ਮਹਿਲਾ ਨੇ ਬੇਸਹਾਰਾ ਕੁੱਤੇ ਨੂੰ ਬੁਰੀ ਤਰ੍ਹਾਂ ਕੁੱਟਿਆ, ਵੀਡੀਓ ਵਾਇਰਲ ਹੋਣ ਮਗਰੋਂ ਪਰਚਾ ਦਰਜ

Tuesday, May 12, 2026 - 06:56 PM (IST)

ਮਹਿਲਾ ਨੇ ਬੇਸਹਾਰਾ ਕੁੱਤੇ ਨੂੰ ਬੁਰੀ ਤਰ੍ਹਾਂ ਕੁੱਟਿਆ, ਵੀਡੀਓ ਵਾਇਰਲ ਹੋਣ ਮਗਰੋਂ ਪਰਚਾ ਦਰਜ

ਲੁਧਿਆਣਾ (ਰਾਜ): ਮਹਾਨਗਰ ਦੇ ਮੇਹਰਬਾਨ ਇਲਾਕੇ ਵਿਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਇੱ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਸਹਾਰਾ ਕੁੱਤੇ ਨਾਲ ਬੇਰਹਿਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਗਈਆਂ। ਘਟਨਾ ਦੀਆਂ ਰੂਹ ਕੰਬਾਊ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਥਾਣਾ ਮੇਹਰਬਾਨ ਦੀ ਪੁਲਸ ਨੇ ਤੁਰੰਤ ਐਕਸ਼ਨ ਲੈਂਦੇ ਹੋਏ ਇਕ ਅਣਪਛਾਤੀ ਔਰਤ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। 

ਜਾਣਕਾਰੀ ਮੁਤਾਬਕ, ਇਹ ਖ਼ੌਫ਼ਨਾਕ ਮੰਜ਼ਰ ਐਤਵਾਰ ਸ਼ਾਮ ਕਰੀਬ 4:50 ਵਜੇ ਦੇਖਣ ਨੂੰ ਮਿਲਿਆ। ਇਲਾਕੇ ਦੇ ਹੀ ਕਿਸੇ ਸ਼ਖ਼ਸ ਨੇ ਪੂਰੀ ਘਟਨਾ ਨੂੰ ਆਪਣੇ ਕੈਮਰੇ ਵਿਚ ਕੈਦ ਕਰ ਲਿਆ। ਵਾਇਰਲ ਵੀਡੀਓ ਵਿਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇਕ ਔਰਤ ਇਕ ਬੇਸਹਾਰਾ ਕੁੱਤੇ ਨੂੰ ਡੰਡੇ ਨਾਲ ਬੇਰਹਿਮੀ ਨਾਲ ਕੁੱਟ ਰਹੀ ਹੈ। ਜਿਵੇਂ ਹੀ ਇਹ ਵੀਡੀਓ ਪੁਲਸ ਕੋਲ ਪਹੁੰਚੀ, ਮਹਿਕਮੇ ਵਿਚ ਹੜਕੰਪ ਮਚ ਗਿਆ ਅਤੇ ਪੁਲਸ ਟੀਮ ਤੁਰੰਤ ਮੌਕੇ 'ਤੇ ਮੁਸਤੈਦ ਹੋ ਗਈ। ਪੁਲਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ 'ਪ੍ਰੀਵੈਂਸ਼ਨ ਆਫ ਕਰੂਅਲਟੀ ਟੂ ਐਨੀਮਲਜ਼ ਐਕਟ' ਦੀ ਧਾਰਾ 11 ਦੇ ਤਹਿਤ ਐੱਫ.ਆਈ.ਆਰ. ਦਰਜ ਕਰ ਲਈ ਹੈ। 

ਮਾਮਲੇ ਦੀ ਤਫ਼ਤੀਸ਼ ਕਰ ਰਹੇ ਜਾਂਚ ਅਧਿਕਾਰੀ ਅਵਤਾਰ ਸਿੰਘ ਨੇ ਦੱਸਿਆ ਕਿ ਵੀਡੀਓ ਅਤੇ ਹੋਰ ਪੁਖ਼ਤਾ ਸਬੂਤਾਂ ਦੇ ਆਧਾਰ 'ਤੇ ਮੁਲਜ਼ਮ ਔਰਤ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਸ ਨੂੰ ਸਲਾਖਾਂ ਦੇ ਪਿੱਛੇ ਭੇਜਿਆ ਜਾਵੇਗਾ। ਪੁਲਸ ਅਧਿਕਾਰੀਆਂ ਨੇ ਸਖ਼ਤ ਲਹਿਜੇ ਵਿਚ ਚੇਤਾਵਨੀ ਦਿੱਤੀ ਹੈ ਕਿ ਬੇਜ਼ੁਬਾਨ ਜਾਨਵਰਾਂ ਨਾਲ ਕਰੂਰਤਾ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੁਲਸ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਤੇ ਵੀ ਪਸ਼ੂਆਂ 'ਤੇ ਅੱਤਿਆਚਾਰ ਹੁੰਦਾ ਦਿਖੇ, ਤਾਂ ਤੁਰੰਤ ਪੁਲਸ ਨੂੰ ਸੂਚਿਤ ਕਰਨ ਤਾਂ ਜੋ ਦੋਸ਼ੀਆਂ 'ਤੇ ਸ਼ਿਕੰਜਾ ਕੱਸਿਆ ਜਾ ਸਕੇ।


author

Anmol Tagra

Content Editor

Related News