ਪੰਜਾਬ 'ਚ ਕਣਕ ਦੀ ਆਮਦ ਤੇ ਖ਼ਰੀਦ ਨੇ ਪਿਛਲੇ ਸਾਲ ਦੇ ਅੰਕੜੇ ਨੂੰ ਪਛਾੜਿਆ
Saturday, Apr 29, 2023 - 02:23 PM (IST)
ਚੰਡੀਗੜ੍ਹ (ਸ਼ਰਮਾ) : ਸੂਬੇ ਭਰ ਦੀਆਂ ਮੰਡੀਆਂ 'ਚ ਕਣਕ ਦੀ ਆਮਦ 105 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਈ ਅਤੇ ਪਿਛਲੇ ਸਾਲ ਹਾੜ੍ਹੀ ਦੇ ਪੂਰੇ ਸੀਜ਼ਨ ਦੌਰਾਨ ਮੰਡੀਆਂ 'ਚ ਆਈ 102.7 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਦੇ ਅੰਕੜੇ ਨੂੰ ਪਛਾੜ ਦਿੱਤਾ ਹੈ। ਇਸ ਤੋਂ ਇਲਾਵਾ ਸਰਕਾਰੀ ਏਜੰਸੀਆਂ ਵਲੋਂ ਪਹਿਲਾਂ ਹੀ 100 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਸ ਨਾਲ ਪਿਛਲੇ ਸਾਲ ਪੂਰੇ ਹਾੜ੍ਹੀ ਸੀਜ਼ਨ ਦੌਰਾਨ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਕੀਤੀ ਕੁੱਲ 96.45 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਨੂੰ ਮਾਤ ਦੇ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੰਡੀਆਂ 'ਚ 4.5 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਪਿਛਲੇ ਸੀਜ਼ਨ ਨਾਲੋਂ ਕਣਕ ਦੀ ਕੁੱਲ ਖ਼ਰੀਦ ਘੱਟੋ-ਘੱਟ 20 ਲੱਖ ਮੀਟ੍ਰਿਕ ਟਨ ਵੱਧ ਹੋਵੇਗੀ।
ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਇਕ ਵਾਰ ਫਿਰ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਭਰਨ 'ਚ ਮੋਹਰੀ ਹੈ ਕਿਉਂਕਿ ਇਸ ਸਾਲ ਪੰਜਾਬ ਕੇਂਦਰੀ ਅੰਨ ਭੰਡਾਰ 'ਚ 50 ਫ਼ੀਸਦੀ ਤੋਂ ਵੱਧ ਕਣਕ ਦਾ ਯੋਗਦਾਨ ਪਾਉਣ ਲਈ ਤਿਆਰ ਹੈ। ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ’ਤੇ ਅਦਾਇਗੀਆਂ ਬਾਰੇ ਤਸੱਲੀ ਪ੍ਰਗਟ ਕਰਦਿਆਂ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਦੇ ਸਾਰੇ ਰਿਕਾਰਡ ਤੋੜਦਿਆਂ 5,72,822 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ’ਤੇ 18366 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਖ਼ਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀਆਂ ਜਾਰੀ ਕੀਤੀਆਂ ਜਾਣ।
ਇਹ ਵੀ ਪੜ੍ਹੋ : ਇਸ ਜੇਲ੍ਹ ਦੇ ਕੈਦੀਆਂ ਨੂੰ ਮਿਲਿਆ ਤੋਹਫ਼ਾ, ਪ੍ਰਸ਼ਾਸਨ ਨੇ ਕੀਤਾ ਇਹ ਫ਼ੈਸਲਾ
ਮੰਤਰੀ ਨੇ ਅੱਗੇ ਦੱਸਿਆ ਕਿ ਕਣਕ ਦੀ ਖ਼ਰੀਦ 'ਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਸੂਬੇ 'ਚ ਚੱਲ ਰਹੇ ਕਣਕ ਦੇ ਖ਼ਰੀਦ ਸੀਜ਼ਨ ਦੌਰਾਨ ਵ੍ਹੀਕਲ ਟ੍ਰੈਕਿੰਗ ਸਿਸਟਮ (ਵੀ. ਟੀ. ਐੱਸ.) ਲਾਗੂ ਕੀਤਾ ਗਿਆ ਹੈ। ਹੁਣ ਤੱਕ ਵੀ. ਟੀ. ਐੱਸ. ਸਿਸਟਮ ਲਗਾਏ ਵਾਹਨਾਂ ਦੀ ਗਿਣਤੀ 30000 ਤੋਂ ਵੱਧ ਹੋ ਗਈ ਹੈ ਅਤੇ ਹੁਣ ਤੱਕ ਵੀ. ਟੀ. ਐੱਸ. ਰਾਹੀਂ 202250 ਤੋਂ ਵੱਧ ਆਨਲਾਈਨ ਗੇਟ ਪਾਸ ਜਾਰੀ ਕੀਤੇ ਜਾ ਚੁੱਕੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ