ਪੰਜਾਬ ਭਾਜਪਾ ਦੀ ਮੀਟਿੰਗ ''ਚ ਨਹੀਂ ਪਹੁੰਚੇ ਸੁਨੀਲ ਜਾਖੜ, ਵਿਜੇ ਰੁਪਾਣੀ ਨੇ ਦਿੱਤਾ ਵੱਡਾ ਬਿਆਨ
Monday, Sep 30, 2024 - 01:32 PM (IST)
ਚੰਡੀਗੜ੍ਹ (ਵੈੱਬ ਡੈਸਕ): ਬੀਤੇ ਕੁਝ ਦਿਨਾਂ ਤੋਂ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਅਸਤੀਫ਼ਾ ਦਿੱਤੇ ਜਾਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਹਾਲਾਂਕਿ ਉਨ੍ਹਾਂ ਨੇ ਆਪ ਤਾਂ ਇਸ ਬਾਰੇ ਕੋਈ ਬਿਆਨ ਨਹੀਂ ਦਿੱਤਾ, ਪਰ ਭਾਜਪਾ ਦੇ ਆਗੂਆਂ ਵੱਲੋਂ ਲਗਾਤਾਰ ਇਸ ਖ਼ਬਰ ਦਾ ਖੰਡਨ ਕੀਤਾ ਜਾ ਰਿਹਾ ਹੈ। ਇਸ ਵਿਚਾਲੇ ਅੱਜ ਪੰਜਾਬ ਭਾਜਪਾ ਅਹਿਮ ਮੀਟਿੰਗ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ, ਜਿਸ ਵਿਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਦੇ ਇੰਚਾਰਜ ਵਿਜੇ ਰੁਪਾਣੀ ਉਚੇਚੇ ਤੌਰ 'ਤੇ ਪਹੁੰਚੇ ਹਨ। ਪਰ ਸੁਨੀਲ ਜਾਖੜ ਇਸ ਮੀਟਿੰਗ ਵਿਚ ਵੀ ਸ਼ਾਮਲ ਨਹੀਂ ਹੋ ਰਹੇ।
ਇਹ ਖ਼ਬਰ ਵੀ ਪੜ੍ਹੋ - DGP ਨੇ ਥਾਪੜੀ ਪੰਜਾਬ ਪੁਲਸ ਦੇ 7 ਅਫ਼ਸਰਾਂ ਤੇ ਮੁਲਾਜ਼ਮਾਂ ਦੀ ਪਿੱਠ, ਆਖ਼ੀ ਵੱਡੀ ਗੱਲ
ਵਿਜੇ ਰੁਪਾਣੀ ਨੇ ਕਿਹਾ ਹੈ ਕਿ ਸੁਨੀਲ ਜਾਖੜ ਇਸ ਵੇਲੇ ਨਿੱਜੀ ਕੰਮ ਲਈ ਦਿੱਲੀ ਵਿਚ ਮੌਜੂਦ ਹਨ ਤੇ ਉਹ ਇਸ ਮੀਟਿੰਗ ਵਿਚ ਹਿੱਸਾ ਨਹੀਂ ਲੈਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਸਾਫ਼ ਕੀਤਾ ਹੈ ਕਿ ਸੁਨੀਲ ਜਾਖੜ ਨੇ ਕੋਈ ਅਸਤੀਫ਼ਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਅਜੇ ਸੁਨੀਲ ਜਾਖੜ ਹੀ ਸਾਡੇ ਸੂਬੇ ਦੇ ਪ੍ਰਧਾਨ ਹਨ ਤੇ ਅਸੀਂ ਸਾਰੇ ਉਨ੍ਹਾਂ ਦੀ ਅਗਵਾਈ ਵਿਚ ਕੰਮ ਕਰ ਰਹੇ ਹਾਂ। ਉਨ੍ਹਾਂ ਦੇ ਅਸਤੀਫ਼ੇ ਦੀਆਂ ਖ਼ਬਰਾਂ ਮਹਿਜ਼ ਅਫ਼ਵਾਹਾਂ ਹਨ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਸਾਡੇ ਸੰਪਰਕ ਵਿਚ ਹਨ ਤੇ ਉਹ 3-4 ਦਿਨ ਬਾਅਦ ਵਾਪਸ ਆਉਣਗੇ। ਉਹ ਭਵਿੱਖ ਵਿਚ ਹੋਣ ਵਾਲੀਆਂ ਮੀਟਿੰਗਾਂ ਵਿਚ ਜ਼ਰੂਰ ਹਿੱਸਾ ਲੈਣਗੇ।
ਇਹ ਖ਼ਬਰ ਵੀ ਪੜ੍ਹੋ - ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ! ਪੈ ਗਈਆਂ ਭਾਜੜਾਂ
ਵਿਜੇ ਰੁਪਾਣੀ ਨੇ ਕਿਹਾ ਕਿ ਅੱਜ ਦੀ ਮੀਟਿੰਗ ਪੰਚਾਇਤੀ ਚੋਣਾਂ ਤੇ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਹੈ। ਇਸ ਦੇ ਨਾਲ ਹੀ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਬਾਰੇ ਵੀ ਚਰਚਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਨੂੰ ਦੇਸ਼ ਭਰ ਵਿਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇੱਥੇ ਦੱਸ ਦਈਏ ਕਿ ਸੁਨੀਲ ਜਾਖੜ ਇਸ ਤੋਂ ਪਹਿਲਾਂ ਵਿਜੇ ਰੁਪਾਣੀ ਵੱਲੋਂ ਬਠਿੰਡਾ ਵਿਚ ਜ਼ਿਮਨੀ ਚੋਣਾਂ ਅਤੇ ਪੰਚਾਇਤੀ ਚੋਣਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕੀਤੀ ਗਈ ਸੀ, ਪਰ ਇਸ ਵਿਚੋਂ ਵੀ ਸੂਬਾ ਪ੍ਰਧਾਨ ਗੈਰ-ਹਾਜ਼ਰ ਰਹੇ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8