ਹਰਸਿਮਰਤ ਕੁਝ ਕਹਿਣ ਤੋਂ ਪਹਿਲਾਂ ਤੱਥ ਜਾਣ ਲਵੇ : ਸਿੰਗਲਾ

Monday, Oct 07, 2019 - 01:50 PM (IST)

ਹਰਸਿਮਰਤ ਕੁਝ ਕਹਿਣ ਤੋਂ ਪਹਿਲਾਂ ਤੱਥ ਜਾਣ ਲਵੇ : ਸਿੰਗਲਾ

ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਅਤੇ ਕਾਂਗਰਸ ਦੇ ਕੌਮੀ ਬੁਲਾਰੇ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੁਲਤਾਨਪੁਰ ਲੋਧੀ ਤੋਂ ਡੇਰਾ ਬਾਬਾ ਨਾਨਕ ਤੱਕ 'ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ' ਬਣਾਉਣ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਅਧੀਨ 96.15 ਕਰੋੜ ਰੁਪਏ ਦੀ ਲਾਗਤ ਨਾਲ 136.14 ਕਿਲੋਮੀਟਰ ਲੰਮੇ ਰੋਡ ਨੂੰ ਅੱਪਗ੍ਰੇਡ ਅਤੇ 10 ਮੀਟਰ ਚੌੜਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸਿੰਗਲਾ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ ਬਣਾਉਣ ਦੀ ਮੰਗ ਕੇਂਦਰ ਸਰਕਾਰ ਕੋਲ ਕਰਨ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਕਾਲੀ ਆਗੂ ਨੂੰ ਆਪਣੇ ਪਰਿਵਾਰ ਦੀ ਆਦਤ ਅਨੁਸਾਰ ਬਿਨਾਂ ਕੋਈ ਤੱਥ ਜਾਣੇ ਜਾਣੇ ਸਿਰਫ ਸਿਆਸਤ ਕਰਨ ਲਈ ਬਿਆਨ ਦੇਣ ਦੀ ਆਦਤ ਹੈ।

ਉਨ੍ਹਾਂ ਕਿਹਾ ਕਿ ਅਕਾਲੀ ਆਗੂ ਲਈ ਬਿਹਤਰ ਹੋਵੇਗਾ ਕਿ ਉਹ ਕੁਝ ਕਹਿਣ ਤੋਂ ਪਹਿਲਾਂ ਜ਼ਮੀਨੀ ਹਕੀਕਤਾਂ ਅਤੇ ਤੱਥਾਂ ਤੋਂ ਜਾਣੂ ਹੋ ਜਾਇਆ ਕਰੇ। ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ 10 ਸਤੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ 'ਚ ਸੁਲਤਾਨਪੁਰ ਲੋਧੀ-ਕਪੂਰਥਲਾ-ਕਰਤਾਰਪੁਰ-ਬਿਆਸ-ਬਟਾਲਾ (ਬਟਾਲਾ ਬਾਈਪਾਸ ਸਮੇਤ)-ਡੇਰਾ ਬਾਬਾ ਨਾਨਕ ਮਾਰਗ ਨੂੰ 'ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ' ਐਲਾਨਣ ਲਈ ਪ੍ਰਸਤਾਵ ਨੂੰ ਵੀ ਮਨਜ਼ੂਰੀ ਦੇ ਦਿੱਤੀ। ਮੀਟਿੰਗ ਦੌਰਾਨ 96.15 ਕਰੋੜ ਰੁਪਏ ਦੀ ਲਾਗਤ ਨਾਲ 136.14 ਕਿਲੋਮੀਟਰ ਲੰਮੇ ਰੋਡ ਨੂੰ ਅਪਗ੍ਰੇਡ ਕਰਨ ਅਤੇ 10 ਮੀਟਰ ਤੱਕ ਚੌੜਾ ਕਰਨ ਦਾ ਫੈਸਲਾ ਕੀਤਾ ਗਿਆ।


author

Anuradha

Content Editor

Related News