ਉਪ ਰਾਸ਼ਟਰਪਤੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰੀ ਸਿੱਕਾ ਜਾਰੀ

Thursday, Jun 27, 2019 - 10:07 PM (IST)

ਉਪ ਰਾਸ਼ਟਰਪਤੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰੀ ਸਿੱਕਾ ਜਾਰੀ

ਜਲੰਧਰ/ਨਵੀਂ ਦਿੱਲੀ, (ਚਾਵਲਾ)–ਭਾਰਤ ਦੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੇ ਅੱਜ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰੀ ਸਿੱਕਾ ਜਾਰੀ ਕੀਤਾ। ਇਹ ਸਿੱਕਾ ਸੋਨੇ ਅਤੇ ਚਾਂਦੀ ਦੋਵੇਂ ਰੂਪਾਂ ਵਿਚ ਤਿਆਰ ਕੀਤਾ ਗਿਆ ਹੈ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਨਾਇਡੂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਭਗਤੀ ਲਹਿਰ ਦੇ ਪਹਿਲੇ ਪ੍ਰਚਾਰਕ ਸਨ ਜਿਨ੍ਹਾਂ ਨੇ ਬਰਾਬਰਤਾ ਦਾ ਸੰਦੇਸ਼ ਦਿੱਤਾ ਤੇ ਦੁਨੀਆ ਨੂੰ ਦੱਸਿਆ ਕਿ ਪਰਮਾਤਮਾ ਇਕ ਹੈ। ਉਹਨਾਂ ਕਿਹਾ ਕਿ ਉਹਨਾਂ ਦੀਆਂ ਸਿੱਖਿਆਵਾਂ ਅੱਜ ਵੀ ਵਿਸ਼ਵ ਦਾ ਮਾਰਗ ਦਰਸ਼ਨ ਕਰ ਰਹੀਆਂ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤਾ ਨਾਅਰਾ ‘ਸਬਕਾ ਸਾਥ, ਸਬਕਾ ਵਿਕਾਸ, ਸਭਕਾ ਵਿਸ਼ਵਾਸ’ ਅਸਲ ਵਿਚ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਹੀ ਉਪਜਿਆ ਹੈ।

PunjabKesari

ਉਪ ਰਾਸ਼ਟਰਪਤੀ ਨੇ ਕਿਹਾ ਕਿ ਤਿੰਨ ‘ਸ’ ਹਮੇਸ਼ਾ ਸਿੱਖੀ ਦੀ ਮਹਾਨਤਾ ਨੂੰ ਦਰਸਾਉਂਦੇ ਹਨ। ਪਹਿਲਾ ‘ਸ’ ਸਿਰਮੌਰ ਦਲੇਰੀ ਦਾ ਸੂਚਕ ਹੈ, ਦੂਜਾ ‘ਸ’ ਸੇਵਾ ਭਾਵਨਾ ਅਤੇ ਤੀਜਾ ‘ਸ’ ਸਿੱਖ ਗੁਰੂ ਸਾਹਿਬਾਨ ਤੇ ਭਾਈਚਾਰੇ ਦੇ ਮੈਂਬਰਾਂ ਵੱਲੋਂ ਦਿੱਤੀਆਂ ਸ਼ਹਾਦਤਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ. ਐੱਸ. ਜੀ. ਐੱਮ. ਸੀ.) ਵੱਲੋਂ ਕੀਤੇ ਜਾ ਰਹੇ ਯਤਨਾਂ ਅਤੇ ਰਾਜਧਾਨੀ ਵਿਚ ਆਉਂਦੇ ਧਰਨਾਕਾਰੀਆਂ ਲਈ ਲੰਗਰ ਲਗਾਉਣ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਸਾਡੇ ਜੀਵਨ ਲਈ ਬਹੁਤ ਵੱਡਾ ਤੇ ਮਹਾਨ ਮੌਕਾ ਹੈ ਜਦੋਂ ਅਸੀਂ ਗੁਰੂ ਨਾਨਕ ਦੇਵ ਜੀ ਦਾ 550ਵਾਂ ਜਨਮ ਦਿਵਸ ਮਨਾਉਣ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਾਨੂੰ ਸਾਰਿਆਂ ਨੂੰ ਆਪਣੇ ਦਿਲ ਵਿਚ ਘੱਟ ਤੋਂ ਘੱਟ ਇਕ ਸਿੱਖਿਆ ਨੂੰ ਵਸਾ ਕੇ ਮਨੁੱਖਤਾ ਦੀ ਸੇਵਾ ਕਰਨੀ ਚਾਹੀਦੀ ਹੈ ਤੇ ਇਹ ਹੀ ਇਸ ਮੌਕ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਮੌਕੇ ਡੀ. ਐੱਸ. ਜੀ. ਐੱਮ. ਸੀ. ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਤੇ ਮੈਂਬਰ ਪਾਰਲੀਮੈਂਟ ਪਰਵੇਸ਼ ਸਾਹਿਬ ਸਿੰਘ ਵਰਮਾ ਵੀ ਹਾਜ਼ਰ ਸਨ।

PunjabKesari

 


author

DILSHER

Content Editor

Related News