ਸੰਤ ਸੀਚੇਵਾਲ ਦੇ ਸਿਆਸਤ 'ਚ ਆਉਣ ਸਬੰਧੀ ਵਾਇਰਲ ਪੋਸਟ ਦਾ ਜਾਣੋ ਸੱਚ (ਵੀਡੀਓ)
Thursday, Jul 29, 2021 - 04:59 PM (IST)
ਜਲੰਧਰ(ਬਿਊਰੋ) : ਸੋਸ਼ਲ ਮੀਡੀਆ 'ਤੇ ਕਈ ਦਿਨਾਂ ਤੋਂ ਸੰਤ ਸੀਚੇਵਾਲ ਦੇ ਸਿਆਸਤ 'ਚ ਆਉਣ ਸਬੰਧੀ ਵਾਇਰਲ ਹੋ ਰਹੀ ਇਕ ਪੋਸਟ ਦਾ ਜੁਆਬ ਦਿੰਦਿਆਂ ਸੰਤ ਸੀਚੇਵਾਲ ਨੇ ਇਸ ਪੋਸਟ ਨੂੰ ਜਾਅਲੀ ਦੱਸਿਆ ਹੈ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵੀਡੀਓ ਸੁਨੇਹਾ ਜਾਰੀ ਕਰਦਿਆਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਸਿਆਸਤ 'ਚ ਆਉਣ ਦੀਆਂ ਵਾਇਰਲ ਹੋ ਰਹੀਆਂ ਪੋਸਟਾਂ ਵਿੱਚ ਕੋਈ ਸਚਾਈ ਨਹੀਂ ਹੈ ਅਤੇ ਉਹ ਕਿਸੇ ਵੀ ਸਿਆਸੀ ਪਾਰਟੀ ਵਿੱਚ ਸ਼ਾਮਲ ਨਹੀਂ ਹੋਣਗੇ।
ਗੌਰਤਲਬ ਹੈ ਕਿ ਪਿਛਲੇ ਦਿਨੀਂ ਸੋਸ਼ਲ ਮੀਡੀਆ 'ਤੇ ਇਕ ਪੋਸਟ ਵਾਇਰਲ ਹੋ ਰਹੀ ਸੀ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਸੰਤ ਸੀਚੇਵਾਲ ਨੂੰ ਇਕ ਸਿਆਸੀ ਪਾਰਟੀ ਵੱਲੋਂ ਮੁੱਖ ਮੰਤਰੀ ਉਮੀਦਵਾਰ ਦੇ ਚਿਹਰੇ ਵਜੋਂ ਸਹਿਮਤੀ ਬਣਾਈ ਜਾ ਰਹੀ ਹੈ। ਇਸ ਪੋਸਟ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਲੋਕ ਆਪੋ-ਆਪਣੀ ਪ੍ਰਤੀਕਿਰਿਆ ਵੀ ਦੇ ਰਹੇ ਸਨ। ਇਨ੍ਹਾਂ ਖ਼ਬਰਾਂ ਦਰਮਿਆਨ ਸੰਤ ਸੀਚੇਵਾਲ ਨੇ ਅੱਜ ਇਕ ਵੀਡੀਓ ਜਾਰੀ ਕਰਕੇ ਕਿਹਾ ਕਿ ਉਹ ਆਪਣੇ ਮਿਸ਼ਨ ਵਾਤਾਵਰਣ, ਸਿਹਤ, ਸਿੱਖਿਆ ਆਦਿ ਨਾਲ ਜੁੜੇ ਹੋਏ ਹਨ ਤੇ ਇਸੇ ਨਾਲ ਜੁੜੇ ਰਹਿਣਗੇ।ਉਨ੍ਹਾਂ ਕਿਹਾ ਕਿ ਸਾਡਾ ਰਾਜਨੀਤੀ ਵਿੱਚ ਆਉਣ ਦਾ ਕੋਈ ਇਰਾਦਾ ਨਹੀਂ ਹੈ।
ਇਹ ਵੀ ਪੜ੍ਹੋ : ਮਰਯਾਦਾ ਦੀ ਉਲੰਘਣਾ ਦਾ ਮਾਮਲਾ: ਗੁਰਦੁਆਰਾ ਨਾਨਕਮਤਾ ਸਾਹਿਬ ਦੀ ਮੌਜੂਦਾ ਪ੍ਰਬੰਧਕ ਕਮੇਟੀ ਨੇ ਦਿੱਤੇ ਅਸਤੀਫ਼ੇ
ਸੰਤ ਸੀਚੇਵਾਲ ਨੇ ਕਿਹਾ ਕਿ ਰਾਜਨੀਤੀ ਵਿੱਚ ਚੰਗੇ ਬੰਦਿਆਂ ਨੂੰ ਜ਼ਰੂਰ ਅੱਗੇ ਆਉਣਾ ਚਾਹੀਦਾ ਤਾਂ ਜੋ ਸਮਾਜ ਸੁਧਾਰ ਹੋ ਸਕੇ। ਉਨ੍ਹਾਂ ਕਿਹਾ ਕਿ ਸਿਆਸੀ ਦਲਾਂ ਨੂੰ ਇਹ ਪਹਿਲਕਦਮੀ ਕਰਨੀ ਚਾਹੀਦੀ ਹੈ ਤੇ ਲੋਕਾਂ ਨੂੰ ਇਸ ਲਈ ਸਿਆਸੀ ਧਿਰਾਂ 'ਤੇ ਦਬਾਅ ਪਾਉਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੋਟਾਂ ਨੂੰ ਲੈ ਕੇ ਆਪਸ ਵਿੱਚ ਲੜੋ ਨਾ ਕਿਉਂਕਿ ਸਿਆਸੀ ਆਗੂ ਲੋਕਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਕੇ ਜਿੱਤਦੇ ਹਨ। ਲੋਕਾਂ ਨੂੰ ਚਾਹੀਦਾ ਹੈ ਕਿ ਪੰਜਾਬ ਦੇ ਮਸਲਿਆਂ ਨੂੰ ਆਧਾਰ ਬਣਾ ਕੇ ਆਪਣਾ ਆਗੂ ਚੁਣਨ।
ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ਵਿੱਚ ਜ਼ਰੂਰ ਦਿਓ