ਵਿਨੀ ਮਹਾਜਨ ਵੱਲੋਂ ਕੋਰੋਨਾ ਦੀ ਸੰਭਾਵੀ ਦੂਜੀ ਲਹਿਰ ਦੇ ਟਾਕਰੇ ਲਈ ਸੂਬੇ ਦੀਆਂ ਤਿਆਰੀਆਂ ਦਾ ਜਾਇਜ਼ਾ

Saturday, Nov 21, 2020 - 09:22 PM (IST)

ਚੰਡੀਗੜ੍ਹ : ਸੂਬੇ 'ਚ ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਦੇ ਟਾਕਰੇ ਲਈ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਵੱਲੋਂ ਅੱਜ ਇਥੇ ਪ੍ਰਬੰਧਕੀ ਸਕੱਤਰਾਂ ਨੂੰ ਸਬੰਧਤ ਜ਼ਿਲਿਆਂ ਦਾ ਦੌਰਾ ਕਰਨ ਅਤੇ ਕੋਵਿਡ-19 ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਦਾ ਨਿਰਦੇਸ਼ ਦਿੱਤਾ ਤਾਂ ਜੋ ਇਸ ਮਹਾਂਮਾਰੀ ਦੀ ਸੰਭਾਵੀ ਦੂਜੀ ਲਹਿਰ ਤੋਂ ਪਹਿਲਾਂ ਮਰੀਜ਼ਾਂ ਤੇ ਉਨਾਂ ਦੇ ਸੰਪਰਕਾਂ ਦੀ ਪਛਾਣ ਤੋਂ ਇਲਾਵਾ ਕੋਵਿਡ ਟੈਸਟਿੰਗ ਦੇ ਢਾਂਚੇ ਅਤੇ ਹਸਪਤਾਲਾਂ ਵਿੱਚ ਤੀਜੇ ਪੱਧਰ ਦੀਆਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਮੁੱਖ ਸਕੱਤਰ ਨੇ ਕਿਹਾ ਕਿ ਸਾਰੇ ਸਬੰਧਤ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਕਿ ਹਰੇਕ ਕੋਵਿਡ ਮਰੀਜ਼ ਦੇ ਘੱਟੋ ਘੱਟ 15 ਸੰਪਰਕਾਂ ਦੀ ਸ਼ਨਾਖ਼ਤ ਨੂੰ ਯਕੀਨੀ ਬਣਾਇਆ ਜਾਵੇ ਅਤੇ ਉਨ੍ਹਾਂ ਦੀ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਮੁਤਾਬਕ ਜਾਂਚ ਕੀਤੀ ਜਾਵੇ।

ਸਿਹਤ ਅਤੇ ਹੋਰ ਸਾਰੇ ਸਬੰਧਤ ਵਿਭਾਗਾਂ ਨੂੰ ਇਸ ਮਹਾਂਮਾਰੀ ਦੀ ਸੰਭਾਵੀ ਦੂਜੀ ਲਹਿਰ ਨਾਲ ਨਜਿੱਠਣ ਲਈ ਤਿਆਰ ਰਹਿਣ ਦਾ ਨਿਰਦੇਸ਼ ਦਿੰਦਿਆਂ ਸ਼੍ਰੀਮਤੀ ਵਿਨੀ ਮਹਾਜਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਦੀ ਵੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਖਤੀ ਨਾਲ ਸੁਰੱਖਿਆ ਨਿਯਮਾਂ ਦੀ ਪਾਲਣ ਕਰਦਿਆਂ ਬਿਮਾਰੀ ਖ਼ਿਲਾਫ਼ ਲੜਾਈ ਵਿੱਚ ਸਰਗਰਮੀ ਨਾਲ ਹਿੱਸਾ ਲੈਣ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਕੋਵਿਡ ਦੀ ਵੈਕਸੀਨ ਨਹੀਂ ਆ ਜਾਂਦੀ ਉਦੋਂ ਤੱਕ ਮਿਸ਼ਨ ਫਤਹਿ ਦੇ ਮੰਤਰ 'ਮਾਸਕ ਹੀ ਵੈਕਸੀਨ ਹੈ' ਉਤੇ ਪਹਿਰਾ ਦਿੱਤਾ ਜਾਵੇ।

ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਪੁਲੀਸ ਕੋਰੋਨਾ ਵਾਇਰਸ ਖ਼ਿਲਾਫ਼ ਲੜਾਈ ਵਿੱਚ ਭਵਿੱਖ ਵਿੱਚ ਵੀ ਮੋਹਰੀ ਭੂਮਿਕਾ ਨਿਭਾਉਂਦੀ ਰਹੇਗੀ। ਉਨਾਂ ਕਿਹਾ ਕਿ ਪੁਲੀਸ ਕੋਵਿਡ-19 ਸੁਰੱਖਿਆ ਨਿਯਮਾਂ ਨੂੰ ਲਾਗੂ ਕਰਨ ਵਿੱਚ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰੇਗੀ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ ਨੇ ਕੋਰੋਨਾ ਵਾਇਰਸ ਦੀ ਸੰਭਾਵਤ ਦੂਜੀ ਲਹਿਰ ਦੇ ਟਾਕਰੇ ਲਈ ਪੂਰੀ ਤਿਆਰੀ ਹੋਣ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਮੁੱਖ ਸਕੱਤਰ ਨੇ ਕੋਵਿਡ ਦੇ ਨਵੇਂ ਮਾਮਲਿਆਂ ਵਿੱਚ ਵਾਧੇ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰਾਂ, ਪੁਲੀਸ ਕਮਿਸ਼ਨਰਾਂ, ਐਸ.ਐਸ.ਪੀਜ਼ ਅਤੇ ਮਿਊਂਸੀਪਲ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ। ਉਨਾਂ ਨੇ ਡਿਪਟੀ ਕਮਿਸ਼ਨਰਾਂ, ਐਸ.ਐਸ.ਪੀਜ਼ ਤੇ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਵੱਡੇ ਸਮਾਜਿਕ ਇਕੱਠਾਂ 'ਤੇ ਸਖਤੀ ਨਾਲ ਨਜ਼ਰ ਰੱਖਣ ਅਤੇ ਇਸ ਦੇ ਨਾਲ ਹੀ ਘਰਾਂ ਵਿੱਚ ਇਕਾਂਤਵਾਸ ਮਰੀਜ਼ਾਂ ਦੀ ਨਿਯਮਤ ਨਿਗਰਾਨੀ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਨੂੰ ਕੋਵਿਡ ਪ੍ਰੋਟੋਕਾਲਾਂ, ਖਾਸ ਤੌਰ 'ਤੇ ਹੱਥ ਧੋਣ ਅਤੇ ਮਾਸਕ ਪਹਿਨਣ ਨੂੰ ਸਖਤੀ ਨਾਲ ਲਾਗੂ ਕਰਨ ਲਈ ਸਿੱਖਿਆ ਸੰਸਥਾਵਾਂ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਇਸ ਬਿਮਾਰੀ ਖ਼ਿਲਾਫ਼ ਲੜਾਈ ਵਿੱਚ ਚੁੱਕੇ ਗਏ ਸਕਾਰਾਤਮਕ ਕਦਮਾਂ ਲਈ ਵਿਭਾਗਾਂ ਦੀ ਪ੍ਰਸੰਸਾ ਕਰਦਿਆਂ ਮੁੱਖ ਸਕੱਤਰ ਨੇ ਪੁਲੀਸ ਤੇ ਸਿਵਲ ਪ੍ਰਸ਼ਾਸਨ ਦੇ ਤਾਲਮਾਲ ਦੀ ਵੀ ਸ਼ਲਾਘਾ ਕੀਤੀ।
 


Deepak Kumar

Content Editor

Related News