ਆਜ਼ਾਦੀ ਦਿਹਾੜੇ ਮੌਕੇ ਸੰਗਰੂਰ ’ਚ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਲਹਿਰਾਇਆ ਕੌਮੀ ਝੰਡਾ
Sunday, Aug 15, 2021 - 04:55 PM (IST)
ਸੰਗਰੂਰ (ਦਲਜੀਤ ਸਿੰਘ ਬੇਦੀ) : ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਪੁਲਸ ਲਾਈਨ ਸਟੇਡੀਅਮ ਸੰਗਰੂਰ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੀਆਂ ਕੁਰਬਾਨੀਆਂ ਸਭ ਤੋਂ ਜ਼ਿਆਦਾ ਰਹੀਆਂ ਅਤੇ ਸਮੇਂ-ਸਮੇਂ ’ਤੇ ਚੱਲੀਆਂ ਗਦਰ ਲਹਿਰ, ਕੂਕਾ ਲਹਿਰ, ਗੁਰਦੁਆਰਾ ਸੁਧਾਰ ਲਹਿਰ ਦੇ ਨਾਲ-ਨਾਲ ਪੰਜ ਦਰਿਆਵਾਂ ਦੀ ਧਰਤੀ ਤੋਂ ਆਜ਼ਾਦੀ ਦੇ ਪਰਵਾਨਿਆਂ ਵੱਲੋਂ ਦਿੱਤੀਆਂ ਬੇਮਿਸਾਲ ਕੁਰਬਾਨੀਆਂ ਸਦਕਾ ਸਾਡਾ ਦੇਸ਼ ਆਜ਼ਾਦ ਹੋਇਆ। ਕੌਮੀ ਝੰਡਾ ਲਹਿਰਾਉਣ ਤੋਂ ਪਹਿਲਾਂ ਵਿਜੈ ਇੰਦਰ ਸਿੰਗਲਾ ਨੇ ਪੁਲਸ ਲਾਈਨ ਵਿੱਚ ਸਥਿਤ ਸਮਾਰਕ ’ਤੇ ਨੀਂਹ ਰੱਖ ਕੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਨੂੰ ਸ਼ਰਧਾਂਜ਼ਲੀ ਭੇਂਟ ਕੀਤੀ।
ਸੰਗਰੂਰ ਵਾਸੀਆਂ ਦੇ ਨਾਂ ਆਪਣਾ ਸੰਦੇਸ਼ ਸਾਂਝਾ ਕਰਦਿਆਂ ਕੈਬਨਿਟ ਮੰਤਰੀ ਸਿੰਗਲਾ ਨੇ ਪੰਜਾਬ ਸਰਕਾਰ ਵੱਲੋਂ ਸਰਵਪੱਖੀ ਵਿਕਾਸ ਲਈ ਕਰਵਾਏ ਜਾ ਰਹੇ ਕੰਮਾਂ ਬਾਰੇ ਵਿਸਥਾਰ ਵਿੱਚ ਦੱਸਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਸੋਚ ਤੇ ਉਨ੍ਹਾਂ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਿੱਖਿਆ ਦੇ ਖੇਤਰ ’ਚ ਦੇਸ਼ ਭਰ ’ਚੋਂ ਮੋਹਰੀ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਪ੍ਰਬੰਧਾਂ ਵਿੱਚ ਸੁਧਾਰਾਂ ਸਦਕਾ ਜਿੱਥੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ’ਚ ਵਾਧਾ ਹੋਇਆ ਹੈ, ਉੱਥੇ ਹੀ ਪ੍ਰੀਖਿਆਵਾਂ ਦੇ ਨਤੀਜੇ ਵੀ ਬਿਹਤਰ ਹੋਏ ਹਨ। ਸਿੰਗਲਾ ਨੇ ਕੋਵਿਡ-19 ਦੌਰਾਨ ਕੰਮ ਕਰਨ ਵਾਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਵੱਲੋਂ ਇਸ ਔਖੀ ਘੜੀ ਵਿੱਚ ਮਨੁੱਖਤਾ ਦੀ ਸੇਵਾ ਲਈ ਜਾਨ ਦੀ ਪ੍ਰਵਾਹ ਨਾ ਕਰਦਿਆਂ ਆਪਣੇ ਫ਼ਰਜ਼ਾਂ ਨੂੰ ਨਿਭਾਇਆ।
ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਖੜ੍ਹਦਿਆਂ ਸਭ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਮਤਾ ਪਾਸ ਕੀਤਾ ਗਿਆ ਤੇ ਇਸ ਤੋਂ ਬਾਅਦ ਇਨ੍ਹਾਂ ਨੂੰ ਸੂਬੇ ’ਚ ਬੇਅਸਰ ਕਰਨ ਲਈ ਵਿਧਾਨ ਸਭਾ ’ਚ ਲੋੜੀਂਦੇ ਬਿੱਲ ਪਾਸ ਕੀਤੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਮਾਜਿਕ ਸਰੱਖਿਆ ਅਧੀਨ ਦਿੱਤੀਆਂ ਜਾਣ ਵਾਲੀਆਂ ਪੈਨਸ਼ਨਾਂ ਤੋਂ ਇਲਾਵਾ ਲੋੜਵੰਦ ਪਰਿਵਾਰਾਂ ਦੀਆਂ ਬੇਟੀਆਂ ਦੇ ਵਿਆਹ ਲਈ ਆਸ਼ੀਰਵਾਦ ਸਕੀਮ ਅਧੀਨ ਦਿੱਤੀ ਜਾਂਦੀ ਸ਼ਗਨ ਰਾਸ਼ੀ ਵਿੱਚ ਵੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋੜਵੰਦਾਂ ਨੂੰ ਭਲਾਈ ਸਕੀਮਾਂ ਦੇ ਲਾਭ ਅਤੇ ਸਾਰੇ ਵਿਕਾਸ ਕਾਰਜ ਬਿਨਾਂ ਕਿਸੇ ਭੇਦ ਭਾਵ ਤੋਂ ਪਾਰਦਰਸ਼ਤਾ ਦੇ ਆਧਾਰ ’ਤੇ ਕਰਵਾਏ ਜਾਂਦੇ ਹਨ।
ਵਿਜੈ ਇੰਦਰ ਸਿੰਗਲਾ ਨੇ ਜ਼ਿਲ੍ਹਾ ਸੰਗਰੂਰ ਦੇ ਕਾਇਆ ਕਲਪ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਸੰਗਰੂਰ ਵਿਖੇ ਚੱਲ ਰਿਹਾ ਟਾਟਾ ਮੈਮੋਰੀਅਲ ਕੈਂਸਰ ਹਸਪਤਾਲ ਕੈਂਸਰ ਤੋਂ ਪੀੜਤ ਮਰੀਜ਼ਾਂ ਲਈ ਵੱਡੀ ਆਸ ਦੀ ਕਿਰਨ ਹੈ ਜਿੱਥੇ ਕਿ ਕਰੀਬ 95 ਫ਼ੀਸਦੀ ਮਰੀਜ਼ਾਂ ਨੂੰ ਉਚ ਮਿਆਰ ਦਾ ਇਲਾਜ਼ ਮੁਫ਼ਤ ਉਪਲੱਬਧ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਵਾਰ ਹੀਰੋਜ਼ ਸਟੇਡੀਅਮ ਵਿਖੇ 10 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਜਾ ਚੁੱਕੀ ਹੈ ਜਿਸ ਵਿੱਚ ਅਥਲੈਟਿਕਸ, ਸਵੀਮਿੰਗ ਪੂਲ, ਇੰਨਡੋਰ ਸਪੋਰਟਸ ਕੰਪਲੈਕਸ ਬਣਾਇਆ ਗਿਆ ਹੈ। ਸਿੰਗਲਾ ਨੇ ਕਿਹਾ ਕਿ ਸੰਗਰੂਰ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਸੰਗਰੂਰ ਇੱਕ ਵਿਰਾਸਤੀ ਸ਼ਹਿਰ ਹੈ ਅਤੇ ਇਸ ਦੀ ਵਿਰਾਸਤੀ ਦਿੱਖ ਨੂੰ ਬਰਕਰਾਰ ਰੱਖਣ ਲਈ ਕਰੋੜਾਂ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੰਗਰੂਰ ਦੇ ਰਾਜ ਹਾਈ ਸਕੂਲ ਦੀ ਵਿਰਾਸਤੀ ਦਿੱਖ ਨੂੰ ਸੰਭਾਲਣ ਲਈ ਵਿਸ਼ੇਸ਼ ਯਤਨ ਕੀਤੇ ਗਏ ਅਤੇ ਹੁਣ ਸ਼ਹਿਰ ਵਿੱਚ ਵਿਰਾਸਤੀ ਗੇਟ ਬਣਾਏ ਜਾ ਰਹੇ ਹਨ। ਸਮਾਗਮ ਦੌਰਾਨ ਕੈਬਨਿਟ ਮੰਤਰੀ ਸਿੰਗਲਾ ਨੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ। ਇਸ ਮੌਕੇ ਸੰਗਰੂਰ ਜੁਡੀਸ਼ਿਰੀ ਦੇ ਜੱਜ ਸਾਹਿਬਾਨ, ਡਿਪਟੀ ਕਮਿਸ਼ਨਰ ਰਾਮਵੀਰ, ਐੱਸ. ਐੱਸ. ਪੀ. ਵਿਵੇਕ ਸ਼ੀਲ ਸੋਨੀ, ਏ. ਡੀ. ਸੀ. ਅਨਮੋਲ ਸਿੰਘ ਧਾਲੀਵਾਲ, ਏ. ਡੀ. ਸੀ. ਰਾਜਿੰਦਰ ਸਿੰਘ ਬੱਤਰਾ, ਏ. ਡੀ. ਸੀ. ਈਸ਼ਾ ਸਿੰਘਲ, ਡਾ. ਕੇ.ਜੀ. ਸਿੰਗਲਾ, ਗੁਰਤੇਜ ਸਿੰਘ ਗਰੇਵਾਲ ਚੇਅਰਮੈਨ ਲੀਗਲ ਸੈੱਲ ਹਿਊਮਨ ਰਾਈਟਸ, ਬਲਵੀਰ ਕੌਰ ਸੈਣੀ ਜਨਰਲ ਸਕੱਤਰ ਮਹਿਲਾ ਕਾਂਗਰਸ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।