ਸਿੱਧੂ ਵੱਲੋਂ ਵਿਰਾਸਤ-ਏ-ਖਾਲਸਾ ਨੂੰ ਸੈਰ-ਸਪਾਟੇ ਦੇ ਗੜ੍ਹ ਵਜੋਂ ਵਿਕਸਤ ਕਰਨ ਦਾ ਖ਼ਾਕਾ ਪੇਸ਼

07/21/2018 6:57:38 AM

ਚੰਡੀਗੜ੍ਹ (ਅਸ਼ਵਨੀ) - ਸੂਬੇ ਵਿਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਕ ਵਿਸਥਾਰਤ ਖ਼ਾਕਾ ਤਿਆਰ ਕੀਤਾ ਹੈ, ਜਿਸ ਵਿਚ ਵਿਰਾਸਤ-ਏ-ਖਾਲਸਾ ਨੂੰ ਸੈਰ ਸਪਾਟੇ ਦੇ ਗੜ੍ਹ ਵਜੋਂ ਵਿਕਸਤ ਕਰਨ ਦੇ ਨਾਲ ਹੀ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਨੂੰ ਸ਼ਾਨਦਾਰ ਬੁਨਿਆਦੀ ਢਾਂਚੇ ਅਤੇ ਸ਼ਰਧਾਲੂਆਂ ਲਈ ਬਿਹਤਰ ਸਹੂਲਤਾਂ ਨਾਲ ਲੈਸ ਕਰਨਾ ਇਕ ਅਹਿਮ ਪੱਖ ਹੈ। ਅਨੰਦਪੁਰ ਸਾਹਿਬ ਫਾਊਂਡੇਸ਼ਨ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸਿੱਧੂ ਨੇ ਕਿਹਾ ਕਿ ਕਿਉਂਕਿ ਵਿਰਾਸਤ-ਏ-ਖਾਲਸਾ ਵਿਖੇ ਦੁਨੀਅਕ ਦੇ ਕੋਨੇ-ਕੋਨੇ ਤੋਂ ਵੱਡੀ ਗਿਣਤੀ ਵਿਚ ਸੈਲਾਨੀ ਆਉਂਦੇ ਹਨ, ਇਸ ਲਈ ਹੁਣ ਢੁੱਕਵਾਂ ਸਮਾਂ ਹੈ ਕਿ ਇੱਥੇ ਬਜਟ ਹੋਟਲ, ਫੂਡ ਕੋਰਟ, ਯਾਦ ਚਿੰਨ੍ਹਾਂ ਨੂੰ ਵੇਚਣ ਵਾਲੀਆਂ ਦੁਕਾਨਾਂ ਅਤੇ ਆਰਜ਼ੀ ਟੈਂਟਾਂ ਦੀਆਂ ਰਿਹਾਇਸ਼ਾਂ ਵਰਗੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਫਾਊਂਡੇਸ਼ਨ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਇਸ ਸਬੰਧੀ ਇਮਾਰਤਸਾਜ਼ਾਂ ਤੋਂ ਵਿਸਥਾਰਤ ਯੋਜਨਾ ਤਿਆਰ ਕਰਵਾ ਲਈ ਜਾਵੇ ਤਾਂ ਜੋ ਤਕਰੀਬਨ 60 ਏਕੜ ਦੀ ਬਾਕੀ ਬਚਦੀ ਥਾਂ 'ਤੇ ਇਹ ਸਹੂਲਤਾਂ ਵਿਕਸਤ ਕੀਤੀਆਂ ਜਾ ਸਕਣ। ਉਨ੍ਹਾ ਕਿਹਾ ਕਿ ਕੇਂਦਰ ਸਰਕਾਰ ਨੇ 'ਸਵਦੇਸ਼ ਦਰਸ਼ਨ ਸਕੀਮ' ਤਹਿਤ ਸੂਬੇ ਦੀਆਂ ਇਤਿਹਾਸਕ ਤੇ ਧਾਰਮਿਕ ਮਹੱਤਤਾ ਵਾਲੀਆਂ ਥਾਵਾਂ ਦੇ ਵਿਕਾਸ ਲਈ ਪਹਿਲਾਂ ਹੀ 99 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਹੋਈ ਹੈ, ਜਿਸ ਵਿੱਚੋਂ 29 ਕਰੋੜ ਰੁਪਏ ਦੀ ਰਕਮ ਸਿਰਫ਼ ਸ੍ਰੀ ਅਨੰਦਪੁਰ ਸਾਹਿਬ ਦੇ ਸਰਵਪੱਖੀ ਵਿਕਾਸ 'ਤੇ ਖ਼ਰਚੀ ਜਾਵੇਗੀ।ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਸ੍ਰੀ ਨੈਣਾ ਦੇਵੀ ਨਾਲ ਰੋਪ ਵੇਅ ਰਾਹੀਂ ਜੋੜਨ ਦੀ ਤਜਵੀਜ਼ ਦਾ ਵੀ ਉਨ੍ਹਾਂ ਸਮਰਥਨ ਕੀਤਾ।


Related News