ਕਣਕ ਦੇ ਨਾੜ ਨੂੰ ਅੱਗ ਲਗਾਉਣ ਦੇ ਦੋਸ਼ ਚ 4 ਕਿਸਾਨਾਂ ਵਿਰੁੱਧ ਕੇਸ ਦਰਜ
Monday, May 04, 2020 - 06:03 PM (IST)

ਸੁਲਤਾਨਪੁਰ ਲੋਧੀ (ਸੋਢੀ) : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ ਵਿਚ ਕਣਕ ਦੇ ਨਾੜ ਅਤੇ ਹੋਰ ਫ਼ਸਲ ਦੀ ਰਹਿੰਦ-ਖੂਹੰਦ ਨੂੰ ਸਾੜਨ ਦੀ ਸਖ਼ਤ ਮਨਾਹੀ ਹੈ। ਇਸ ਸੰਬੰਧ ਵਿਚ ਖੇਤੀਬਾੜੀ ਵਿਭਾਗ ਸੁਲਤਾਨਪੁਰ ਲੋਧੀ ਵਲੋਂ ਅੱਜ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ 4 ਕਿਸਾਨਾਂ ਖਿਲਾਫ ਵੱਖ-ਵੱਖ ਕੇਸ ਥਾਣਾ ਸੁਲਤਾਨਪੁਰ ਲੋਧੀ ਵਿਖੇ ਦਰਜ ਕਰਵਾਏ ਹਨ । ਇਸ ਬਾਰੇ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਵਿਸਥਾਰ ਅਫਸਰ ਸੁਲਤਾਨਪੁਰ ਲੋਧੀ ਪਰਮਿੰਦਰ ਕੁਮਾਰ ਜੱਜ ਤੇ ਜਸਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਦੱਸਿਆ ਕਿ ਕਣਕ ਦੇ ਨਾੜ ਤੇ ਹੋਰ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਵਾਲੇ 4 ਕਿਸਾਨਾਂ (1) ਮਲਕੀਤ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਪਿੰਡ ਹੈਦਰਾਬਾਦ ਬੇਟ, (2) ਕੁਲਵੰਤ ਸਿੰਘ ਪੁੱਤਰ ਗੁਰਚਰਨ ਸਿੰਘ ਪਿੰਡ ਮਸੀਤਾਂ, (3) ਰੌਣਕੀ ਪੁੱਤਰ ਕੇਹਰੂ ਪਿੰਡ ਮਸੀਤਾਂ ,(4) ਪਿਆਰਾ ਸਿੰਘ ਪੁੱਤਰ ਉਜਾਗਰ ਸਿੰਘ ਨਵਾਂ ਠੱਟਾ ਖਿਲਾਫ ਐੱਨ. ਜੀ. ਟੀ. ਐਕਟ ਅਤੇ ਏਅਰ ਐਕਟ 1981 ਤਹਿਤ ਵੱਖ-ਵੱਖ ਕੇਸ ਥਾਣਾ ਸੁਲਤਾਨਪੁਰ ਲੋਧੀ ਵਿਖੇ ਦਰਜ ਕਰਵਾਏ ਗਏ ਹਨ ।
ਪਰਮਿੰਦਰ ਕੁਮਾਰ ਜੱਜ ਖੇਤੀਬਾੜੀ ਵਿਸਥਾਰ ਅਫਸਰ ਤੇ ਜਸਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤਾਂ 'ਚ ਨਾੜ ਆਦਿ ਨੂੰ ਅੱਗ ਲਗਾ ਕੇ ਸ਼ੁੱਧ ਹੋਏ ਵਾਤਾਵਰਣ ਨੂੰ ਦੂਸ਼ਿਤ ਨਾ ਕਰਨ । ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਪੈਦਾ ਹੋਇਆ ਧੂੰਆਂ ਵਾਤਾਵਰਣ ਨੂੰ ਗੰਧਲਾ ਕਰ ਰਿਹਾ ਹੈ ਤੇ ਸਾਨੂੰ ਕਈ ਹੋਰ ਭਿਆਨਕ ਬਿਮਾਰੀਆਂ ਵੱਲ ਧੱਕ ਰਿਹਾ ਹੈ । ਉਨ੍ਹਾਂ ਦੱਸਿਆ ਕਿ ਸਰਕਾਰ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ । ਜਿਸ ਤਹਿਤ 2500 ਰੁਪਏ ਤੋਂ 15 ਹਜ਼ਾਰ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਕੋਵਿਡ 19 ਮਹਾਮਾਰੀ ਨਾਲ ਪਹਿਲਾ ਹੀ ਸੂਬਾ ਸੰਕਟ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ, ਜਿਸਨੂੰ ਧਿਆਨ 'ਚ ਰੱਖ ਕੇ ਕਿਸਾਨ ਭਰਾਵਾਂ ਨੂੰ ਖੁਦ ਵੀ ਅਤੇ ਆਪਣੇ ਆਪ ਵੀ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨਾ ਸਮੇਂ ਦੀ ਲੋੜ ਹੈ।