ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ''ਚ ਕਣਕ ਦੀ ਆਮਦ 5 ਲੱਖ ਮੀਟ੍ਰਿਕ ਟਨ ਤੋਂ ਹੋਈ ਪਾਰ
Monday, Apr 17, 2023 - 06:14 PM (IST)
ਪਟਿਆਲਾ (ਜੋਸਨ) : ਪਟਿਆਲਾ ਜ਼ਿਲ੍ਹੇ ਵਿਚ ਕਣਕ ਦੀ ਆਮਦ ਅੰਦਰ ਹੁਣ ਕਾਫ਼ੀ ਤੇਜ਼ੀ ਆ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪਿਛਲੇ ਦਿਨ ਤੱਕ 5 ਲੱਖ 7 ਹਜ਼ਾਰ 602 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਇਸ ਵਿਚੋਂ 4 ਲੱਖ 88 ਹਜ਼ਾਰ 782 ਮੀਟ੍ਰਿਕ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਜਿਣਸ ਦੀ ਕਿਸਾਨਾਂ ਨੂੰ 671.25 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੀ ਕਣਕ ਵਿਚੋਂ ਪਨਗਰੇਨ ਵੱਲੋਂ 161411 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 114962 ਮੀਟ੍ਰਿਕ ਟਨ, ਪਨਸਪ ਵੱਲੋਂ 113756 ਮੀਟ੍ਰਿਕ ਟਨ ਅਤੇ ਵੇਅਰ ਹਾਊਸ ਵੱਲੋਂ 86346 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਪਾਰੀਆਂ ਵੱਲੋਂ 12307 ਮੀਟ੍ਰਿਕ ਟਨ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਕਣਕ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ, ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ।