ਵੱਡੀ ਖ਼ਬਰ : ਚੰਡੀਗੜ੍ਹ ਦਾਖ਼ਲ ਹੋ ਰਹੇ 'ਆਪ' ਵਰਕਰਾਂ 'ਤੇ ਪਾਣੀ ਦੀਆਂ ਵਾਛੜਾਂ, ਪੁਲਸ ਨੇ ਕੀਤਾ ਲਾਠੀਚਾਰਜ (ਵੀਡੀਓ)
Friday, Mar 22, 2024 - 03:51 PM (IST)
ਮੋਹਾਲੀ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੂਰੇ ਮੋਹਾਲੀ 'ਚ ਪੰਜਾਬ ਦੀ 'ਆਪ' ਲੀਡਰਸ਼ਿਪ ਅਤੇ ਵਰਕਰਾਂ ਵਲੋਂ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਾਰਟੀ ਦੇ ਆਗੂਆਂ ਵਲੋਂ ਭਾਜਪਾ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਦੌਰਾਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਸਣੇ ਬਲਕਾਰ ਸਿੰਘ ਅਤੇ ਅਮਨ ਅਰੋੜਾ ਵੀ ਪੁੱਜੇ ਹੋਏ ਹਨ।
ਇਸ ਦੌਰਾਨ ਪੁਲਸ ਨੇ ਚੰਡੀਗੜ੍ਹ ਵੱਲ ਦਾਖ਼ਲ ਹੋਣ 'ਤੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ ਤਾਂ ਉਨ੍ਹਾਂ 'ਤੇ ਪਾਣੀ ਦੀਆਂ ਵਾਛੜਾਂ ਕੀਤੀਆਂ ਗਈਆਂ। ਪੁਲਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਪਿੱਛੇ ਖਦੇੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਵਰਕਰਾਂ ਵਲੋਂ ਲਗਾਤਾਰ ਅੱਗੇ ਲੰਘਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਪੁਲਸ ਨੂੰ ਲਾਠੀਚਾਰਜ ਵੀ ਕਰਨਾ ਪਿਆ। ਪਾਰਟੀ ਵਰਕਰਾਂ ਵਲੋਂ ਮੋਹਾਲੀ ਤੋਂ ਗਵਰਨਰ ਹਾਊਸ ਤੱਕ ਰੋਸ ਪ੍ਰਦਰਸ਼ਨ ਕੀਤਾ ਜਾਣਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਦਾ ਸਮਾਂ 1 ਅਪ੍ਰੈਲ ਤੋਂ ਬਦਲਿਆ, ਜਾਣੋ ਕੀ ਹੈ ਨਵੀਂ Timing
ਆਗੂਆਂ ਨੇ ਕਿਹਾ ਕਿ ਕੇਜਰੀਵਾਲ ਇਕਲੌਤੇ ਅਜਿਹੇ ਆਗੂ ਹਨ, ਜਿਹੜੇ ਹਰ ਗੱਲ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਘੇਰਦੇ ਹਨ ਅਤੇ ਇਸੇ ਲਈ ਉਨ੍ਹਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਨੂੰ ਬਚਾਉਣ ਲਈ ਬਹੁਤ ਕੁੱਝ ਕਰਨਾ ਪੈਂਦਾ ਹੈ ਅਤੇ ਲੋਕ ਹੀ ਸਭ ਕੁੱਝ ਬਦਲਣਗੇ। ਆਗੂਆਂ ਨੇ ਕਿਹਾ ਕਿ ਅਸੀਂ ਕੇਜਰੀਵਾਲ ਸਾਹਿਬ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰ ਰਹੇ ਹਾਂ। ਪ੍ਰਦਰਸ਼ਨ ਕਰ ਰਹੇ ਪਾਰਟੀ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਜਨਤਾ ਪ੍ਰਧਾਨ ਮੰਤਰੀ ਮੋਦੀ ਨੂੰ ਇਸ ਦਾ ਜਵਾਬ ਦੇਵੇਗੀ।
ਜਾਣੋ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ ਬੀਤੀ ਦੇਰ ਰਾਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਈ. ਡੀ. ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਉਸ ਸਮੇਂ ਉਨ੍ਹਾਂ ਦੇ ਘਰ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ ਸੀ ਅਤੇ ਉਨ੍ਹਾਂ ਦੇ ਫ਼ੋਨ ਤੱਕ ਜ਼ਬਤ ਕਰ ਲਏ ਗਏ ਸਨ। ਇਸ ਤੋਂ ਬਾਅਦ ਕਰੀਬ 2 ਘੰਟੇ ਜਾਂਚ-ਪੜਤਾਲ ਕਰਨ ਤੋਂ ਬਾਅਦ ਈ. ਡੀ. ਨੇ ਸ਼ਰਾਬ ਘਪਲੇ ਅਤੇ ਮਨੀ ਲਾਂਡਰਿੰਗ ਦੇ ਮਾਮਲੇ 'ਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8