ਪੰਜਾਬ ਸਰਕਾਰ ਨੇ ਸ਼ਹੀਦਾਂ ਤੇ ਆਜ਼ਾਦੀ ਘੁਲਾਟੀਆਂ ਦੇ ਨਾਂ ''ਤੇ ਰੱਖੇ 5 ਸਰਕਾਰੀ ਸਕੂਲਾਂ ਦੇ ਨਾਂ

Friday, Feb 12, 2021 - 04:17 PM (IST)

ਪੰਜਾਬ ਸਰਕਾਰ ਨੇ ਸ਼ਹੀਦਾਂ ਤੇ ਆਜ਼ਾਦੀ ਘੁਲਾਟੀਆਂ ਦੇ ਨਾਂ ''ਤੇ ਰੱਖੇ 5 ਸਰਕਾਰੀ ਸਕੂਲਾਂ ਦੇ ਨਾਂ

ਚੰਡੀਗੜ੍ਹ : ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਨਾਮਵਰ ਸ਼ਖਸੀਅਤਾਂ ਦੇ ਯੋਗਦਾਨ ਨੂੰ ਮਾਣ ਦੇਣ ਲਈ ਸੂਬਾ ਸਰਕਾਰ ਨੇ ਪੰਜ ਸਰਕਾਰੀ ਸਕੂਲਾਂ ਦਾ ਨਾਮ ਅਜਿਹੇ ਸ਼ਹੀਦਾਂ ਦੇ ਨਾਵਾਂ ‘ਤੇ ਰੱਖਿਆ ਹੈ। ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਨਾਮ ਬਦਲਣ ਦੀ ਨੀਤੀ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਦੇ ਨਾਲ-ਨਾਲ ਸਕੂਲ ਸਿੱਖਿਆ ਦੀ ਗੁਣਵੱਤਾ 'ਚ ਮਿਆਰੀ ਸੁਧਾਰ ਯਕੀਨੀ ਬਣਾ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੇ ਸੁਧਾਰਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ, ਜੋ ਕਿ ਦਾਖ਼ਲੇ ਅਤੇ ਨਤੀਜਿਆਂ 'ਚ ਵਾਧੇ ਵੱਜੋਂ ਰਿਕਾਰਡ ’ਤੇ ਵੇਖੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਨੀਤੀਆਂ ਅਤੇ ਸੁਧਾਰਾਂ ਨੂੰ ਮੈਰਿਟ ਦੇ ਅਧਾਰ ‘ਤੇ ਲਾਗੂ ਕੀਤਾ ਜਾ ਰਿਹਾ ਹੈ, ਜੋ ਅੱਜ ਦੇ ਸਮੇਂ ਸਕੂਲ ਸਿੱਖਿਆ ਦੇ ਖੇਤਰ 'ਚ ਤਬਦੀਲੀ ਦਾ ਆਧਾਰ ਵੀ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਪਹਿਲਾਂ ਸਿੱਖਿਆ ਮਹਿਕਮੇ ਨੇ ਤਸਦੀਕ ਦੀ ਬਣਦੀ ਪ੍ਰਕਿਰਿਆ ਨੂੰ ਪੂਰਾ ਅਤੇ ਇਸ ਸਬੰਧੀ ਸਬੰਧਿਤ ਮਹਿਕਮਿਆਂ ਤੋਂ ਵੀ ਕਲੀਅਰੈਂਸ ਲਈ ਜਾ ਚੁੱਕੀ ਹੈ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖੂ ਦਾ ਨਾਂ ਬਦਲ ਕੇ ਸ਼ਹੀਦ ਲਾਭ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਐਸ. ਏ. ਐਸ ਨਗਰ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਧਰਮਗੜ੍ਹ ਨੂੰ ਸ਼ਹੀਦ ਸਿਪਾਹੀ ਗੁਰਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਜ਼ਿਲ੍ਹਾ ਮਾਨਸਾ ਦੇ ਸਰਕਾਰੀ ਮਿਡਲ ਸਕੂਲ ਚੱਕ ਭਾਈਕੇ ਨੂੰ ਸ਼ਹੀਦ ਹਵਾਲਦਾਰ ਸੁਖਵਿੰਦਰ ਸਿੰਘ ਸਰਕਾਰੀ ਮਿਡਲ ਸਕੂਲ ਚੱਕ ਭਾਈਕੇ ਦਾ ਨਾਮ ਦਿੱਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਫ਼ਰੀਦਕੋਟ ਜ਼ਿਲ੍ਹੇ ਦੇ ਇਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਮ ਰੋੜੀ ਕਪੂਰਾ ਪਿੰਡ ਨਾਲ ਸਬੰਧਿਤ ਇਕ ਆਜ਼ਾਦੀ ਘੁਲਾਟੀਏ ਦੇ ਨਾਮ ‘ਤੇ ਰੱਖਿਆ ਗਿਆ ਹੈ ਅਤੇ ਹੁਣ ਸਕੂਲ ਨੂੰ ਆਜ਼ਾਦੀ ਘੁਲਾਟੀਆ ਜੰਗੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋੜੀ ਕਪੂਰਾ ਵੱਜੋਂ ਜਾਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਲੰਧਰ ਜ਼ਿਲ੍ਹੇ ਦੇ ਇੱਕ ਹੋਰ ਸਕੂਲ ਦਾ ਨਾਮ ਵੀ ਪ੍ਰਸਿੱਧ ਸਿਆਸਤਦਾਨ ਕਾਮਰੇਡ ਹਰਕ੍ਰਿਸ਼ਨ ਸਿੰਘ ਸੁਰਜੀਤ ਦੇ ਨਾਮ ‘ਤੇ ਰੱਖਿਆ ਗਿਆ ਹੈ ਅਤੇ ਪਿੰਡ ਬੁੰਡਾਲਾ ਦਾ ਸਕੂਲ ਹੁਣ ਕਾਮਰੇਡ ਹਰਕ੍ਰਿਸ਼ਨ ਸਿੰਘ ਸੁਰਜੀਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁੰਡਾਲਾ ਵੱਜੋਂ ਜਾਣਿਆ ਜਾਵੇਗਾ।
 


author

Babita

Content Editor

Related News