ਬਠਿੰਡਾ ''ਚ ਵੋਟਿੰਗ ਤੋਂ ਪਹਿਲਾਂ ਮਾਹੌਲ ਤਣਾਅਪੂਰਨ, ਗੋਲੀਆਂ ਚਲਾਉਣ ਦੇ ਦੋਸ਼

Tuesday, May 26, 2026 - 09:27 AM (IST)

ਬਠਿੰਡਾ ''ਚ ਵੋਟਿੰਗ ਤੋਂ ਪਹਿਲਾਂ ਮਾਹੌਲ ਤਣਾਅਪੂਰਨ, ਗੋਲੀਆਂ ਚਲਾਉਣ ਦੇ ਦੋਸ਼

ਬਠਿੰਡਾ (ਵਿਜੇ ਵਰਮਾ) : ਬਠਿੰਡਾ ਦੇ ਵਾਰਡ ਨੰਬਰ 3 ਵਿਚ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਾਹੌਲ ਤਣਾਅਪੂਰਨ ਹੋ ਗਿਆ। ਸਵੇਰੇ ਕਰੀਬ 5 ਵਜੇ ਫਾਇਰਿੰਗ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਫੈਲ ਗਈ। ਆਜ਼ਾਦ ਉਮੀਦਵਾਰ ਨੇ ਸੱਤਾਧਾਰੀ ਪਾਰਟੀ ਨਾਲ ਸੰਬੰਧਤ ਲੋਕਾਂ 'ਤੇ ਪੈਸੇ ਵੰਡਣ ਅਤੇ ਵਿਰੋਧ ਕਰਨ 'ਤੇ ਜਾਨਲੇਵਾ ਹਮਲਾ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਦੋਸ਼ ਹਨ ਕਿ ਵਾਰਡ ਵਿਚ ਵੋਟਾਂ ਖਰੀਦਣ ਲਈ ਪੈਸੇ ਵੰਡੇ ਜਾ ਰਹੇ ਸਨ। ਇਸ ਦੌਰਾਨ ਜਦੋਂ ਆਜ਼ਾਦ ਉਮੀਦਵਾਰ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਇਸ ਦਾ ਵਿਰੋਧ ਕੀਤਾ ਤਾਂ ਮੌਕੇ 'ਤੇ ਮੌਜੂਦ ਲੋਕਾਂ ਨੇ ਫਾਇਰਿੰਗ ਕਰ ਦਿੱਤੀ। ਘਟਨਾ ਤੋਂ ਬਾਅਦ ਇਲਾਕੇ ਵਿਚ ਹੜਕੰਪ ਮਚ ਗਿਆ ਅਤੇ ਲੋਕਾਂ ਵਿਚ ਭਾਰੀ ਰੋਸ ਦੇਖਣ ਨੂੰ ਮਿਲਿਆ।

ਮਾਮਲੇ ਦੀ ਜਾਣਕਾਰੀ ਮਿਲਦੇ ਹੀ ਬਠਿੰਡਾ ਸ਼ਹਿਰੀ ਵਿਧਾਇਕ ਜਗਰੂਪ ਸਿੰਘ ਗਿੱਲ ਵੀ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਐੱਸਐੱਸਪੀ ਨਾਲ ਫੋਨ 'ਤੇ ਗੱਲ ਕਰਕੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਫਾਇਰਿੰਗ ਦੀ ਘਟਨਾ ਦੇ ਰੋਸ ਵਜੋਂ ਆਜ਼ਾਦ ਉਮੀਦਵਾਰ, ਉਨ੍ਹਾਂ ਦੇ ਸਮਰਥਕਾਂ ਅਤੇ ਇਲਾਕਾ ਨਿਵਾਸੀਆਂ ਨੇ ਧਰਨਾ ਦੇ ਕੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਸ਼ਰੇਆਮ ਗੁੰਡਾਗਰਦੀ ਕੀਤੀ ਜਾ ਰਹੀ ਹੈ ਅਤੇ ਪੈਸਿਆਂ ਦੇ ਜ਼ੋਰ 'ਤੇ ਵੋਟਾਂ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਹੋ ਰਹੀ ਹੈ। ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ, ਜਦਕਿ ਪੁਲਸ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਹੈ। ਦੂਜੇ ਪਾਸੇ ਸੱਤਾਧਿਰ ਦੇ ਆਗੂਆਂ ਨੇ ਗੋਲੀ ਚੱਲਣ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਦਾ ਆਖਣਾ ਹੈ ਕਿ ਜਾਣ ਬੁੱਝ ਕੇ ਚੋਣਾਂ ਨੂੰ ਪ੍ਰਭਾਵਤ ਕਰਨ ਦੀ ਕੋਸ਼ਿਸ਼ ਹੋ ਰਹੀ ਹੈ। ਪੁਲਸ ਜਾਂਚ ਕਰ ਰਹੀ ਹੈ। 


author

Gurminder Singh

Content Editor

Related News