ਹੈੱਡ ਕਾਂਸਟੇਬਲ ਵਿਨੋਦ ਕੁਮਾਰ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ, ਪੰਜਾਬ ਪੁਲਸ ਨੇ ਦਿੱਤੀ ਸਲਾਮੀ

Monday, Nov 16, 2026 - 08:12 PM (IST)

ਹੈੱਡ ਕਾਂਸਟੇਬਲ ਵਿਨੋਦ ਕੁਮਾਰ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ, ਪੰਜਾਬ ਪੁਲਸ ਨੇ ਦਿੱਤੀ ਸਲਾਮੀ

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ)- ਗੁਰਦਾਸਪੁਰ ਦੇ ਪਿੰਡ ਗਾਜ਼ੀਕੋਟ ਨੇੜੇ ਕ੍ਰਿਸ਼ਨਾ ਨਗਰ ਦੇ ਰਹਿਣ ਵਾਲੇ ਪੰਜਾਬ ਪੁਲਸ ਦੇ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਦਾ ਅੱਜ ਨਮ ਅੱਖਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਪੰਜਾਬ ਪੁਲਸ ਦੇ ਸਪੈਸ਼ਲ ਡੀਜੀ ਲਾਅ ਐਂਡ ਆਰਡਰ ਪ੍ਰਵੀਨ ਕੁਮਾਰ ਸਿਨਹਾ, ਆਈਜੀਪੀ ਬਾਰਡਰ ਰੇਂਜ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਐਸਐਸਪੀ ਗੁਰਦਾਸਪੁਰ ਅਦਿੱਤਿਆ ਸਮੇਤ ਪੰਜਾਬ ਪੁਲਸ ਦੇ ਕਈ ਸੀਨੀਅਰ ਅਧਿਕਾਰੀ ਮੌਜੂਦ ਰਹੇ। ਪੰਜਾਬ ਪੁਲਸ ਦੀ ਟੁਕੜੀ ਵੱਲੋਂ ਆਪਣੇ ਸਾਥੀ ਜਵਾਨ ਨੂੰ ਸਲਾਮੀ ਦੇ ਕੇ ਅੰਤਿਮ ਸ਼ਰਧਾਂਜਲੀ ਭੇਟ ਕੀਤੀ ਗਈ।

ਜ਼ਿਕਰਯੋਗ ਹੈ ਕਿ ਬੀਤੀ ਦੇਰ ਰਾਤ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਆਪਣੀ ਡਿਊਟੀ ਨਿਭਾਉਣ ਤੋਂ ਬਾਅਦ ਘਰ ਪਰਤ ਰਹੇ ਸਨ। ਜਦੋਂ ਉਹ ਗੁਰਦਾਸਪੁਰ ਬੱਸ ਸਟੈਂਡ ਤੋਂ ਆਪਣੇ ਘਰ ਵੱਲ ਜਾ ਰਹੇ ਸਨ ਤਾਂ ਰਸਤੇ ਵਿੱਚ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਉਨ੍ਹਾਂ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਸਵੇਰ ਤੋਂ ਹੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਤਲਾਂ ਦੀ ਭਾਲ ਲਈ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।

ਅੱਜ ਅੰਤਿਮ ਸੰਸਕਾਰ ਮੌਕੇ ਉਸ ਸਮੇਂ ਮਾਹੌਲ ਬੇਹੱਦ ਗਮਗੀਨ ਹੋ ਗਿਆ, ਜਦੋਂ ਸ਼ਹੀਦ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਦੇ ਪੁੱਤਰ ਨੇ ਆਪਣੇ ਪਿਤਾ ਦੀ ਚਿਖਾ ਨੂੰ ਮੁੱਖ ਅਗਨੀ ਦਿੱਤੀ। ਇਹ ਦ੍ਰਿਸ਼ ਦੇਖ ਕੇ ਉੱਥੇ ਮੌਜੂਦ ਹਰ ਵਿਅਕਤੀ ਦੀਆਂ ਅੱਖਾਂ ਨਮ ਹੋ ਗਈਆਂ। ਇਸ ਮੌਕੇ ਮ੍ਰਿਤਕ ਦੀ ਪਤਨੀ ਨੇ ਪੁਲਿਸ ਅਧਿਕਾਰੀਆਂ ਕੋਲੋਂ ਮੰਗ ਕੀਤੀ ਕਿ ਉਨ੍ਹਾਂ ਦੇ ਪਤੀ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਕਾਨੂੰਨੀ ਸਜ਼ਾ ਦਿਵਾਈ ਜਾਵੇ ਅਤੇ ਉਨ੍ਹਾਂ ਦੀ ਮੌਤ ਦਾ ਇਨਸਾਫ਼ ਦਿਵਾਇਆ ਜਾਵੇ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਪੈਸ਼ਲ ਡੀਜੀ ਲਾਅ ਐਂਡ ਆਰਡਰ ਪ੍ਰਵੀਨ ਕੁਮਾਰ ਸਿਨਹਾ ਨੇ ਕਿਹਾ ਕਿ ਪੰਜਾਬ ਪੁਲਸ ਅਤੇ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਆਪਣੇ ਸ਼ਹੀਦ ਜਵਾਨ ਦੀ ਕੁਰਬਾਨੀ ਨੂੰ ਵਿਅਰਥ ਨਹੀਂ ਜਾਣ ਦੇਵੇਗੀ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਜਲਦ ਕਾਬੂ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕਿਹਾ ਕਿ ਅਸੀਂ ਆਪਣੇ ਸ਼ਹੀਦ ਜਵਾਨ ਦਾ ਬਦਲਾ ਜ਼ਰੂਰ ਲਵਾਂਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਦਿੱਤੀ ਜਾਵੇਗੀ, ਜਦਕਿ ਐਚਡੀਐਫਸੀ ਇੰਸ਼ੋਰੈਂਸ ਵੱਲੋਂ ਵੀ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਬੀਮਾ ਰਾਸ਼ੀ ਦਿੱਤੀ ਜਾਵੇਗੀ। ਇਸ ਤਰ੍ਹਾਂ ਪਰਿਵਾਰ ਨੂੰ ਕੁੱਲ ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮਿਲੇਗੀ। ਅੱਜ ਵਿਨੋਦ ਕੁਮਾਰ ਦੇ ਅੰਤਿਮ ਸੰਸਕਾਰ ਮੌਕੇ ਜਿੱਥੇ ਪਰਿਵਾਰ ਅਤੇ ਰਿਸ਼ਤੇਦਾਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ, ਉੱਥੇ ਹੀ ਪੰਜਾਬ ਪੁਲਸ ਦੇ ਜਵਾਨਾਂ ਦੀਆਂ ਅੱਖਾਂ ਵੀ ਆਪਣੇ ਸਾਥੀ ਨੂੰ ਅੰਤਿਮ ਵਿਦਾਈ ਦਿੰਦਿਆਂ ਨਮ ਹੋ ਗਈਆਂ।
 


author

Anmol Tagra

Content Editor

Related News