ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀ ਅਪਡੇਟ ਕਰਨ ਦੀ ਮੁਹਿੰਮ ਸ਼ੁਰੂ

03/23/2021 6:54:07 PM

ਚੰਡੀਗੜ੍ਹ : ਪੰਜਾਬ ਰਾਜ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਪੰਜਾਬ ਦੇ ਦਫ਼ਤਰ ਨੇ ਵੋਟਰ ਸੂਚੀ ਨੂੰ ਲਗਾਤਾਰ ਅਪਡੇਟ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਹੈ। ਭਾਰਤੀ ਚੋਣ ਕਮਿਸ਼ਨ (ਈ. ਸੀ. ਆਈ.) ਦੀ ਮੌਜੂਦਾ ਨੀਤੀ ਅਨੁਸਾਰ ਆਉਣ ਵਾਲੇ ਸਾਲ ਦੀ 1 ਜਨਵਰੀ ਨੂੰ ਯੋਗਤਾ ਲਈ ਨਿਰਧਾਰਿਤ ਮਿਤੀ ਮੰਨਦਿਆਂ ਵੋਟਰ ਸੂਚੀਆਂ ਦੀ ਸੋਧ ਕੀਤੀ ਗਈ ਹੈ ਕਿਉਂਕਿ ਸਾਰੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਹਰ ਸਾਲ ਦੇ ਆਖ਼ਰੀ ਹਿੱਸੇ ਵਿੱਚ (ਆਮ ਤੌਰ 'ਤੇ ਸਾਲ ਦੀ ਆਖਰੀ ਤਿਮਾਹੀ ਦੌਰਾਨ ) ਇਹ ਸੋਧ ਕੀਤੀ ਜਾਂਦੀ ਹੈ ਤਾਂ ਜੋ ਅਗਲੇ ਸਾਲ ਦੇ ਜਨਵਰੀ ਮਹੀਨੇ  ਦੇ ਪਹਿਲੇ ਹਫ਼ਤੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾ ਸਕੇ।

ਦੱਸਣਾ ਬਣਦਾ ਹੈ ਕਿ ਅਗਲੇ ਸਾਲ ਦੇ ਆਰੰਭ ਵਿੱਚ ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਇਸ ਲਈ ਅਪਡੇਸ਼ਨ ਦਾ ਕੰਮ ਲਗਾਤਾਰ ਪੂਰੇ ਜੋਰ-ਸ਼ੋਰ ਨਾਲ ਕੀਤਾ ਜਾ ਰਿਹਾ ਹੈ। ਵੋਟਰਾਂ ਦੀ ਯੋਜਨਾਬੱਧ ਸਿੱਖਿਆ ਅਤੇ ਚੋਣ ਭਾਗੀਦਾਰੀ (ਐਸ. ਵੀ. ਈ. ਈ. ਪੀ.) ਤਹਿਤ ਲੋਕਾਂ ਨੂੰ ਮੁਹਿੰਮ ਪ੍ਰਤੀ ਜਾਗਰੂਕ ਕਰਨ ਲਈ ਮਾਸ-ਮੀਡੀਆ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਕਰਦਿਆਂ ਇੱਕ ਵਿਆਪਕ ਜਾਗਰੂਕਤਾ ਮੁਹਿੰਮ ਉਲੀਕੀ ਜਾ ਰਹੀ ਹੈ। ਪੰਜਾਬ ਦੇ ਮੁੱਖ ਚੋਣਕਾਰ ਅਧਿਕਾਰੀ ਡਾ. ਐਸ. ਕਰੁਣਾ ਰਾਜੂ, ਆਈ. ਏ. ਐਸ. ਨੇ ਕਿਹਾ ਕਿ ਇੱਕ ਸੁਤੰਤਰ ਅਤੇ ਨਿਰਪੱਖ ਚੋਣ ਲਈ ਸਹੀ ਅਤੇ ਤਰੁਟੀ-ਮੁਕਤ ਵੋਟਰ ਸੂਚੀ ਬਹੁਤ ਜ਼ਰੂਰੀ ਹੈ।

ਉਨ੍ਹਾਂ ਪੰਜਾਬ ਦੇ ਵੋਟਰਾਂ ਅਤੇ ਚੋਣ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਯੋਗ ਨਾਗਰਿਕਾਂ ਦੀ 100 ਫ਼ੀਸਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ। ਇਸ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਵਧੀਕ ਮੁੱਖ ਚੋਣਕਾਰ ਅਧਿਕਾਰੀ ਮਾਧਵੀ ਕਟਾਰੀਆ, ਆਈ. ਏ. ਐੱਸ. ਨੇ ਕਿਹਾ ਕਿ ਵੋਟਰ ਸੂਚੀ ਵਿੱਚ ਬਣਦੇ ਸੁਧਾਰਾਂ ਲਈ ਢੁੱਕਵੇਂ ਕਦਮ ਚੁੱਕਣ ਤੋਂ ਇਲਾਵਾ ਯੋਗ ਵੋਟਰਾਂ ਦੀ 100 ਫ਼ੀਸਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਮੁਹਿੰਮਾਂ ਚਲਾਉਣ ਦੀ ਯੋਜਨਾ ਬਣਾਈ ਗਈ ਹੈ। ਮਹਾਂਮਾਰੀ ਦੀ ਸਥਿਤੀ ਦੇ ਮੱਦੇਨਜ਼ਰ ਇਹ ਮੁਹਿੰਮ ਟੈਕਨੋਲੋਜੀ ’ਤੇ ਅਧਾਰਿਤ ਹੈ, ਇਸੇ ਲਈ ਡਿਜੀਟਲ ਮੀਡੀਆ ਦੀ ਪੂਰੀ ਮਦਦ ਲਈ ਜਾ ਰਹੀ ਹੈ। ਅਜੋਕੇ ਸਮੇਂ ਵਿੱਚ ਸੋਸ਼ਲ ਮੀਡੀਆ ਬਹੁਤ ਪ੍ਰਚਲਿਤ ਹੈ ਅਤੇ ਲੋਕਾਂ ਖ਼ਾਸ ਕਰ ਨੌਜਵਾਨਾਂ ਨੂੰ ਇਸਦੀ ਚੰਗੀ ਜਾਣਕਾਰੀ ਹੈ, ਇਸ ਲਈ ਜਾਗਰੂਕਤਾ ਫੈਲਾਉਣ ਇਸ ਮਾਧਿਅਮ ਦੀ ਬਹੁਤ ਪ੍ਰਭਾਵਸ਼ਾਲੀ ਅਤੇ ਸਹਿਜ ਵਰਤੋਂ ਕੀਤੀ ਜਾਂਦੀ ਹੈ।

ਇਸ ਤੋਂ ਇਲਾਵਾ ਸ਼ਿਕਾਇਤ ਨਿਵਾਰਣ ਦੇ ਮਾਮਲੇ ਵਿੱਚ ਸੋਸ਼ਲ ਮੀਡੀਆ ਪਲੇਟਫਾਰਮ ਬਹੁਤ ਪ੍ਰਭਾਵੀ ਹਨ। ਜੇਕਰ ਕੋਈ ਸ਼ਿਕਾਇਤ ਸੋਸ਼ਲ ਮੀਡੀਆ ਰਾਹੀਂ ਪਾਈ ਜਾਂਦੀ ਹੈ ਤਾਂ ਇਹ ਮਾਮਲਾ ਤੁਰੰਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ. ਆਰ. ਓ.) ਅਤੇ ਚੋਣ ਤਹਿਸੀਲਦਾਰਾਂ ਦੇ ਵਟਸਐਪ ਗਰੁੱਪਾਂ ਵਿੱਚ ਪਹੁੰਚ ਜਾਂਦਾ ਹੈ ਅਤੇ ਸਬੰਧਿਤ ਚੋਣ ਅਧਿਕਾਰੀਆਂ ਨੂੰ ਸ਼ਿਕਾਇਤ ਦੇ ਨਿਪਟਾਰੇ ਲਈ ਨਿਰਦੇਸ਼ ਦਿੱਤੇ ਜਾਂਦੇ ਹਨ। ਨਾਗਰਿਕ ਵੋਟਰ ਸੂਚੀ ਵਿਚ ਨਾਮ ਦਰਜ ਕਰਾਉਣ, ਦਰੁੱਸਤੀ ਕਰਨ ਜਾਂ ਨਾਮ ਕਟਵਾਉਣ ਵਰਗੀਆਂ ਸੇਵਾਵਾਂ ਲੈਣ ਲਈ ਡੀ. ਸੀ. ਦਫ਼ਤਰ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰ ਵਿਖੇ ਜਾਂ ਸਬੰਧਿਤ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਨਾਲ ਸੰਪਰਕ ਕਰਕੇ ਫਾਰਮ ਭਰ ਸਕਦੇ ਹਨ। ਇਸ ਤੋਂ ਇਲਾਵਾ ਇਹ ਸੇਵਾਵਾਂ  www.voterportal.eci.gov.in ਜਾਂ ਵੋਟਰ ਹੈਲਪਲਾਈਨ ਮੋਬਾਇਲ ਐਪ ਰਾਹੀਂ ਵੀ ਪ੍ਰਾਪਤ ਕਰ ਕੀਤੀਆਂ ਜਾ ਸਕਦੀਆਂ ਹਨ।
 


Babita

Content Editor

Related News