"ਸਿਸੋਦੀਆ ਦੀ ਮੌਜੂਦਗੀ ''ਚ ''ਆਪ'' ਦੇ ਪ੍ਰੋਗਰਾਮ ''ਚ ਕੀ ਕਰ ਰਹੇ ਸਨ ਮਹਿਲਾ ਚੇਅਰਪਰਸਨ?" ਖਹਿਰਾ ਨੇ ਚੁੱਕੇ ਸਵਾਲ

Wednesday, Mar 11, 2026 - 01:17 AM (IST)

"ਸਿਸੋਦੀਆ ਦੀ ਮੌਜੂਦਗੀ ''ਚ ''ਆਪ'' ਦੇ ਪ੍ਰੋਗਰਾਮ ''ਚ ਕੀ ਕਰ ਰਹੇ ਸਨ ਮਹਿਲਾ ਚੇਅਰਪਰਸਨ?" ਖਹਿਰਾ ਨੇ ਚੁੱਕੇ ਸਵਾਲ

ਚੰਡੀਗੜ੍ਹ : ਪੰਜਾਬ ਦੀ ਸਿਆਸਤ ਵਿੱਚ ਦੋਸ਼ਾਂ-ਪ੍ਰਤੀਦੋਸ਼ਾਂ ਦਾ ਦੌਰ ਜਾਰੀ ਹੈ। ਹੁਣ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਦੀ ਨਿਰਪੱਖਤਾ 'ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਖਹਿਰਾ ਨੇ ਸੋਸ਼ਲ ਮੀਡੀਆ ਰਾਹੀਂ ਚੇਅਰਪਰਸਨ 'ਤੇ ਸੱਤਾਧਾਰੀ ਆਮ ਆਦਮੀ ਪਾਰਟੀ (AAP) ਦੇ ਪੱਖ ਵਿੱਚ ਕੰਮ ਕਰਨ ਦੇ ਦੋਸ਼ ਲਗਾਏ ਹਨ।

ਸੁਖਪਾਲ ਖਹਿਰਾ ਨੇ ਦਾਅਵਾ ਕੀਤਾ ਕਿ ਮਹਿਲਾ ਕਮਿਸ਼ਨ ਵੱਲੋਂ ਉਨ੍ਹਾਂ ਨੂੰ ਜਾਰੀ ਕੀਤਾ ਗਿਆ ਨੋਟਿਸ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਚੇਅਰਪਰਸਨ ਰਾਜ ਲਾਲੀ ਗਿੱਲ ਇਹ ਦਾਅਵਾ ਕਰ ਰਹੇ ਹਨ ਕਿ ਉਹ ਮੈਰਿਟ ਦੇ ਆਧਾਰ 'ਤੇ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਦਾ ਆਮ ਆਦਮੀ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਪਰ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ।

ਖਹਿਰਾ ਨੇ ਚੇਅਰਪਰਸਨ ਦੀ ਨਿਰਪੱਖਤਾ ਨੂੰ ਚੁਣੌਤੀ ਦਿੰਦਿਆਂ ਸਵਾਲ ਕੀਤਾ ਕਿ ਜੇਕਰ ਉਹ 'ਆਪ' ਨਾਲ ਸਬੰਧਤ ਨਹੀਂ ਹਨ, ਤਾਂ ਉਹ ਪਿਛਲੇ ਦਿਨੀਂ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੇ ਲੇਡੀਜ਼ ਵਿੰਗ ਦੇ ਸਮਾਗਮ ਵਿੱਚ ਕੀ ਕਰ ਰਹੇ ਸਨ? ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਮਨੀਸ਼ ਸਿਸੋਦੀਆ ਸਮੇਤ 'ਆਪ' ਦੇ ਕਈ ਦਿੱਗਜ ਆਗੂ ਮੌਜੂਦ ਸਨ।

ਵਿਧਾਇਕ ਖਹਿਰਾ ਨੇ ਸਿੱਧਾ ਸਵਾਲ ਕਰਦਿਆਂ ਪੁੱਛਿਆ ਕਿ ਕੀ ਅਜਿਹੀ ਪੱਖਪਾਤੀ ਚੇਅਰਪਰਸਨ ਤੋਂ ਉਨ੍ਹਾਂ ਨੂੰ ਕਿਸੇ ਕਿਸਮ ਦੇ ਇਨਸਾਫ਼ ਦੀ ਉਮੀਦ ਰੱਖਣੀ ਚਾਹੀਦੀ ਹੈ? ਜ਼ਿਕਰਯੋਗ ਹੈ ਕਿ ਖਹਿਰਾ ਪਿਛਲੇ ਕੁਝ ਸਮੇਂ ਤੋਂ ਔਰਤਾਂ ਵਿਰੁੱਧ ਕਥਿਤ ਟਿੱਪਣੀਆਂ ਦੇ ਮਾਮਲੇ ਵਿੱਚ ਮਹਿਲਾ ਕਮਿਸ਼ਨ ਅਤੇ ਸੱਤਾਧਾਰੀ ਪਾਰਟੀ ਦੇ ਨਿਸ਼ਾਨੇ 'ਤੇ ਹਨ।


author

Inder Prajapati

Content Editor

Related News