ਵਿਜੇ ਕੁਮਾਰ ਜੰਜੂਆ ਨੇ ਪੰਜਾਬ ਦੇ 41ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

Wednesday, Jul 06, 2022 - 11:55 AM (IST)

ਚੰਡੀਗੜ੍ਹ (ਬਿਊਰੋ) : 1989 ਬੈਚ ਦੇ ਆਈ. ਏ. ਐਸ. ਅਧਿਕਾਰੀ ਵਿਜੇ ਕੁਮਾਰ ਜੰਜੂਆ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਦਾ ਅਹੁਦਾ ਸੰਭਾਲ ਲਿਆ। ਸ੍ਰੀ ਜੰਜੂਆ ਨੇ ਅਨਿਰੁੱਧ ਤਿਵਾੜੀ ਦੀ ਥਾਂ ਪੰਜਾਬ ਦੇ ਨਵੇਂ ਮੁੱਖ ਸਕੱਤਰ ਦਾ ਅਹੁਦਾ ਸਾਂਭਿਆ ਜਿਨ੍ਹਾਂ ਨੂੰ ਹੁਣ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ ਦਾ ਡਾਇਰੈਕਟਰ ਜਨਰਲ ਲਗਾਇਆ ਹੈ। ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਸ੍ਰੀ ਜੰਜੂਆ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪਰਸੋਨਲ ਤੇ ਵਿਜੀਲੈਂਸ ਦਾ ਵਾਧੂ ਚਾਰਜ ਵੀ ਸੰਭਾਲਣਗੇ।

PunjabKesari

ਜ਼ਿਕਰਯੋਗ ਹੈ ਕਿ ਸ੍ਰੀ ਜੰਜੂਆ ਨੇ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕੀਤਾ ਜਿਸ ਵਿੱਚ ਪੇਂਡੂ ਵਿਕਾਸ, ਉਦਯੋਗ, ਕਿਰਤ, ਪਸ਼ੂ ਪਾਲਣ ਆਦਿ ਸ਼ਾਮਲ ਹਨ। ਉਨ੍ਹਾਂ ਭਾਰਤ ਸਰਕਾਰ ਵਿਚ ਹੁੰਦਿਆਂ ਉਦਯੋਗਿਕ ਨੀਤੀ ਅਤੇ ਪ੍ਰੋਤਸਾਹਨ ਵਿਭਾਗ ਵਿੱਚ  ਡਾਇਰੈਕਟਰ (ਉਦਯੋਗ) ਵਜੋਂ ਤਿੰਨ ਸਾਲ ਲਈ ਸੇਵਾ ਨਿਭਾਈ। ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਆਪਣੇ ਕਾਰਜਕਾਲ ਦੌਰਾਨ ਸ੍ਰੀ ਜੰਜੂਆ ਨੇ ਐਨ.ਆਈ.ਸੀ. ਦੀ ਮਦਦ ਨਾਲ ਇੱਕ ਸਾਫਟਵੇਅਰ ਪੀ.ਆਰ.ਆਈ.ਐਸ.ਐਮ. (ਪ੍ਰੀਜ਼ਮ) ਤਿਆਰ ਕੀਤਾ ਅਤੇ ਪੰਜਾਬ ਵਿੱਚ ਪਹਿਲੀ ਵਾਰ ਜਾਇਦਾਦਾਂ ਦੀ ਕੰਪਿਊਟਰਾਈਜਡ ਰਜਿਸਟ੍ਰੇਸ਼ਨ ਸ਼ੁਰੂ ਕੀਤੀ। ਪੰਜਾਬ ਦੇ ਨਵੇਂ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੱਲੋਂ ਅਹੁਦਾ ਸੰਭਾਲਣ ਮੌਕੇ ਅਹੁਦਾ ਛੱਡ ਰਹੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਵੀ ਹਾਜ਼ਰ ਸਨ। 

ਇਹ ਵੀ ਪੜ੍ਹੋ : ਗੌਰਵ ਯਾਦਵ ਵੱਲੋਂ DGP ਦਾ ਅਹੁਦਾ ਸੰਭਾਲਦਿਆਂ ਹੀ ਪੰਜਾਬ ਪੁਲਸ ’ਚ ਵੱਡਾ ਫੇਰਬਦਲ, 334 ਅਫ਼ਸਰਾਂ ਦੇ ਤਬਾਦਲੇ

ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ ? ਕੁਮੈਂਟ ਕਰਕੇ ਦੱਸੋ

 


Harnek Seechewal

Content Editor

Related News