ਵਿਧਾਨ ਸਭਾ ’ਚ ਭਗਵੰਤ ਮਾਨ ਸਰਕਾਰ ਦੇ ਹੱਕ ’ਚ ਸਰਬਸੰਮਤੀ ਨਾਲ ਪਾਸ ਹੋਇਆ ਭਰੋਸਗੀ ਮਤਾ

Monday, Oct 03, 2022 - 08:57 PM (IST)

ਵਿਧਾਨ ਸਭਾ ’ਚ ਭਗਵੰਤ ਮਾਨ ਸਰਕਾਰ ਦੇ ਹੱਕ ’ਚ ਸਰਬਸੰਮਤੀ ਨਾਲ ਪਾਸ ਹੋਇਆ ਭਰੋਸਗੀ ਮਤਾ

 ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਨੇ ਅੱਜ ਇਜਲਾਸ ਦੌਰਾਨ ਸਰਬਸੰਮਤੀ ਨਾਲ ਸੂਬਾ ਸਰਕਾਰ ਦੇ ਹੱਕ ’ਚ ਭਰੋਸਗੀ ਮਤਾ ਪਾਸ ਕਰ ਦਿੱਤਾ। ਸਦਨ ’ਚ ਬਹਿਸ ਨੂੰ ਸਮੇਟਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਪੰਜਾਬ ’ਚ ਲੋਕਾਂ ਦੇ ਵਿਸ਼ਵਾਸ ਦੀ ਜਿੱਤ ਹੋਈ ਹੈ ਅਤੇ ਲੋਕਾਂ ਵੱਲੋਂ ਦਿੱਤੇ ਗਏ ਫਤਵੇ ਨੂੰ ਖਰੀਦਣ ਦੀਆਂ ਕੋਝੀਆਂ ਚਾਲਾਂ ਚੱਲਣ ਵਾਲੀਆਂ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਮਿਲਿਆ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ’ਚ ਭਰੋਸਗੀ ਮਤਾ ਇਹ ਦੱਸਣ ਲਈ ਲਿਆਂਦਾ ਗਿਆ ਸੀ ਕਿ ਸੂਬਾ ਸਰਕਾਰ ਵਿਚ ਲੋਕਾਂ ਦਾ ਪੂਰਨ ਵਿਸ਼ਵਾਸ ਹੈ। ਉਨ੍ਹਾਂ ਕਿਹਾ ਕਿ ਇਸ ਮਤੇ ਦੇ ਪਾਸ ਹੋਣ ਨਾਲ ਇਹ ਸਾਬਤ ਹੋ ਗਿਆ ਹੈ ਕਿ ਦੇਸ਼ ਦੀ ਜਮਹੂਰੀਅਤ ਨੂੰ ਪੈਸੇ ਜਾਂ ਧੌਂਸ ਨਾਲ ਖਰੀਦਿਆ ਨਹੀਂ ਜਾ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਇਸ ਇਤਿਹਾਸਕ ਫਤਵੇ ਨਾਲ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਹੋਰ ਵੀ ਤਨਦੇਹੀ ਨਾਲ ਉਪਰਾਲੇ ਕਰੇਗੀ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ : ਜੇਲ੍ਹ ’ਚ ਬੰਦ ਪ੍ਰਿਯਵਰਤ ਫ਼ੌਜੀ ਸਣੇ ਇਨ੍ਹਾਂ ਗੈਂਗਸਟਰਾਂ ਨੂੰ ਲੈ ਕੇ ਹਰਜੋਤ ਬੈਂਸ ਨੇ ਆਖੀ ਵੱਡੀ 

ਦੇਸ਼ ’ਚ ਲੋਕਤੰਤਰ ਦਾ ਕਤਲ ਕਰਨ ਦੀਆਂ ਘੜੀਆਂ ਜਾ ਰਹੀਆਂ ਸਾਜ਼ਿਸ਼ਾਂ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਲਈ ਵੱਡਾ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਹਮੇਸ਼ਾ ਜਮਹੂਰੀ ਕਦਰਾਂ-ਕੀਮਤਾਂ ਨੂੰ ਕਾਇਮ ਰੱਖਿਆ ਪਰ ਹੁਣ ਕਾਂਗਰਸ ਅਤੇ ਭਾਜਪਾ ਪਿਛਲੇ ਦਰਵਾਜ਼ੇ ਰਾਹੀਂ ਸੱਤਾ ਹਥਿਆ ਕੇ ਜਮਹੂਰੀ ਕਦਰਾਂ-ਕੀਮਤਾਂ ਦਾ ਘਾਣ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸਰਮਾਏਦਾਰਾਂ ਤੇ ਤਾਕਤਵਰ ਲੋਕਾਂ ਨੇ ਜਮਹੂਰੀਅਤ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ’ਚ ਭਰੋਸੇ ਦਾ ਮਤਾ ਇਸ ਲਈ ਜ਼ਰੂਰੀ ਹੋ ਗਿਆ ਸੀ ਕਿਉਂਕਿ ਸੂਬੇ ’ਚ ਜਮਹੂਰੀ ਢੰਗ ਨਾਲ ਚੁਣੀ ਗਈ ਸਰਕਾਰ ਨੂੰ ਡੇਗਣ ਲਈ ਦੋਵਾਂ ਪਾਰਟੀਆਂ ਨੇ ਆਪਸ ਵਿਚ ਗੰਢਤੁੱਪ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਮੁਲਕ ’ਚ ਪਿਛਲੇ ਦਰਵਾਜ਼ੇ ਰਾਹੀਂ ਸੂਬਾ ’ਚ ਸਰਕਾਰਾਂ ਬਣਾਉਣ ਦੀ ਕਲਾ ’ਚ ਮੁਹਾਰਤ ਹਾਸਲ ਕਰ ਰਹੀ ਹੈ ਅਤੇ ਬਦਕਿਸਮਤੀ ਨਾਲ ਕਾਂਗਰਸ ਇਸ ਦਾ ਸਭ ਤੋਂ ਵੱਧ ਸ਼ਿਕਾਰ ਹੋਣ ਦੇ ਬਾਵਜੂਦ ਇਸ ਦਾ ਸਮਰਥਨ ਕਰ ਰਹੀ ਹੈ। ਭਗਵੰਤ ਮਾਨ ਨੇ ਕਾਂਗਰਸੀ ਨੇਤਾਵਾਂ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ ਕਈ ਸੂਬਿਆਂ ’ਚ ਭਾਜਪਾ ਵੱਲੋਂ ਕਾਂਗਰਸ ਦੇ ਵਿਧਾਇਕ ਖਰੀਦ ਲਏ ਜਾਣ ਦੇ ਬਾਵਜੂਦ ਉਨ੍ਹਾਂ ਨੇ ਭਗਵਾ ਪਾਰਟੀ ਦੇ ਇਸ ਲੋਕਤੰਤਰ ਵਿਰੋਧੀ ਕਦਮ ਵਿਰੁੱਧ ਚੁੱਪ ਕਿਉਂ ਵੱਟੀ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ :  ਗੈਂਗਸਟਰ ਜੱਗੂ ਭਗਵਾਨਪੁਰੀਆ ਤਰਨਤਾਰਨ ਅਦਾਲਤ ’ਚ ਪੇਸ਼, 5 ਦਿਨਾ ਰਿਮਾਂਡ ’ਤੇ ਭੇਜਿਆ

ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਕਾਂਗਰਸ ਦੇਸ਼ ਭਰ ਵਿਚ ‘ਵਿਧਾਇਕ ਵਿਕਾਊ ਹਨ’ ਦੇ ਮਾਰਕੇ ਨਾਲ ਦਫ਼ਤਰ ਖੋਲ੍ਹੇਗੀ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਕਾਂਗਰਸ ਅਤੇ ਭਾਜਪਾ ਨੇ ਜਮਹੂਰੀ ਕਦਰਾਂ-ਕੀਮਤਾਂ ਦਾ ਮਜ਼ਾਕ ਉਡਾਉਣ ਲਈ ਮਿਲੀਭੁਗਤ ਕਰ ਲਈ ਹੈ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਜਮਹੂਰੀਅਤ ’ਚ ਲੋਕ ਸੁਪਰੀਮ ਹਨ ਅਤੇ ਉਹ ਇਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕਰਨਗੇ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ’ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਉਹ ਭਗਵਾ ਪਾਰਟੀ ਦੇ ਹੱਥਾਂ ਦੀ ਕਠਪੁਤਲੀ ਬਣ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਨੂੰ ਹੁਣ ਪ੍ਰਤਾਪ ਸਿੰਘ ‘ਭਾਜਪਾ’ ਵਜੋਂ ਜਾਣਿਆ ਜਾਵੇਗਾ ਕਿਉਂਕਿ ਸੂਬੇ ’ਚ ਲੋਕਤੰਤਰ ਦਾ ਘਾਣ ਕਰਨ ’ਚ ਉਨ੍ਹਾਂ ਦੀ ਸ਼ੱਕੀ ਭੂਮਿਕਾ ਦਾ ਪਰਦਾਫਾਸ਼ ਹੋ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਵੱਲੋਂ ਭਗਵਾ ਪਾਰਟੀ ਦੇ ਘਿਨੌਣੇ ਕਦਮ ਦਾ ਸਮਰਥਨ ਕਰਨਾ ਸ਼ਰਮਨਾਕ ਗੱਲ ਹੈ। ਮੁੱਖ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭ੍ਰਿਸ਼ਟਾਚਾਰੀਆਂ ਨੂੰ ਬਚਾਉਣ ਲਈ ਸਾਬਕਾ ਮੁੱਖ ਮੰਤਰੀ ਆਪਣੇ ਕੁਝ ਸਾਥੀਆਂ ਨਾਲ ਭਾਜਪਾ 'ਚ ਸ਼ਾਮਲ ਹੋਏ ਹਨ।

ਇਹ ਖ਼ਬਰ ਵੀ ਪੜ੍ਹੋ : ਪਾਕਿਸਤਾਨ ਗੁਰਦੁਆਰਿਆਂ ਨੂੰ ਫ਼ਿਲਮਾਂ ਲਈ ਸ਼ੂਟਿੰਗ ਕੇਂਦਰ ਨਾ ਬਣਨ ਦੇਵੇ : ਪ੍ਰੋ. ਸਰਚਾਂਦ ਸਿੰਘ

ਉਂਝ ਉਨ੍ਹਾਂ ਕਿਹਾ ਕਿ ਭਾਜਪਾ ਨੇ ਸਾਬਕਾ ਮੁੱਖ ਮੰਤਰੀ ਦੇ ਕੱਟੜ ਸਮਰਥਕਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਕਾਰਨ ਉਨ੍ਹਾਂ ਲਈ ਦਰਵਾਜ਼ੇ ਬੰਦ ਕਰ ਦਿੱਤੇ ਹਨ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਭਾਜਪਾ ਵਰਗੀ ਪਾਰਟੀ ਵੀ ਇਨ੍ਹਾਂ ਆਗੂਆਂ ਨੂੰ ਨਾਂਹ-ਨੁੱਕਰ ਕਰ ਰਹੀ ਹੈ ਤਾਂ ਇਸ ਦਾ ਸਹਿਜੇ ਹੀ ਪਤਾ ਲੱਗ ਜਾਂਦਾ ਹੈ ਕਿ ਇਹ ਕਿਸ ਹੱਦ ਤੱਕ ਭ੍ਰਿਸ਼ਟ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਛੇਤੀ ਤੋਂ ਛੇਤੀ ਮੁਕੰਮਲ ਕਰਨ ਲਈ ਕਿਹਾ ਹੈ ਤਾਂ ਜੋ ਦੋਸ਼ੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇ, ਭਾਵੇਂ ਉਹ ਕਿੰਨੇ ਵੀ ਰਸੂਖ਼ਦਾਰ ਕਿਉਂ ਨਾ ਹੋਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਾਨੂੰਨੀ ਪੱਧਰ 'ਤੇ ਵੀ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਾ ਜਾਵੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਹਲਵਾਰਾ ਹਵਾਈ ਅੱਡੇ ਦਾ ਨਾਂ ਮਹਾਨ ਸ਼ਹੀਦ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣ ਲਈ ਹਰ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਵਜੋਂ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਮਹਾਨ ਕੌਮੀ ਆਗੂਆਂ ਦੀ ਵਿਰਾਸਤ ਨੂੰ ਸਦਾ ਕਾਇਮ ਰੱਖਣ ਲਈ ਵਚਨਬੱਧ ਹੈ।  ਸੂਬੇ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਅਤੇ ਇਸ ਸਬੰਧੀ ਪੁਖਤਾ ਪ੍ਰਬੰਧ ਵੀ ਕੀਤੇ ਗਏ ਹਨ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਵਿਧਾਇਕ ਸ਼ੀਤਲ ਅੰਗੁਰਾਲ, ਦਿਨੇਸ਼ ਚੱਢਾ, ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਸਿੰਘ ਹੈਪੀ, ਤਰੁਨਪ੍ਰੀਤ ਸਿੰਘ ਸੌਂਧ, ਜਗਦੀਪ ਗੋਲਡੀ ਕੰਬੋਜ, ਪ੍ਰਿੰਸੀਪਲ ਬੁੱਧ ਰਾਮ, ਅੰਮ੍ਰਿਤਪਾਲ ਸਿੰਘ ਸੁਖਾਨੰਦ, ਗੁਰਦੇਵ ਸਿੰਘ ਦੇਵ ਮਾਨ, ਅਜੀਤਪਾਲ ਸਿੰਘ ਕੋਹਲੀ, ਅਮੋਲਕ ਸਿੰਘ, ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਵੀ ਮਤੇ ਦੇ ਹੱਕ ਵਿੱਚ ਬੋਲੇ।


author

Manoj

Content Editor

Related News