ਪੰਜਾਬ ਦੇ ਪਿੰਡਾਂ ਨੂੰ ਸ਼ਹਿਰੀ ਪੱਧਰ ਦੀਆਂ ਸਹੂਲਤਾਂ ਦੇਣਾ ਭਗਵੰਤ ਮਾਨ ਸਰਕਾਰ ਦੀ ਤਰਜੀਹ : ਕੁਲਦੀਪ ਧਾਲੀਵਾਲ

Thursday, Dec 01, 2022 - 06:25 PM (IST)

ਪੰਜਾਬ ਦੇ ਪਿੰਡਾਂ ਨੂੰ ਸ਼ਹਿਰੀ ਪੱਧਰ ਦੀਆਂ ਸਹੂਲਤਾਂ ਦੇਣਾ ਭਗਵੰਤ ਮਾਨ ਸਰਕਾਰ ਦੀ ਤਰਜੀਹ : ਕੁਲਦੀਪ ਧਾਲੀਵਾਲ

ਚੰਡੀਗੜ੍ਹ (ਬਿਊਰੋ) : ‘‘ਪੰਜਾਬ ਦੇ ਪਿੰਡਾਂ ਨੂੰ ਸ਼ਹਿਰੀ ਪੱਧਰ ਦੀਆਂ ਸਹੂਲਤਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਜੀਹ ਹੈ ਅਤੇ ਸੂਬੇ ਦੇ ਪੰਚ/ਸਰਪੰਚ ਅਤੇ ਪਿੰਡ ਵਾਸੀ ਰਾਜਨੀਤੀ ਅਤੇ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਪਿੰਡ ਦਾ ਵਿਕਾਸ ਕਰਨਾ ਯਕੀਨੀ ਬਣਾਉਣ।’’ ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਵਿਕਾਸ ਭਵਨ ਐੱਸ. ਏ. ਐੱਸ. ਨਗਰ ਵਿਖੇ ਇੱਥੇ ਸਾਉਣੀ ਦੇ ਆਮ ਇਜਲਾਸ ਅਤੇ ਪੰਚਾਇਤੀ ਰਾਜ ਦੇ ਚੁਣੇ ਹੋਏ ਨੁਮਾਇੰਦਿਆਂ ਲਈ ਵਿਸ਼ੇਸ਼ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਧਾਲੀਵਾਲ ਨੇ ਗਰਾਮ ਸਭਾ ਦੇ ਸਾਉਣੀ ਆਮ ਇਜਲਾਸ ਤਹਿਤ ‘ਮੇਰਾ ਪਿੰਡ ਮੇਰੀ ਰੂਹ’ ਮੁਹਿੰਮ ਦਾ ਆਗ਼ਾਜ਼ ਕਰਦਿਆਂ ਕਿਹਾ ਕਿ ਪਿੰਡ ਵਾਸੀ ਤੇ ਚੁਣੇ ਹੋਏ ਨੁਮਾਇੰਦੇ ਇਹ ਖੁਦ ਤੈਅ ਕਰਨ ਕਿ ਉਨ੍ਹਾਂ ਨੇ ਆਪਣੇ ਪਿੰਡ ’ਚ ਕੀ-ਕੀ ਵਿਕਾਸ ਕਰਨਾ ਹੈ ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਸਰਕਾਰੀ ਸਕੂਲਾਂ ਦੇ ਨਾਵਾਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਰੀ ਕੀਤੇ ਨਵੇਂ ਹੁਕਮ

ਉਨ੍ਹਾਂ ਦੱਸਿਆ ਕਿ ਆਮ ਇਜਲਾਸ ਇਕ ਵਰ੍ਹੇ ਵਿਚ ਦੋ ਵਾਰ ਹਾੜ੍ਹੀ (ਜੂਨ) ਅਤੇ ਸਾਉਣੀ (ਦਸੰਬਰ) ਵਿਚ ਕਰਵਾਇਆ ਜਾਣਾ ਜ਼ਰੂਰੀ ਹੈ, ਜਿਸ ’ਚ ਗਰਾਮ ਸਭਾ ਆਪਣੀ ਗਰਾਮ ਪੰਚਾਇਤ ਦੀ ਅਗਲੇ ਵਿੱਤੀ ਸਾਲ ਲਈ ਆਮਦਨ ਅਤੇ ਖਰਚ ਸਬੰਧੀ ਬਜਟ ਅਨੁਮਾਨ ਅਤੇ ਅਗਲੇ ਸਾਲ ਵਿੱਤੀ ਸਾਲ ਲਈ ਵਿਕਾਸ ਪ੍ਰੋਗਰਾਮ ਦੀ ਸਾਲਾਨਾ ਯੋਜਨਾ ਪਾਸ ਕਰਦੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਵਿਭਾਗ ਇਕ ਵਿਸ਼ੇਸ਼ ਕੰਟਰੋਲ ਰੂਮ ਵੀ ਸਥਾਪਿਤ ਕਰਨ ਜਾ ਰਿਹਾ ਹੈ, ਜਿਸ ਰਾਹੀਂ ਪੰਚਾਂ/ਸਰਪੰਚਾਂ ਨੂੰ ਉਨ੍ਹਾਂ ਦੇ ਪਿੰਡ ਦੀ ਗਰਾਂਟ ਖਰਚਣ ਤੇ ਬਕਾਇਆ ਪਈ ਰਕਮ ਅਤੇ ਹੋਰ ਜਾਣਕਾਰੀਆਂ ਮੋਬਾਈਲ ਫੋਨ ਰਾਹੀਂ ਮੁਹੱਈਆ ਕਰਵਾਈਆਂ ਜਾਣਗੀਆਂ। ਧਾਲੀਵਾਲ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਆਮ ਇਜਲਾਸ ਦੀ ਮਹੱਤਤਾ ਨੂੰ ਪਿਛਲੀਆਂ ਸਰਕਾਰਾਂ ਨੇ ਨਹੀਂ ਸਮਝਿਆ ਅਤੇ ਗਰਾਮ ਸਭਾਵਾਂ ਨੂੰ ਤਬਾਹ ਕਰਨ ’ਚ ਕੋਈ ਕਸਰ ਨਹੀਂ ਛੱਡੀ । ਉਨ੍ਹਾਂ ਕਿਹਾ ਕਿ ਸਰਪੰਚ ਭਾਵੇਂ ਕਿਸੇ ਵੀ ਰਾਜਨੀਤਕ ਧਿਰ ਨਾਲ ਜੁੜਿਆ ਹੋਵੇ, ਭਗਵੰਤ ਮਾਨ ਸਰਕਾਰ ਪਿੰਡਾਂ ਦਾ ਵਿਕਾਸ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੇ ਪਿਛਲੇ ਲਗਭਗ 8 ਮਹੀਨਿਆਂ ਦੌਰਾਨ 10 ਹਜ਼ਾਰ ਏਕੜ ਤੋਂ ਵੱਧ ਪੰਚਾਇਤੀ ਜ਼ਮੀਨਾਂ ’ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਮੁਕਤ ਕਰਵਾਇਆ ਹੈ ਅਤੇ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ।

ਇਹ ਖ਼ਬਰ ਵੀ ਪੜ੍ਹੋ : ਮਾਨ ਸਰਕਾਰ ਦਾ ਸਿਹਤ ਸਹੂਲਤਾਂ ਦੇ ਖੇਤਰ 'ਚ ਵੱਡਾ ਉਪਰਾਲਾ, ਬ੍ਰੇਨ ਸਟ੍ਰੋਕ ਦੇ ਮਰੀਜ਼ਾਂ ਦਾ ਹੋਵੇਗਾ ਮੁਫ਼ਤ ਇਲਾਜ

PunjabKesari

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ ਅਤੇ ਪੰਚਾਇਤਾਂ ਵੱਲੋਂ ਖਰਚੀ ਜਾ ਰਹੀ ਰਾਸ਼ੀ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ ਪੰਚਾਇਤੀ ਰਾਜ ਦੇ ਚੁਣੇ ਹੋਏ ਨੁਮਾਇੰਦਿਆਂ, ਅਧਿਕਾਰੀਆਂ ਤੇ ਕਰਮਚਾਰੀਆਂ, ਲਾਈਨ ਵਿਭਾਗਾਂ ਦੇ ਕਰਮਚਾਰੀਆਂ, ਐੱਸ. ਐੱਚ. ਜੀ. ਦੇ ਮੈਂਬਰਾਂ, ਆਂਗਨਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਲਈ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਆਗ਼ਾਜ਼ ਵੀ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਟਿਕਾਊ ਵਿਕਾਸ ਟੀਚਿਆਂ ਨੂੰ 9 ਥੀਮੈਟਿਕ ਖੇਤਰਾਂ ’ਚ ਵੰਡ ਕੇ ਪਿੰਡਾਂ ਦੇ ਵਿਕਾਸ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ 9 ਥੀਮਾਂ ’ਚ ਗ਼ਰੀਬੀ ਮੁਕਤ ਅਤੇ ਉੱਨਤ ਆਜੀਵਿਕਾ ਵਾਲਾ ਪਿੰਡ, ਸਿਹਤਮੰਦ ਪਿੰਡ, ਬਾਲ ਮਿੱਤਰ ਪਿੰਡ, ਪਾਣੀ ਭਰਪੂਰ ਪਿੰਡ, ਸਵੱਛ ਅਤੇ ਹਰਿਆ ਭਰਿਆ ਪਿੰਡ, ਸਵੈ-ਨਿਰਭਰ ਬੁਨਿਆਦੀ ਢਾਂਚੇ ਵਾਲਾ ਪਿੰਡ, ਸਮਾਜਿਕ ਨਿਆਂ ਅਤੇ ਸਮਾਜਿਕ ਤੌਰ ’ਤੇ ਸੁਰੱਖਿਅਤ ਪਿੰਡ, ਚੰਗੇ ਪ੍ਰਸ਼ਾਸਨ ਵਾਲਾ ਪਿੰਡ ਅਤੇ ਮਹਿਲਾਵਾਂ ਦੇ ਅਨੁਕੂਲ ਪਿੰਡ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ’ਚ ਬਲਾਕ ਪੱਧਰ ’ਤੇ ਵੱਖ-ਵੱਖ ਦਿਨਾਂ ਦੌਰਾਨ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ, ਜਿਸ ’ਚ ਸਰਪੰਚਾਂ ਤੇ ਪੰਚਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ, ਵਿਕਾਸ ਲਈ ਵੱਖ-ਵੱਖ ਸਕੀਮਾਂ ਬਾਰੇ ਦੱਸਿਆ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਵਿਜੀਲੈਂਸ ਨੇ ਰਿਸ਼ਵਤ ਲੈਣ ਦੇ ਦੋਸ਼ ’ਚ ਸੇਵਾ-ਮੁਕਤ SMO ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮਾਮਲਾ ਕੀਤਾ ਦਰਜ

ਉਨ੍ਹਾਂ ਕਿਹਾ ਕਿ ਇਸ ਸਿਖਲਾਈ ਪ੍ਰੋਗਰਾਮ ਦੌਰਾਨ ਪਿੰਡਾਂ ਦੇ ਵਿਕਾਸ ਲਈ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰ ’ਚ ਜਾਣਕਾਰੀ ਦਿੱਤੀ ਜਾਵੇਗੀ, ਜਿਸ ਨਾਲ ਸਰਪੰਚ ਤੇ ਪੰਚ ਆਪਣੇ ਪਿੰਡਾਂ ’ਚ ਵਿਕਾਸ ਦੀ ਨਵੀਂ ਇਬਾਰਤ ਲਿਖ ਸਕਣਗੇ। ਇਸ ਮੌਕੇ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਗੁਰਪ੍ਰੀਤ ਸਿੰਘ ਖਹਿਰਾ, ਜੁਆਇੰਟ ਡਿਵੈੱਲਪਮੈਂਟ ਕਮਿਸ਼ਨਰ ਅਮਿਤ ਕੁਮਾਰ, ਜੁਆਇੰਟ ਡਾਇਰੈਕਟਰ ਸੰਜੀਵ ਗਰਗ, ਡਿਪਟੀ ਡਾਇਰੈਕਟਰ ਜਤਿੰਦਰ ਸਿੰਘ ਬਰਾੜ, ਐੱਸ. ਆਈ. ਡੀ. ਆਰ. ਦੇ ਸਟੇਟ ਰਿਸੋਰਸ ਪਰਸਨ ਸਿਖਲਾਈ ਗੁਰਮੇਲ ਸਿੰਘ ਢਿੱਲੋਂ ਤੋਂ ਇਲਾਵਾ ਵੱਡੀ ਗਿਣਤੀ ’ਚ ਪੰਚ ਤੇ ਸਰਪੰਚ ਹਾਜ਼ਰ ਸਨ। ਇਸ ਤੋਂ ਇਲਾਵਾ ਵੱਡੀ ਗਿਣਤੀ ’ਚ ਸੂਬੇ ਭਰ ਦੇ ਬਲਾਕਾਂ ਦੇ ਬੀ. ਡੀ. ਪੀ. ਓਜ਼, ਪੰਚਾਇਤ ਸਕੱਤਰ ਤੇ ਪੰਜਾਬ ਭਰ ਦੇ ਪੰਚ ਤੇ ਸਰਪੰਚ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਸਨ।


author

Manoj

Content Editor

Related News