ਪੰਜਾਬ ਨੂੰ ਖੇਡਾਂ ’ਚ ਮੁੜ ਮੋਹਰੀ ਸੂਬਾ ਬਣਾਵਾਂਗੇ : ਮੀਤ ਹੇਅਰ

Sunday, Jan 29, 2023 - 11:18 PM (IST)

ਪੰਜਾਬ ਨੂੰ ਖੇਡਾਂ ’ਚ ਮੁੜ ਮੋਹਰੀ ਸੂਬਾ ਬਣਾਵਾਂਗੇ : ਮੀਤ ਹੇਅਰ

ਚੰਡੀਗੜ੍ਹ (ਰਮਨਜੀਤ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਦੇ ਖੇਤਰ ’ਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਖੇਡ ਵਿਭਾਗ ਵੱਲੋਂ ਅਜਿਹੀ ਕਾਰਗਾਰ ਖੇਡ ਨੀਤੀ ਬਣਾਈ ਜਾ ਰਹੀ ਹੈ, ਜਿਸ ਦੇ ਲੰਬੇ ਸਮੇਂ ਤੱਕ ਖੇਡ ਖੇਤਰ ’ਚ ਚੰਗੇ ਨਤੀਜੇ ਆਉਂਦੇ ਰਹਿਣਗੇ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ 35ਵੀਆਂ ਜਰਖੜ ਖੇਡਾਂ ਦੇ ਆਖਰੀ ਦਿਨ ਜੇਤੂਆਂ ਨੂੰ ਇਨਾਮਾਂ ਦੀ ਵੰਡ ਉਪਰੰਤ ਸੰਬੋਧਨ ਕਰਦਿਆਂ ਕਹੀ।

ਇਹ ਖ਼ਬਰ ਵੀ ਪੜ੍ਹੋ : ਦੁੱਖਦਾਈ ਖ਼ਬਰ : ਭਾਰਤੀ ਮੂਲ ਦੇ ਵਿਅਕਤੀ ਦੀ ਬ੍ਰਿਟੇਨ ਦੇ ਜੰਗਲੀ ਖੇਤਰ ’ਚੋਂ ਮਿਲੀ ਲਾਸ਼

ਮੀਤ ਹੇਅਰ ਨੇ ਜਰਖੜ ਖੇਡਾਂ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਖੇਡ ਪੱਖੀ ਮਾਹੌਲ ਸਦਕਾ ਹੀ ਪੰਜਾਬ ਦੀ ਖੇਡਾਂ ਦੇ ਖੇਤਰ ’ਚ ਪਛਾਣ ਬਣੀ ਹੋਈ ਹੈ। ਜੇਕਰ ਪੰਜਾਬ ਦੇ ਹਰ ਪਿੰਡ-ਕਸਬੇ ’ਚ ਅਜਿਹੀ ਖੇਡਾਂ ਪ੍ਰਤੀ ਸਮਰਪਣ ਭਾਵਨਾ ਹੋਵੇ ਤਾਂ ਦੁਨੀਆ ਦੇ ਖੇਡ ਨਕਸ਼ੇ ’ਤੇ ਪੰਜਾਬ ਦਾ ਕੋਈ ਸਾਨੀ ਨਹੀਂ ਹੋਵੇਗਾ। ਉਨ੍ਹਾਂ ਜਰਖੜ ਖੇਡਾਂ ਦੇ ਪ੍ਰਬੰਧਕਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਵਿਸ਼ਵਾਸ ਦਿਵਾਇਆ ਅਤੇ ਕਿਹਾ ਕਿ ਖੇਡ ਸਕੀਮਾਂ ’ਚ ਜਰਖੜ ਨੂੰ ਤਰਜੀਹ ਦਿੱਤੀ ਜਾਵੇਗੀ ਤਾਂ ਜੋ ਇਥੋਂ ਹੋਰ ਕੌਮਾਂਤਰੀ ਖਿਡਾਰੀ ਨਿਕਲਣ।

ਇਹ ਖ਼ਬਰ ਵੀ ਪੜ੍ਹੋ : ਪੰਜਾਬੀਆਂ ਲਈ ਮਾਣ ਵਾਲੀ ਗੱਲ, ਗੁਰਮਿੰਦਰ ਗੈਰੀ ਅਮਰੀਕਾ ਦੇ ਮੈਨਟੀਕਾ ਸ਼ਹਿਰ ਦੇ ਦੂਜੀ ਵਾਰ ਬਣੇ ਮੇਅਰ

ਖੇਡ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਮੁੱਖ ਤਰਜੀਹ ਖੇਡਾਂ ਹਨ ਅਤੇ ਹਾਲ ਹੀ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਸੂਬੇ ’ਚ ਨਵਾਂ ਖੇਡ ਪੱਖੀ ਮਾਹੌਲ ਸਿਰਜਿਆ ਗਿਆ। ਮਾਹਿਰਾਂ ਦੀ ਕਮੇਟੀ ਨਵੀਂ ਖੇਡ ਨੀਤੀ ਬਣਾ ਰਹੀ ਹੈ, ਜਿਸ ’ਚ ਖਿਡਾਰੀਆਂ ਦੇ ਮਾਨ-ਸਨਮਾਨ ਅਤੇ ਨੌਕਰੀਆਂ ਤੋਂ ਇਲਾਵਾ ਇਸ ਗੱਲ ’ਤੇ ਜ਼ੋਰ ਦਿੱਤਾ ਜਾਵੇਗਾ ਕਿ ਛੋਟੀ ਉਮਰ ਦੇ ਖਿਡਾਰੀਆਂ ਨੂੰ ਕਿਵੇਂ ਵੱਡੇ ਮੰਚ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ ਸ਼ੁਰੂ ਕੀਤੀ ਗਈ ਹੈ।

ਇਸ ਮੌਕੇ ਖੇਡ ਮੰਤਰੀ ਨੇ ਹਾਕੀ ਦੀਆਂ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ ਅਤੇ ਕਬੱਡੀ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ। ਉਨ੍ਹਾਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ। ਪ੍ਰਬੰਧਕ ਕਮੇਟੀ ਵੱਲੋਂ ਖੇਡ ਮੰਤਰੀ ਮੀਤ ਹੇਅਰ ਦਾ ਸਨਮਾਨ ਕੀਤਾ ਗਿਆ। ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ ਨੇ ਖੇਡ ਮੰਤਰੀ ਦਾ ਇਥੇ ਆਉਣ ’ਤੇ ਉਚੇਚਾ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੀ ਹਾਜ਼ਰ ਸਨ।


author

Manoj

Content Editor

Related News