੈ ਪਰ ਉਨ੍ਹਾਂ ਨੇ ਸਬਰ ਨਾਲ ਵਿਰੋਧ ਕੀਤਾ ਹੈ। ਸਿੰਗਲਾ ਨੇ ਕਿਹਾ ਕਿ ਉਹ ਕਿਸਾਨਾਂ ਦੇ ਅਦਭੁੱਤ ਜਜਬੇ ਨੂੰ ਸਲਾਮ ਕਰਦੇ ਹਨ ਅਤੇ ਉਨ੍ਹਾਂ ਦੇ ਉਦੇਸ਼ ਦੀ ਹਮਾਇਤ ਕਰਨ ਲਈ ਪੂਰੇ ਦਿਲ ਨਾਲ ਉਨ੍ਹਾਂ ਦੇ ਨਾਲ ਖੜੇ ਹਨ, ਭਾਵੇਂ ਕੁਝ ਵੀ ਹੋਵੇ।

ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਅੰਦੋਲਨ ਦੀ ਸ਼ੁਰੂਆਤ ਤੋਂ ਹਰ ਹਾਲਤ ਵਿੱਚ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਇਨਸਾਫ ਦਿਵਾਉਣ ਤੋਂ ਇਲਾਵਾ ਪੀੜਤ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਦੀ ਸਰਕਾਰ ਨੇ ਕਿਸਾਨ ਧਰਨੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਯਕੀਨੀ ਬਣਾਈ ਹੈ। ਵਿੱਤੀ ਸਹਾਇਤਾ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਹਰੇਕ ਪੀੜਤ ਪਰਿਵਾਰ ਦੇ ਰਿਸ਼ਤੇਦਾਰਾਂ ਨੂੰ ਸਰਕਾਰੀ ਨੌਕਰੀ ਪ੍ਰਦਾਨ ਕਰ ਰਹੀ ਹੈ ਅਤੇ ਕਿਸਾਨਾਂ ਦੀ ਹਰ ਸੰਭਵ ਮਦਦ ਕਰਦੀ ਰਹੇਗੀ।


author

rajwinder kaur

Content Editor

Related News