ਪੰਜਾਬ ’ਚ ਗੈਂਗਸਟਰਾਂ ਦਾ ਰਾਜ ਨਹੀਂ ਵਧਣ ਦੇਵਾਂਗੇ : ਰੰਧਾਵਾ

Monday, Nov 01, 2021 - 02:23 AM (IST)

ਪੰਜਾਬ ’ਚ ਗੈਂਗਸਟਰਾਂ ਦਾ ਰਾਜ ਨਹੀਂ ਵਧਣ ਦੇਵਾਂਗੇ : ਰੰਧਾਵਾ

ਜਲੰਧਰ(ਧਵਨ)– ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਕਿਹਾ ਹੈ ਕਿ ਪੰਜਾਬ ਸਰਕਾਰ ਕਿਸੇ ਵੀ ਕੀਮਤ ’ਤੇ ਸੂਬੇ ਵਿਚ ਗੈਂਗਸਟਰ ਰਾਜ ਨੂੰ ਵਧਣ-ਫੁੱਲਣ ਨਹੀਂ ਦੇਵੇਗੀ। ਰੰਧਾਵਾ ਨੇ ਅੱਜ ਬਾਬਾ ਬੁੱਢਾ ਸਾਹਿਬ ਜੀ (ਕੱਥੂਨੰਗਲ) ਸਥਿਤ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਪੰਜਾਬ ਦੀ ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਸੁਰੱਖਿਆ ਲਈ ਲੋਕਾਂ ਪ੍ਰਤੀ ਵਚਨਬੱਧ ਹੈ ਅਤੇ ਇਸ ਵੱਲ ਪੂਰਾ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਸੂਬੇ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਸਮਰੱਥ ਹੈ, ਜਿਸ ਨੇ ਸੂਬੇ ਵਿੱਚ ਅੱਤਵਾਦ ਨੂੰ ਕਾਬੂ ਕਰਕੇ ਰਿਕਾਰਡ ਕਾਇਮ ਕੀਤਾ ਹੈ।

ਇਹ ਵੀ ਪੜ੍ਹੋ- ਨਰਮਾ ਉਤਪਾਦਕਾਂ ਲਈ ਨਿਗੂਣੇ ਮੁਆਵਜ਼ੇ ਦੀ ਮੁੜ ਸਮੀਖਿਆ ਕਰਨ ਮੁੱਖ ਮੰਤਰੀ : ਸੁਖਬੀਰ ਬਾਦਲ

ਰੰਧਾਵਾ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਲੋਕਾਂ ਨੂੰ ਸ਼ਾਂਤੀ ਭੰਗ ਕਰਨ ਵਾਲੇ ਅਨਸਰਾਂ ਦੀ ਸ਼ਨਾਖਤ ਕਰਕੇ ਆਉਣ ਵਾਲੀਆਂ ਚੋਣਾਂ ਵਿੱਚ ਉਨ੍ਹਾਂ ਨੂੰ ਖਤਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਲੱਖਾਂ ਕੁਰਬਾਨੀਆਂ ਦੇ ਕੇ ਪੰਜਾਬ ਵਿੱਚ ਅਮਨ-ਸ਼ਾਂਤੀ ਬਹਾਲ ਹੋਈ ਹੈ। ਪੰਜਾਬ ਵਿੱਚ ਅੱਤਵਾਦ ਦਾ ਜ਼ਿਕਰ ਕਰਦਿਆਂ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਉਸ ਸਮੇਂ ਸਰਹੱਦ ਪਾਰੋਂ ਅੱਤਵਾਦੀਆਂ ਦੀ ਘੁਸਪੈਠ ਨੂੰ ਪੰਜਾਬ ਪੁਲਸ ਵੱਲੋਂ ਕਾਬੂ ਕੀਤਾ ਗਿਆ ਸੀ ਅਤੇ ਉਸ ਸਮੇਂ ਸਰਹੱਦ ’ਤੇ ਤਾਇਨਾਤ ਬੀ. ਐੱਸ. ਐੱਫ. ਨੇ ਪੰਜਾਬ ਪੁਲਸ ਨਾਲ ਪੂਰਾ ਤਾਲਮੇਲ ਕਾਇਮ ਕਰਕੇ ਸ਼ਾਂਤੀ ਬਹਾਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਪੂਰੀ ਦੁਨੀਆ ਵਿੱਚ ਅਜਿਹੀ ਪੁਲਸ ਫੋਰਸ ਹੈ, ਜਿਸ ਨੇ ਅੱਤਵਾਦ ਨੂੰ ਕਾਬੂ ਕਰਨ ਦਾ ਰਿਕਾਰਡ ਬਣਾਇਆ ਹੈ। ਦੁਨੀਆ ਵਿਚ ਕਿਤੇ ਵੀ ਅੱਤਵਾਦ ’ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨਵੀਂ ਸਰਕਾਰ ਦੀ ਤਰਜੀਹ ਸੁਰੱਖਿਆ ਨੂੰ ਹਰ ਕੀਮਤ ’ਤੇ ਬਰਕਰਾਰ ਰੱਖਣਾ ਹੈ ਅਤੇ ਸੁਰੱਖਿਆ ਨੂੰ ਲੈ ਕੇ ਕਿਸੇ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਸਾਰੇ ਪੁਲਸ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ।


author

Bharat Thapa

Content Editor

Related News