ਦੋਰਾਹਾ ਤੇ ਪਾਇਲ ਦੇ ਪੋਲਿੰਗ ਬੂਥਾਂ ''ਤੇ ਪਹੁੰਚੇ SSP ਡਾ. ਦਰਪਣ ਆਹਲੂਵਾਲੀਆ
Tuesday, May 26, 2026 - 03:12 PM (IST)
ਦੋਰਾਹਾ/ਪਾਇਲ (ਵਿਨਾਇਕ): ਖੰਨਾ ਪੁਲਸ ਜ਼ਿਲ੍ਹੇ ਦੇ ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਅੱਜ ਦੋਰਾਹਾ ਅਤੇ ਪਾਇਲ ਨਗਰ ਕੌਂਸਲ ਚੋਣਾਂ ਦੌਰਾਨ ਸ਼ਾਂਤੀ, ਸੁਰੱਖਿਆ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਪੁਲਸ ਪ੍ਰਸ਼ਾਸਨ ਵੱਲੋਂ ਕੀਤੇ ਗਏ ਵਿਆਪਕ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦੋਵੇਂ ਸ਼ਹਿਰਾਂ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮੌਕੇ ‘ਤੇ ਤਾਇਨਾਤ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ।
ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਦੋਰਾਹਾ, ਪਾਇਲ, ਖੰਨਾ ਅਤੇ ਸਮਰਾਲਾ ਦੀਆਂ ਨਗਰ ਕੌਂਸਲ ਚੋਣਾਂ ਨੂੰ ਸ਼ਾਂਤਮਈ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਸ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਸੁਰੱਖਿਆ ਯੋਜਨਾ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੇ ਇਸ ਮਹੱਤਵਪੂਰਨ ਤਿਉਹਾਰ ਨੂੰ ਸਫਲ ਬਣਾਉਣ ਵਿੱਚ ਪੁਲਸ ਦੀ ਭੂਮਿਕਾ ਬਹੁਤ ਅਹਿਮ ਹੈ ਅਤੇ ਹਰ ਅਧਿਕਾਰੀ ਤੇ ਕਰਮਚਾਰੀ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਨਿਰਪੱਖਤਾ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਆਖਿਆ ਗਿਆ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੜਬੜੀ, ਕਾਨੂੰਨ-ਵਿਵਸਥਾ ਭੰਗ ਕਰਨ ਦੀ ਕੋਸ਼ਿਸ਼ ਜਾਂ ਵੋਟਿੰਗ ਪ੍ਰਕਿਰਿਆ ਵਿੱਚ ਰੁਕਾਵਟ ਪੈਦਾ ਕਰਨ ਵਾਲੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਸ ਦਾ ਮੁੱਖ ਉਦੇਸ਼ ਵੋਟਰਾਂ ਨੂੰ ਡਰ ਰਹਿਤ ਅਤੇ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਹੈ, ਤਾਂ ਜੋ ਹਰ ਵੋਟਰ ਬਿਨਾਂ ਕਿਸੇ ਦਬਾਅ ਦੇ ਆਪਣੇ ਮਤਾਧਿਕਾਰ ਦੀ ਵਰਤੋਂ ਕਰ ਸਕੇ।
ਐੱਸ.ਐੱਸ.ਪੀ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਚੋਣਾਂ ਲਈ ਜ਼ਿਲੇ ਭਰ ਵਿੱਚ ਕੁੱਲ 51 ਪੋਲਿੰਗ ਸਟੇਸ਼ਨ ਅਤੇ 184 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ। ਇਨ੍ਹਾਂ ਵਿੱਚੋਂ ਇੱਕ ਪੋਲਿੰਗ ਸਟੇਸ਼ਨ ਨੂੰ ਹਾਈਪਰ ਸੈਂਸੇਟਿਵ ਅਤੇ 16 ਪੋਲਿੰਗ ਸਟੇਸ਼ਨਾਂ ਨੂੰ ਸੈਂਸੇਟਿਵ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਥਾਵਾਂ ‘ਤੇ ਵਾਧੂ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਬਣਾਉਣ ਲਈ 750 ਪੁਲਸ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਤੈਨਾਤੀ ਕੀਤੀ ਗਈ ਹੈ। ਜ਼ਿਨ੍ਹਾਂ ਵਿੱਚ ਜ਼ਿਲਾ ਪੁਲਸ ਤੋਂ ਇਲਾਵਾ ਵਿਸ਼ੇਸ਼ ਟੀਮਾਂ ਅਤੇ ਰਿਜ਼ਰਵ ਫੋਰਸ ਵੀ ਸ਼ਾਮਲ ਹਨ। ਪੁਲਸ ਵੱਲੋਂ ਲਗਾਤਾਰ ਗਸ਼ਤ, ਨਾਕਾਬੰਦੀ ਅਤੇ ਸ਼ੱਕੀ ਗਤੀਵਿਧੀਆਂ ‘ਤੇ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਦੌਰੇ ਦੌਰਾਨ ਐੱਸ.ਐੱਸ.ਪੀ. ਨੇ ਵੱਖ-ਵੱਖ ਪੋਲਿੰਗ ਬੂਥਾਂ ‘ਤੇ ਪੁੱਜ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਡਿਊਟੀ ‘ਤੇ ਤਾਇਨਾਤ ਕਰਮਚਾਰੀਆਂ ਨੂੰ ਚੌਕਸ ਰਹਿਣ ਲਈ ਕਿਹਾ। ਉਨ੍ਹਾਂ ਲੋਕਾਂ ਤੋਂ ਵੀ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਕਿਸੇ ਤਰ੍ਹਾਂ ਦੀ ਸ਼ੱਕੀ ਗਤੀਵਿਧੀ ਨਜ਼ਰ ਆਵੇ ਤਾਂ ਉਸਦੀ ਜਾਣਕਾਰੀ ਤੁਰੰਤ ਪੁਲਸ ਨੂੰ ਦਿੱਤੀ ਜਾਵੇ, ਤਾਂ ਜੋ ਚੋਣਾਂ ਨੂੰ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
