ਮੌਸਮ ਵਿਭਾਗ ਦੀ ਭਵਿੱਖਬਾਣੀ, ਆਉਂਦੇ ਦਿਨਾਂ ''ਚ ਪਵੇਗਾ ਮੀਂਹ

01/24/2020 6:47:29 PM

ਲੁਧਿਆਣਾ (ਨਰਿੰਦਰ ਮਹਿੰਦਰੂ) : ਗਣਤੰਤਰ ਦਿਵਸ ਮੌਕੇ ਲੋਕਾਂ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਸੋਮਵਾਰ ਨੂੰ ਸੂਬੇ 'ਚ ਕਈ ਥਾਈਂ ਮੀਂਹ ਵੀ ਪੈ ਸਕਦਾ ਹੈ। ਇਹ ਭਵਿੱਖ-ਬਾਣੀ ਲੁਧਿਆਣਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਵੱਲੋਂ ਕੀਤੀ ਗਈ ਹੈ। ਆਉਂਦੇ ਸੋਮਵਾਰ ਤੋਂ ਮੰਗਲਵਾਰ ਤੱਕ ਪੰਜਾਬ ਦੇ ਕਈ ਹਿੱਸਿਆਂ 'ਚ ਸੰਘਣੀ ਧੁੰਦ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਦਿਨ ਦੇ ਤਾਪਮਾਨ ਅਤੇ ਰਾਤ ਦੇ ਤਾਪਮਾਨ ਵਿਚ ਹੋਰ ਵੀ ਗਿਰਾਵਟ ਦਰਜ ਕੀਤੀ ਜਾਵੇਗੀ ਅਤੇ ਸੂਬਾ ਵਾਸੀਆਂ ਨੂੰ ਜਨਵਰੀ ਮਹੀਨੇ ਦੇ ਅਖੀਰ ਤੱਕ ਠੰਡ ਤੋਂ ਫਿਲਹਾਲ ਕੋਈ ਰਾਹਤ ਨਹੀਂ ਮਿਲੇਗੀ। 

ਲੁਧਿਆਣਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁੱਖੀ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਐਤਵਾਰ ਨੂੰ ਗਣਤੰਤਰ ਦਿਹਾੜੇ ਮੌਕੇ ਸੰਘਣੀ ਧੁੰਦ ਪੈਣ ਦੇ ਆਸਾਰ ਹਨ, ਜਦਕਿ ਦੂਜੇ ਪਾਸੇ ਸੋਮਵਾਰ ਤੋਂ ਲੈ ਕੇ ਮੰਗਲਵਾਰ ਤੱਕ ਪੰਜਾਬ ਦੇ ਕਈ ਹਿੱਸਿਆਂ ਵਿਚ ਮੀਂਹ ਪੈ ਸਕਦਾ ਹੈ ਜਿਸ ਨਾਲ ਘੱਟੋ-ਘੱਟ ਪਾਰੇ ਵਿਚ ਹੋਰ ਗਿਰਾਵਟ ਦਰਜ ਕੀਤੀ ਜਾਵੇਗੀ ਅਤੇ ਸੂਬਾ ਵਾਸੀਆਂ ਨੂੰ ਸਵੇਰੇ ਅਤੇ ਸ਼ਾਮ ਵੇਲੇ ਕੜਾਕੇ ਦੀ ਠੰਡ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਮੀਂਹ ਪੈਣ ਤੋਂ ਬਾਅਦ ਮੌਸਮ ਬਹੁਤਾ ਸਾਫ ਹੋਣ ਦੀ ਉਮੀਦ ਨਹੀਂ ਹੈ, ਠੰਢ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਧੁੰਦ ਤੇ ਕੋਹਰੇ 'ਚ ਵੀ ਵਾਧਾ ਹੋਵੇਗਾ।

Gurminder Singh

This news is Content Editor Gurminder Singh