ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੁਪਰੀਡੈਂਟ ਰਿਸ਼ਵਤ ਲੈਂਦਾ ਕਾਬੂ

09/11/2019 9:12:17 PM

ਬਠਿੰਡਾ,(ਵਰਮਾ): ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ-3, ਬਠਿੰਡਾ ਵਿਖੇ ਤਾਇਨਾਤ ਸੁਪਰਡੈਂਟ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ। ਅੱਜ ਇਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੁਪਰਡੈਂਟ ਉਮੇਸ਼ ਕੁਮਾਰ ਨੂੰ ਲਖਵੀਰ ਸਿੰਘ ਵਾਸੀ ਸਾਦਿਕ ਰੋਡ, ਫਰੀਦਕੋਟ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਉਸ ਵੱਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ-3, ਬਠਿੰਡਾ ਵਿਖੇ 9 ਮੋਬਾਇਲ ਵਾਟਰ ਟੈਂਕਰ ਸਪਲਾਈ ਕੀਤੇ ਗਏ ਸਨ। ਇਨ੍ਹਾਂ ਟੈਂਕਰਾਂ ਦੇ ਬਿੱਲ (12,13,200 ਰੁਪਏ) ਦੀ ਅਦਾਇਗੀ ਕਰਨ ਬਦਲੇ ਉਮੇਸ਼ ਕੁਮਾਰ ਸੁਪਰਡੈਂਟ ਵੱਲੋਂ 35,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਤੇ ਸੌਦਾ 30,000 ਰੁਪਏ 'ਚ ਤੈਅ ਹੋ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸੁਪਰਡੈਂਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਗਿਆ। ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਬਠਿੰਡਾ ਸਥਿਤ ਵਿਜੀਲੈਂਸ ਬਿਊਰੋ ਦੇ ਥਾਣੇ 'ਚ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।