ਤਰਨਤਾਰਨ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ, ਬੂਥਾਂ ''ਤੇ ਪਹੁੰਚਣ ਲੱਗੇ ਵੋਟਰ
Tuesday, Nov 11, 2025 - 07:05 AM (IST)
ਤਰਨਤਾਰਨ (ਰਮਨ)- ਵਿਧਾਨ ਸਭਾ ਹਲਕਾ 021-ਤਰਨ ਤਾਰਨ 'ਚ ਅੱਜ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਦੱਸ ਦੇਈਏ ਵੋਟਿੰਗ ਸਵੇਰੇ 7 ਵਜੇ ਤੋਂ 6 ਵਜੇ ਤੱਕ ਚੱਲੇਗੀ। ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਵੋਟਰ ਪੋਲਿੰਗ ਬੁਥਾਂ 'ਤੇ ਆਉਣੇ ਸ਼ੁਰੂ ਹੋ ਗਏ ਹਨ।
ਦੱਸ ਦੇਈਏ ਕਿ ਵਿਧਾਨ ਸਭਾ ਹਲਕਾ 021-ਤਰਨ ਤਾਰਨ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1,92,838 ਹੈ। ਇਸ ਵਿੱਚ 1,00,933 ਪੁਰਸ਼ ਵੋਟਰ, 91,897 ਮਹਿਲਾ ਵੋਟਰ ਅਤੇ 8 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਇਸ ਤੋਂ ਇਲਾਵਾ ਕੁੱਲ ਸਰਵਿਸ ਵੋਟਰ 1,357, ਜਦਕਿ 85 ਸਾਲ ਦੀ ਉਮਰ ਤੋਂ ਵੱਧ ਵਾਲੇ ਕੁੱਲ ਵੋਟਰਾਂ ਦੀ ਗਿਣਤੀ 1,657 ਹੈ। ਉੱਥੇ ਹੀ ਕੁੱਲ ਐਨ.ਆਰ.ਆਈ ਵੋਟਰ 306 ਅਤੇ ਦਿਵਿਆਂਗ ਵੋਟਰਾਂ ਦੀ ਕੁੱਲ ਗਿਣਤੀ 1,488 ਹੈ। ਇਸ ਦੇ ਨਾਲ ਹੀ 18 ਤੋਂ 19 ਸਾਲ ਦੀ ਉਮਰ ਵਾਲੇ ਵੋਟਰਾਂ ਦੀ ਕੁੱਲ ਗਿਣਤੀ 3,333 ਹੈ। ਜ਼ਿਮਨੀ ਚੋਣ 'ਚ ਕੁੱਲ 15 ਉਮੀਦਵਾਰ ਮੈਦਾਨ 'ਚ ਹਨ, ਜਿਨ੍ਹਾਂ 'ਚੋਂ ਚਾਰ ਰਿਵਾਇਤੀ ਪਾਰਟੀਆਂ ਦੇ ਹਨ, ਦੋ ਰਜਿਸਟਰਡ ਪਾਰਟੀਆਂ ਹਨ ਅਤੇ 9 ਆਜ਼ਾਦ ਉਮੀਦਵਾਰ ਹਨ।
ਕਿਹੜੇ ਉਮੀਦਵਾਰ ਚੋਣ ਮੈਦਾਨ 'ਚ
ਤਰਨਤਾਰਨ ਜ਼ਿਮਨੀ ਚੋਣ 'ਚ 5 ਉਮੀਦਵਾਰ ਚੋਣ ਮੈਦਾਨ ਵਿਚ ਹਨ, ਜਿਸ ਆਮ ਆਦਮੀ ਪਾਰਟੀ 'ਚ ਹਰਮੀਤ ਸਿੰਘ ਸੰਧੂ, ਕਾਂਗਰਸ 'ਚ ਕਰਨਬੀਰ ਸਿੰਘ ਬੁਰਜ, ਭਾਜਪਾ 'ਚ ਹਰਜੀਤ ਸਿੰਘ ਸੰਧੂ, ਅਕਾਲੀ ਦਲ 'ਚ ਸੁਖਵਿੰਦਰ ਕੌਰ ਰੰਧਾਵਾ ਅਤੇ ਆਜ਼ਾਰ ਉਮੀਦਵਾਰ (ਵਾਰਿਸ ਪੰਜਾਬ ਦੇ) ਮਨਦੀਪ ਸਿੰਘ ਹਨ। ਜ਼ਿਕਰਯੋਗ ਹੈ ਕਿ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਦੇ ਦੇਹਾਂਤ ਤੋਂ ਬਾਅਦ ਉਥੋਂ ਦੀ ਵਿਧਾਨ ਸਭਾ ਸੀਟ ਖ਼ਾਲੀ ਹੋ ਗਈ ਹੈ ਜਿਸ ਤੋਂ ਬਾਅਦ ਤਰਨਤਾਰਨ ਜ਼ਿਮਨੀ ਚੋਣ ਹੋ ਰਹੀ ਹੈ।
