ਕੈਪਟਨ ਨੂੰ 6 ਸਲਾਹਕਾਰਾਂ ਦੀਆਂ ਨਿਯੁਕਤੀਆਂ ਸਬੰਧੀ ਰਾਜਪਾਲ ਵਲੋਂ ਝਟਕਾ

Wednesday, Dec 25, 2019 - 06:37 PM (IST)

ਕੈਪਟਨ ਨੂੰ 6 ਸਲਾਹਕਾਰਾਂ ਦੀਆਂ ਨਿਯੁਕਤੀਆਂ ਸਬੰਧੀ ਰਾਜਪਾਲ ਵਲੋਂ ਝਟਕਾ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੱਡਾ ਝਟਕਾ ਦਿੱਤਾ ਹੈ। ਰਾਜਪਾਲ ਵਲੋਂ 6 ਵਿਧਾਇਕਾਂ ਦੀਆਂ ਸਲਾਹਕਾਰਾਂ ਵਜੋਂ ਨਿਯੁਕਤੀਆਂ ਸਬੰਧੀ ਸੋਧ ਬਿੱਲ ਨੂੰ ਵਾਪਸ ਭੇਜ ਦਿੱਤਾ ਗਿਆ ਹੈ। ਰਾਜਪਾਲ ਵਲੋਂ ਭੇਜੇ ਗਏ ਸੋਧ ਬਿੱਲ ਸਬੰਧੀ ਪੰਜਾਬ ਸਰਕਾਰ ਵਲੋਂ 13 ਮਾਮਲਿਆਂ ਸਬੰਧੀ ਜਾਣਕਾਰੀ ਮੰਗੀ ਗਈ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਨੇ ਆਰਡੀਨੈਂਸ ਰਾਹੀਂ ਸਲਾਹਕਾਰਾਂ ਦੀਆਂ ਨਿਯੁਕਤੀਆਂ 'ਤੇ ਰਾਜਪਾਲ ਦੀ ਮੋਹਰ ਲਵਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਰਾਜਪਾਲ ਨੇ ਆਰਡੀਨੈਂਸ ਵੀ ਵਾਪਸ ਭੇਜ ਦਿੱਤਾ ਸੀ।

ਰਾਜਪਾਲ ਨੇ ਬਿੱਲ ਵਾਪਸ ਭੇਜਦਿਆਂ ਸੂਬਾ ਸਰਕਾਰ ਨੂੰ ਸਲਾਹਕਾਰਾਂ ਦੀਆਂ ਸਿਆਸੀ ਨਿਯੁਕਤੀਆਂ ਸਬੰਧੀ ਸਵਾਲ ਪੁੱਛੇ ਹਨ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਾਲ 9 ਸਤੰਬਰ ਨੂੰ 5 ਵਿਧਾਇਕਾਂ ਕੁਸ਼ਲਦੀਪ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਗਤ ਸਿੰਘ ਗਿਲਜੀਆ, ਇੰਦਰਬੀਰ ਸਿੰਘ ਬੁਲਾਰੀਆ, ਕੁਲਜੀਤ ਸਿੰਘ ਨਾਗਰਾ ਨੂੰ ਸਲਾਹਕਾਰ ਨਿਯੁਕਤ ਕੀਤਾ ਸੀ ਅਤੇ ਕੈਬਨਿਟ ਰੈਂਕ ਦਿੱਤਾ ਸੀ ਅਤੇ ਆਰਡੀਨੈਂਸ ਜਾਰੀ ਕਰਕੇ ਨਿਯੁਕਤੀਆਂ ਨੂੰ ਮਨਜ਼ੂਰੀ ਦਿਵਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਰਾਜਪਾਲ ਨੇ ਆਰਡੀਨੈਂਸ ਨੂੰ ਪ੍ਰਵਾਨਗੀ ਨਹੀਂ ਦਿੱਤੀ ਸੀ।


author

Babita

Content Editor

Related News