ਪੰਜਾਬ ਭਰ ''ਚ ਭਲਕੇ ਲੱਗਣਗੇ ਵੋਟਰ ਸੂਚੀ ਸੁਧਾਈ ਕੈਂਪ

Saturday, Jun 06, 2026 - 05:38 PM (IST)

ਪੰਜਾਬ ਭਰ ''ਚ ਭਲਕੇ ਲੱਗਣਗੇ ਵੋਟਰ ਸੂਚੀ ਸੁਧਾਈ ਕੈਂਪ

ਮੋਹਾਲੀ (ਰਣਬੀਰ) : ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਵੋਟਰ ਸੂਚੀਆਂ ਦੀ ਗਹਿਰੀ ਸੁਧਾਈ ਮੁਹਿੰਮ ਤਹਿਤ ਪੰਜਾਬ ਭਰ ਦੇ ਹਰ ਪੋਲਿੰਗ ਬੂਥ 'ਤੇ ਐਤਵਾਰ 7 ਜੂਨ 2026 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲਣਗੇ। ਮੁੱਖ ਚੋਣ ਅਫ਼ਸਰ ਦਫ਼ਤਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਇਸ ਵਿਸ਼ੇਸ਼ ਕੈਂਪ ਦਾ ਮਕਸਦ ਵੋਟਰ ਸੂਚੀਆਂ ਨੂੰ ਹੋਰ ਸਹੀ ਅਤੇ ਅਪਡੇਟ ਬਣਾਉਣਾ ਹੈ। ਕੈਂਪ ਦੌਰਾਨ ਯੋਗ ਨਾਗਰਿਕ ਨਵੇਂ ਵੋਟਰ ਵਜੋਂ ਆਪਣਾ ਨਾਮ ਦਰਜ ਕਰਵਾ ਸਕਣਗੇ, ਜਦਕਿ ਮੌਜੂਦਾ ਵੋਟਰ ਆਪਣੇ ਨਾਮ, ਪਤੇ ਜਾਂ ਹੋਰ ਵੇਰਵਿਆਂ ਵਿੱਚ ਲੋੜੀਂਦੀ ਸੋਧ ਵੀ ਕਰਵਾ ਸਕਣਗੇ। ਚੋਣ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਨਜ਼ਦੀਕੀ ਪੋਲਿੰਗ ਬੂਥ 'ਤੇ ਪਹੁੰਚ ਕੇ ਵੋਟਰ ਸੂਚੀ ਵਿੱਚ ਆਪਣੀ ਜਾਣਕਾਰੀ ਦੀ ਜਾਂਚ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਗਲਤੀ ਹੋਣ ਦੀ ਸੂਰਤ ਵਿੱਚ ਉਸ ਨੂੰ ਦਰੁਸਤ ਕਰਵਾਉਣ।

ਵਿਭਾਗ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਜਿਹੜੇ ਯੋਗ ਨਾਗਰਿਕ ਹਾਲੇ ਤੱਕ ਵੋਟਰ ਸੂਚੀ ਵਿੱਚ ਦਰਜ ਨਹੀਂ ਹਨ, ਉਹ ਇਸ ਮੌਕੇ ਦਾ ਲਾਭ ਉਠਾਉਣ। ਮੁੱਖ ਚੋਣ ਅਫ਼ਸਰ, ਪੰਜਾਬ ਨੇ ਸਾਰੇ ਵੋਟਰਾਂ ਨੂੰ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਹੀ ਅਤੇ ਪੂਰੀ ਵੋਟਰ ਸੂਚੀ ਲੋਕਤੰਤਰ ਦੀ ਮਜ਼ਬੂਤੀ ਲਈ ਬਹੁਤ ਜ਼ਰੂਰੀ ਹੈ। ਚੋਣ ਵਿਭਾਗ ਵੱਲੋਂ ਲੋਕਾਂ ਨੂੰ ਕੈਂਪਾਂ ਵਿੱਚ ਸ਼ਮੂਲੀਅਤ ਕਰਕੇ ਆਪਣੇ ਵੋਟ ਦੇ ਅਧਿਕਾਰ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੱਦਾ ਦਿੱਤਾ ਗਿਆ ਹੈ।


author

Babita

Content Editor

Related News