ਭਲਾਈ ਸਕੀਮਾਂ ਲਾਗੂ ਕਰਨ ''ਚ ਦਰਪੇਸ਼ ਸਮੱਸਿਆਵਾਂ ਬਾਰੇ ਕੇਂਦਰ ਨਾਲ ਰਾਬਤਾ ਕਾਇਮ ਕਰਾਂਗੇ : ਧਰਮਸੌਤ

09/27/2018 8:37:36 AM

ਚੰਡੀਗੜ੍ਹ (ਕਮਲ)— ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਕਿਹਾ ਹੈ ਕਿ ਕੇਂਦਰ ਤੇ ਸੂਬਾ ਸਰਕਾਰ ਦੇ ਆਪਸੀ ਸਹਿਯੋਗ ਨਾਲ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਨੂੰ ਲਾਗੂ ਕਰਨ ਵਿਚ ਕਈ ਕਿਸਮ ਦੀਆਂ ਸਮੱਸਿਆਵਾਂ ਦਰਪੇਸ਼ ਹਨ, ਜਿਨ੍ਹਾਂ ਦੇ ਹੱਲ ਲਈ ਛੇਤੀ ਕੇਂਦਰ ਸਰਕਾਰ ਨਾਲ ਰਾਬਤਾ ਕੀਤਾ ਜਾਵੇਗਾ। ਬੁੱਧਵਾਰ ਨੂੰ ਇੱਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਉੱਚ, ਜ਼ਿਲਾ ਅਤੇ ਤਹਿਸੀਲ ਪੱਧਰ ਦੇ ਅਧਿਕਾਰੀਆਂ ਨਾਲ ਕੀਤੀ ਜਾਇਜ਼ਾ ਮੀਟਿੰਗ ਮਗਰੋਂ  ਧਰਮਸੌਤ ਨੇ ਕਿਹਾ ਕਿ ਐੱਸ. ਸੀ./ਬੀ. ਸੀ. ਭਲਾਈ ਸਕੀਮਾਂ ਨੂੰ ਚਲਾਉਣ ਦਾ ਲਾਭ ਤਾਂ ਹੀ ਹੋ ਸਕਦਾ ਹੈ, ਜੇ ਇਹ ਯੋਗ ਸਬੰਧਤਾਂ ਤੱਕ ਸਚਾਰੂ ਰੂਪ ਵਿਚ ਪਹੁੰਚੇ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਪ੍ਰੀ ਮੈਟ੍ਰਿਕ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮਾਂ ਨੂੰ ਲਾਗੂ ਕਰਨ ਵਿਚ ਕਈ ਸਮੱਸਿਆਵਾਂ ਦਰਪੇਸ਼ ਹਨ, ਜਿਨ੍ਹਾਂ ਦੇ ਹੱਲ ਲਈ ਛੇਤੀ ਹੀ ਕੇਂਦਰੀ ਨਾਲ ਰਾਬਤਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼ੇਣੀਆਂ ਨਾਲ ਸਬੰਧਤ ਲੜਕੀਆਂ ਦੇ ਵਿਆਹ ਮੌਕੇ 'ਆਸ਼ੀਰਵਾਦ ਸਕੀਮ' ਤਹਿਤ ਸ਼ਗਨ ਦੇ ਰੂਪ ਵਿਚ ਦਿੱਤੀ ਜਾਂਦੀ ਰਾਸ਼ੀ ਦੇ 34.46 ਕਰੋੜ ਰੁਪਏ ਜਲਦੀ ਹੀ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਵੱਖ-ਵੱਖ ਖਾਲੀ ਪਈਆਂ ਅਸਾਮੀਆਂ ਨੂੰ ਛੇਤੀ ਭਰਨ 'ਤੇ ਜ਼ੋਰ ਦਿੰਦਿਆਂ ਵਿਭਾਗੀ ਅਧਿਕਾਰੀਆਂ ਨੂੰ ਖਾਲੀ ਅਸਾਮੀਆਂ ਸਬੰਧੀ ਰਿਪੋਰਟ 15 ਦਿਨ ਵਿਚ ਤਿਆਰ ਕਰਨ ਦੇ ਆਦੇਸ਼ ਵੀ ਦਿੱਤੇ। ਇਸ ਮੌਕੇ ਵਧੀਕ ਮੁੱਖ ਸਕੱਤਰ ਡਾ. ਰੌਸ਼ਨ ਸੁੰਕਾਰੀਆ, ਜੁਆਇੰਟ ਡਾਇਰੈਕਟਰ ਐਡਮਿਨ ਸਵਰਨਜੀਤ ਕੌਰ, ਜੁਆਇੰਟ ਸਕੱਤਰ ਤੇ ਡਾਇਰੈਕਟਰ ਐੱਸ. ਸੀ. ਸਬ-ਪਲਾਨ ਰਾਜ ਬਹਾਦਰ ਸਿੰਘ, ਵਧੀਕ ਡਾਇਰੈਕਟਰ ਬਿੰਦੂ ਵਾਲੀਆ ਤੋਂ ਇਲਾਵਾ ਵਿਭਾਗ ਦੇ ਸਮੂਹ ਡਿਪਟੀ ਡਾਇਰੈਕਟਰ ਤੇ ਸਮੂਹ ਜ਼ਿਲਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਭਲਾਈ ਅਫ਼ਸਰ ਅਤੇ ਤਹਿਸੀਲਾਂ ਨਾਲ ਸਬੰਧਤ ਅਧਿਕਾਰੀ ਹਾਜ਼ਰ ਸਨ।