ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ ''ਵਾਰਿਸ ਪੰਜਾਬ ਦੇ'' ਨੂੰ ਲੈ ਕੇ ਕਰ ''ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
Friday, Sep 18, 2026 - 11:14 AM (IST)
ਕੋਟਕਪੂਰਾ (ਨਰਿੰਦਰ) : ਨੇੜਲੇ ਪਿੰਡ ਹਰੀਨੌਂ ’ਚ ਨੌਜਵਾਨ ਗੁਰਪ੍ਰੀਤ ਸਿੰਘ ਦੇ ਕਤਲ ਮਾਮਲੇ ਨੂੰ ਲੈ ਕੇ ਪਿੰਡ ਵਾਸੀਆਂ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਨਾਲ ਸਬੰਧਤ ਅਕਾਲੀ ਦਲ ਵਾਰਿਸ ਪੰਜਾਬ ਦੇ ਦੀਆਂ ਸਿਆਸੀ ਗਤੀਵਿਧੀਆਂ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਗੁਰਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ, ਵੱਖ-ਵੱਖ ਜਥੇਬੰਦੀਆਂ ਅਤੇ ਪੰਚਾਇਤ ਨੁਮਾਇੰਦਿਆਂ ਦੀ ਇਕ ਮੀਟਿੰਗ ਹੋਈ, ਜਿਸ ਵਿਚ ਸਰਬਸੰਮਤੀ ਨਾਲ ਇਹ ਫੈਸਲਾ ਲਿਆ ਗਿਆ। ਮੀਟਿੰਗ ਦੌਰਾਨ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਪਿਤਾ ਹਾਕਮ ਸਿੰਘ, ਕਿਸਾਨ ਆਗੂ ਹਰਜਿੰਦਰ ਸਿੰਘ, ਸਾਬਕਾ ਸਰਪੰਚ ਕੁਲਦੀਪ ਸਿੰਘ ਅਤੇ ਪਾਲਾ ਸਿੰਘ ਸਮੇਤ ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਗੁਰਪ੍ਰੀਤ ਸਿੰਘ ਦੇ ਕਤਲ ਮਾਮਲੇ ’ਚ ਅੰਮ੍ਰਿਤਪਾਲ ਸਿੰਘ ਖਾਲਸਾ ਦਾ ਨਾਂ ਜਾਂਚ ਦੌਰਾਨ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ : ਪੰਜਾਬ : ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ, ਦਰਖਾਸਤਾਂ ਦੀ ਪੜਤਾਲ ਹੋਈ ਸ਼ੁਰੂ
ਉਨ੍ਹਾਂ ਕਿਹਾ ਕਿ ਪੁਲਸ ਦੀ ਜਾਂਚ ਅਤੇ ਚਾਰਜਸ਼ੀਟ ਨਾਲ ਸਬੰਧਤ ਰਿਪੋਰਟਾਂ ’ਚ ਵੀ ਅੰਮ੍ਰਿਤਪਾਲ ਸਿੰਘ ਨੂੰ ਇਸ ਮਾਮਲੇ ’ਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆ ਚੁੱਕੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਅਜਿਹੇ ਹਾਲਾਤ ’ਚ ਉਹ ਇਸ ਪਾਰਟੀ ਨੂੰ ਆਪਣੇ ਪਿੰਡ ’ਚ ਸਿਆਸੀ ਸਮਰਥਨ ਨਹੀਂ ਦੇਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸਿਰਫ਼ ਪਾਰਟੀ ਦਾ ਬਾਈਕਾਟ ਹੀ ਨਹੀਂ ਕੀਤਾ ਜਾਵੇਗਾ, ਸਗੋਂ ਪਿੰਡ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਕਿਸੇ ਵੀ ਸਿਆਸੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪਿੰਡ ’ਚ ਪਾਰਟੀ ਵੱਲੋਂ ਪੋਸਟਰ ਵੀ ਲਗਾਏ ਗਏ ਸਨ, ਜਿਨ੍ਹਾਂ ਨੂੰ ਹੁਣ ਹਟਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਪਿੰਡ ਵਿਚ ਇਸ ਤਰ੍ਹਾਂ ਦੀ ਪੋਸਟਰਬਾਜ਼ੀ ਜਾਂ ਹੋਰ ਸਿਆਸੀ ਗਤੀਵਿਧੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਵਿਅਕਤੀ ਦੇ ਚੋਣ ਲੜਨ ਜਾਂ ਸਿਆਸੀ ਗਤੀਵਿਧੀਆਂ ਕਰਨ ’ਤੇ ਇਤਰਾਜ਼ ਨਹੀਂ ਹੈ ਪਰ ਗੁਰਪ੍ਰੀਤ ਸਿੰਘ ਕਤਲ ਮਾਮਲੇ ਨਾਲ ਜੁੜੇ ਵਿਵਾਦ ਦੇ ਚੱਲਦਿਆਂ ਉਹ ਆਪਣੇ ਪਿੰਡ ’ਚ ਇਸ ਪਾਰਟੀ ਦੀਆਂ ਗਤੀਵਿਧੀਆਂ ਨਹੀਂ ਹੋਣ ਦੇਣਗੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਸਣੇ 3 ਅਫਸਰਾਂ ਦਾ ਤਬਾਦਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
