‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਬਣੀ ਲੋਕ ਲਹਿਰ: ਗਰਗ

Monday, Apr 21, 2025 - 11:43 PM (IST)

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਬਣੀ ਲੋਕ ਲਹਿਰ: ਗਰਗ

ਚੰਡੀਗੜ੍ਹ (ਅੰਕੁਰ) : ਬਠਿੰਡਾ ਜ਼ਿਲ੍ਹੇ ਦੇ ਗੋਨਿਆਣਾ ਬਲਾਕ ਦੀਆਂ ਪੰਚਾਇਤਾਂ ਨੇ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਸਮਰਥਨ ’ਚ ਇਤਿਹਾਸਕ ਫ਼ੈਸਲਾ ਲਿਆ ਹੈ। ਸਾਰੇ ਸਰਪੰਚਾਂ ਨੇ ਇਕ ਮਤਾ ਪਾਸ ਕੀਤਾ ਹੈ ਕਿ ਪਿੰਡਾਂ ’ਚ ਨਸ਼ਾ ਵੇਚਣ ਵਾਲਿਆਂ ਦਾ ਬਾਈਕਾਟ ਕੀਤਾ ਜਾਵੇਗਾ ਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮਾਜਿਕ ਸਹਾਇਤਾ ਨਹੀਂ ਦਿੱਤੀ ਜਾਵੇਗੀ। ਹੁਣ ਪੰਚਾਇਤਾਂ ਵੀ ਆਪਣੇ ਪੱਧਰ 'ਤੇ ਨਸ਼ਾ ਤਸਕਰਾਂ ਨੂੰ ਫੜ ਕੇ ਪੁਲਸ ਦੇ ਹਵਾਲੇ ਕਰਨਗੀਆਂ ਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ’ਚ ਮਦਦ ਕਰਨਗੀਆਂ। ਇਸ ਦੇ ਨਾਲ ਹੀ ਪੰਚਾਇਤਾਂ ਨਸ਼ਾ ਛੱਡਣ ਵਾਲਿਆਂ ਦਾ ਸਨਮਾਨ ਕਰਨਗੀਆਂ ਤੇ ਉਨ੍ਹਾਂ ਨੂੰ ਆਮ ਜ਼ਿੰਦਗੀ ’ਚ ਵਾਪਸ ਆਉਣ ਲਈ ਹਰ ਸੰਭਵ ਮਦਦ ਵੀ ਪ੍ਰਦਾਨ ਕਰਨਗੀਆਂ।

ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਤੇ ਬੁਲਾਰੇ ਨੀਲ ਗਰਗ ਨੇ ਇਸ ਪ੍ਰਸਤਾਵ ਦੀ ਸ਼ਲਾਘਾ ਕੀਤੀ ਤੇ ਸਾਰੇ ਸਰਪੰਚਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕੋਈ ਵੀ ਅੰਦੋਲਨ ਉਦੋਂ ਹੀ ਸਫਲ ਹੁੰਦਾ ਹੈ ਜਦੋਂ ਉਸ ਨੂੰ ਆਮ ਲੋਕਾਂ ਦਾ ਸਮਰਥਨ ਮਿਲਦਾ ਹੈ। ਇਸ ਲਈ ਇਹ ਫ਼ੈਸਲਾ 'ਆਪ' ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਲਈ ਬਹੁਤ ਮਹੱਤਵਪੂਰਨ ਹੈ। ਹੁਣ ਪਿੰਡਾਂ ’ਚ ਕੋਈ ਨਸ਼ਾ ਨਹੀਂ ਹੋਵੇਗਾ, ਬਦਲਾਅ ਆਵੇਗਾ ਅਤੇ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਨਸ਼ਾ ਮੁਕਤ ਹੋਣ ਤੋਂ ਬਾਅਦ ਹੀ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਹੋਵੇਗਾ ਤੇ ਸਮਾਜ ਤਰੱਕੀ ਕਰੇਗਾ। ਇਸ ਲਈ ਇਸ ਮੁਹਿੰਮ ’ਚ ਪੰਚਾਇਤਾਂ ਤੇ ਨੌਜਵਾਨਾਂ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ ਤੇ ਸਾਨੂੰ ਖ਼ੁਸ਼ੀ ਹੈ ਕਿ ਉਹ ਖ਼ੁਦ ਅੱਗੇ ਆ ਰਹੇ ਹਨ ਤੇ ਸਰਕਾਰ ਦਾ ਸਮਰਥਨ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ’ਚੋਂ ਨਸ਼ੇ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਸਰਕਾਰ ਮੰਗ ਅਤੇ ਸਪਲਾਈ ਦੋਵਾਂ ਨੂੰ ਨਿਸ਼ਾਨਾ ਬਣਾ ਕੇ 360 ਡਿਗਰੀ ਰਣਨੀਤੀ ਨਾਲ ਕੰਮ ਕਰ ਰਹੀ ਹੈ। ਪਿਛਲੇ ਦੋ ਮਹੀਨਿਆਂ ’ਚ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਹਜ਼ਾਰਾਂ ਲੋਕਾਂ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਹਜ਼ਾਰਾਂ ਕਿਲੋਗ੍ਰਾਮ ਨਸ਼ੀਲੇ ਪਦਾਰਥ, ਜ਼ਬਤ ਕੀਤੇ ਗਏ ਹਨ।

ਇਸ ਤੋਂ ਇਲਾਵਾ ਸਾਰੇ ਨਸ਼ਾ ਛੁਡਾਊ ਕੇਂਦਰਾਂ ਨੂੰ ਸੁਚਾਰੂ ਢੰਗ ਨਾਲ ਕੰਮ ਕਰਨ ਲਈ ਬਣਾਇਆ ਗਿਆ ਹੈ, ਜਿੱਥੇ ਨਸ਼ੇ ਦੀ ਲਤ ਤੋਂ ਪੀੜਤ ਲੋਕਾਂ ਦੇ ਇਲਾਜ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਪੱਧਰ 'ਤੇ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਤੇ ਜਦੋਂ ਆਮ ਲੋਕਾਂ ਦੀ ਭਾਗੀਦਾਰੀ ਇਸ ਤਰ੍ਹਾਂ ਵਧਣ ਲੱਗੇਗੀ ਤਾਂ ਇਸ ਮੁਹਿੰਮ ਨੂੰ ਬੇਮਿਸਾਲ ਸਫਲਤਾ ਮਿਲੇਗੀ ਤੇ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਸੂਬਾ ਬਣ ਜਾਵੇਗਾ।


author

Inder Prajapati

Content Editor

Related News