ਅਸੀਂ ਕਿਸਾਨਾਂ ਦੇ ਨਾਲ ਪਰ ਇਸ ਮਹਾਮਾਰੀ ’ਚ ਮਨੁੱਖੀ ਜਾਨਾਂ ਬਚਾਉਣਾ ਸਾਡਾ ਪਹਿਲਾ ਧਰਮ : ਕੈਪਟਨ

Saturday, May 08, 2021 - 08:23 PM (IST)

ਅਸੀਂ ਕਿਸਾਨਾਂ ਦੇ ਨਾਲ ਪਰ ਇਸ ਮਹਾਮਾਰੀ ’ਚ ਮਨੁੱਖੀ ਜਾਨਾਂ ਬਚਾਉਣਾ ਸਾਡਾ ਪਹਿਲਾ ਧਰਮ : ਕੈਪਟਨ

ਚੰਡੀਗੜ੍ਹ (ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਸ਼ਬਦਾਂ ’ਚ ਕਿਹਾ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਉਨ੍ਹਾਂ ਦੀ ਸਰਕਾਰ ਖੁਦ ਵੀ ਇਨ੍ਹਾਂ ਕਾਨੂੰਨਾਂ ਦਾ ਸਖਤ ਵਿਰੋਧ ਕਰਦੀ ਹੈ ਪਰ ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਅੱਜ ਫਿਰ ਦੁਹਰਾਉਂਦਿਆਂ ਕਿਹਾ ਕਿ ਸੂਬੇ ਦੀ ਮੌਜੂਦਾ ਗੰਭੀਰ ਹਾਲਤ ਦੇ ਮੱਦੇਨਜ਼ਰ ਕਿਸੇ ਵੀ ਕੀਮਤ ’ਤੇ ਹਫਤਾਵਾਰੀ ਲਾਕਡਾਊਨ ਅਤੇ ਹੋਰ ਪਾਬੰਦੀਆਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਮੁੱਖ ਮੰਤਰੀ ਨੇ ਕਿਹਾ, ‘‘ਜ਼ਿੰਦਗੀਆਂ ਦਾਅ ’ਤੇ ਲੱਗੀਆਂ ਹਨ, ਜਿਨ੍ਹਾਂ ਨੂੰ ਬਚਾਉਣਾ ਸਾਡੀ ਮੁੱਖ ਪਹਿਲ ਹੈ ਤੇ ਇਹ ਹਰ ਪੰਜਾਬੀ ਦੀ ਜ਼ਿੰਮੇਵਾਰੀ ਵੀ ਬਣਦੀ ਹੈ।’’

ਉਨ੍ਹਾਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੇ ਨੇਤਾਵਾਂ ਨੂੰ ਇਸ ਮੁੱਦੇ ’ਤੇ ਬੀਤੇ ਦਿਨ ਉਨ੍ਹਾਂ ਵੱਲੋਂ ਕੀਤੀ ਗਈ ਟਿੱਪਣੀ ਨੂੰ ਕੋਈ ਰੰਗਤ ਨਾ ਦੇਣ ਦੀ ਅਪੀਲ ਕੀਤੀ। ਸੰਯੁਕਤ ਕਿਸਾਨ ਮੋਰਚਾ ਵੱਲੋਂ ਹਫਤਾਵਾਰੀ ਲਾਕਡਾਊਨ ਦਾ ਵਿਰੋਧ ਕਰਨ ਦੇ ਸੱਦੇ ਦੇ ਸੰਦਰਭ ’ਚ ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਡੀ. ਜੀ. ਪੀ. ਨੂੰ ਕਿਹਾ ਸੀ ਕਿ ਹਫਤਾਵਾਰੀ ਲਾਕਡਾਊਨ ਦੀਆਂ ਸਾਰੀਆਂ ਪਾਬੰਦੀਆਂ ਦਾ ਸਖਤੀ ਨਾਲ ਪਾਲਣ ਕਰਾਓ ਤੇ ਕਿਸੇ ਵੀ ਕੀਮਤ ’ਤੇ ਇਸ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਾ ਦਿੱਤੀ ਜਾਵੇ। ਉਨ੍ਹਾਂ ਅੱਜ ਫਿਰ ਦੁਹਾਇਆ ਕਿ ਕਿਸੇ ਨੂੰ ਵੀ ਲੋਕਾਂ ਦੀ ਜਾਨ ਨਾਲ ਖੇਡਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਮੁੱਖ ਮੰਤਰੀ ਨੇ ਕਿਹਾ ਕਿ ਦੋ ਜਥੇਬੰਦੀਆਂ ਦੇ ਨੇਤਾਵਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਉਨ੍ਹਾਂ ਦੇ ਇਰਾਦਿਆਂ ’ਤੇ ਸ਼ੱਕ ਪੈਦਾ ਕਰਨ ਲਈ ਉਨ੍ਹਾਂ ਦੇ ਬਿਆਨ ਨੂੰ ਗਲਤ ਢੰਗ ਨਾਲ ਪੇਸ਼ ਕੀਤਾ। ਮੁੱਖ ਮੰਤਰੀ ਨੇ ਪੁੱਛਿਆ ਕਿ ਸਾਡੀ ਸਰਕਾਰ ਕਿਸਾਨਾਂ ਦੇ ਹਿੱਤਾਂ ਦੇ ਖ਼ਿਲਾਫ਼ ਕਿਸ ਤਰ੍ਹਾਂ ਜਾ ਸਕਦੀ ਹੈ, ਜਦਕਿ ਮੇਰੀ ਸਰਕਾਰ ਦੇਸ਼ ’ਚ ਪਹਿਲੀ ਸਰਕਾਰ ਸੀ, ਜਿਸ ਨੇ ਕੇਂਦਰ ਸਰਕਾਰ ਦੇ ਖਤਰਨਾਕ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਧਾਨ ਸਭਾ ’ਚ ਸੋਧ ਬਿੱਲ ਲਿਆਂਦਾ। ਉਨ੍ਹਾਂ ਕਿਹਾ ਕਿ ਜਿਥੋਂ ਤਕ ਕੇਂਦਰੀ ਕਾਨੂੰਨਾਂ ਦਾ ਸਬੰਧ ਹੈ, ਉਨ੍ਹਾਂ ਦੀ ਸਰਕਾਰ ਸਪੱਸ਼ਟ ਤੇ ਲਗਾਤਾਰ ਇਸ ਦੇ ਖ਼ਿਲਾਫ ਹੈ। ਸੂਬੇ ’ਚ ਹਾਲਾਤ ਬਹੁਤ ਗੰਭੀਰ ਹੋਣ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 6 ਮਈ ਨੂੰ ਲਗਾਤਾਰ 24 ਘੰਟਿਆਂ ਅੰਦਰ 8874 ਪਾਜ਼ੇਟਿਵ ਕੇਸ ਆਏ, ਜਦਕਿ 154 ਮੌਤਾਂ ਹੋਈਆਂ ਤੇ 265 ਮਰੀਜ਼ ਏਕਾਂਤਵਾਸ ਸੇਵਾਵਾਂ ’ਚ ਦਾਖਲ ਕੀਤੇ ਗਏ, 30 ਮਰੀਜ਼ ਉੱਚ ਨਿਰਭਰਤਾ ਇਕਾਈਆਂ ਤੇ 16 ਮਰੀਜ਼ ਵੈਂਟੀਲੇਟਰ ਸੁਪੋਰਟ ’ਤੇ ਰੱਖੇ ਗਏ। ਉਨ੍ਹਾਂ ਕਿਹਾ ਕਿ ਇਹ ਸਿਆਸਤ ਕਰਨ ਦਾ ਸਮਾਂ ਨਹੀਂ ਬਲਕਿ ਹਰ ਵਿਅਕਤੀ ਦੀ ਜਾਨ ਬਚਾਉਣ ਲਈ ਸਾਨੂੰ ਆਪਣੀ ਪੂਰੀ ਤਾਕਤ ਲਾਉਣ ਦੀ ਲੋੜ ਹੈ।

ਕੋਰੋਨਾ ਸੰਕਟ ਨਾਲ ਨਜਿੱਠਣ ਲਈ ਕਿਸਾਨਾਂ ਨੂੰ ਸੂਬਾ ਸਰਕਾਰ ਵੱਲੋਂ ਹਰ ਤਰ੍ਹਾਂ ਦਾ ਸਮਰਥਨ ਤੇ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਜੀਵਨ ਤੇ ਉਨ੍ਹਾਂ ਦੀ ਸੁਰੱਖਿਆ ਸੂਬਾ ਸਰਕਾਰ ਦੀ ਵੱਡੀ ਪਹਿਲ ਹੈ। ਉਨ੍ਹਾਂ ਇਹ ਦੁਹਰਾਇਆ ਕਿ ਕੋਰੋਨਾ ਸੰਕਟ ਦੇ ਚਲਦੇ ਉਹ ਕਿਸੇ ਵੀ ਪੰਜਾਬੀ ਦੀ ਜਾਨ ਨੂੰ ਖਤਰੇ ’ਚ ਨਹੀਂ ਪਾ ਸਕਦੇ। ਕੈਪਟਨ ਨੇ ਕਿਹਾ ਕਿ ਸੂਬਾ ਸਰਕਾਰ ਸ਼ੁਰੂ ਤੋਂ ਹੀ ਕੇਂਦਰ ਵੱਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਲੜਾਈ ’ਚ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਲਗਾਤਾਰ ਖੜ੍ਹੀ ਰਹੇਗੀ ਕਿਉਂਕਿ ਸੂਬਾ ਸਰਕਾਰ ਦਾ ਮੰਨਣਾ ਹੈ ਕਿ ਇਹ ਕਾਨੂੰਨ ਕਿਸਾਨਾਂ ਦੀ ਹੋਂਦ ਤੇ ਜੀਵਨ ਲਈ ਸਿੱਧਾ ਖਤਰਾ ਹਨ ਪਰ ਇਸ ਵੇਲੇ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਜਾਨ ਬਚਾਉਣ ’ਤੇ ਪੂਰੀ ਤਰ੍ਹਾਂ ਕੇਂਦਰਿਤ ਹੈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਸਖਤ ਪਾਬੰਦੀਆਂ ਦੇ ਨਾਲ ਕੋਈ ਪ੍ਰੇਸ਼ਾਨੀ ਨਾ ਹੋਵੇ, ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਰੋਟੇਸ਼ਨ ਅਨੁਸਾਰ ਗੈਰ-ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਤੇ ਪ੍ਰਾਈਵੇਟ ਦਫਤਰਾਂ ਨੂੰ ਵੀ ਖੋਲ੍ਹਣ ਦੀ ਇਜਾਜ਼ਤ ਦਿੱਤੀ ਹੈ।  


author

Manoj

Content Editor

Related News