ਡਿਪਟੀ ਕਮਿਸ਼ਨਰ ਨੇ ਕਣਕ ਦੀ ਖਰੀਦ ਸ਼ੁਰੂ ਕਰਵਾਈ, ਮੰਡੀਆਂ ’ਚ ਪੁੱਜੀ 275 ਮੀਟ੍ਰਿਕ ਟਨ ਕਣਕ

04/16/2024 4:38:00 PM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਜ਼ਿਲ੍ਹਾ ਬਰਨਾਲਾ ਦੀਆਂ ਦਾਣਾ ਮੰਡੀਆਂ ’ਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ ਅਤੇ ਹੁਣ ਤੱਕ 275 ਮੀਟ੍ਰਿਕ ਟਨ ਕਣਕ ਮੰਡੀਆਂ ’ਚ ਪੁੱਜ ਚੁੱਕੀ ਹੈ। ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਅੱਜ ਦਾਣਾ ਮੰਡੀ ਬਰਨਾਲਾ ਵਿਖੇ ਕਣਕ ਦੀ ਫ਼ਸਲ ਦੀ ਖ਼ਰੀਦ ਦੀ ਸ਼ੁਰੂਆਤ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ’ਚ 101 ਪੱਕੇ ਅਤੇ 37 ਆਰਜ਼ੀ ਖ਼ਰੀਫ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿੱਥੇ ਕਿਸਾਨ ਆਪਣੀ ਜਿਣਸ ਵੇਚਣਗੇ। ਉਨ੍ਹਾਂ ਦੱਸਿਆ ਕਿ ਮੰਡੀਆਂ ’ਚ ਖ਼ਰੀਦ ਸਬੰਧੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਕਿਸੇ ਤਰੀਕੇ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਇਸ ਤੋਂ ਇਲਾਵਾ ਕਿਸਾਨਾਂ ਲਈ ਪੀਣ ਵਾਲੇ ਪਾਣੀ, ਬੈਠਣ ਅਤੇ ਬਾਰਦਾਨੇ, ਬਿਜਲੀ ਦੇ ਪ੍ਰਬੰਧ ਪੁਖ਼ਤਾ ਕਰ ਲਏ ਗਏ ਹਨ। ਸੁੱਕੀ ਫ਼ਸਲ ਦੀ ਨਾਲੋਂ-ਨਾਲ ਖਰੀਦ ਕਰ ਕੇ ਤੈਅ ਸਮੇਂ ਦੇ ’ਚ ਕਿਸਾਨਾਂ ਨੂੰ ਅਦਾਇਗੀ ਕੀਤੀ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ’ਚ ਸੁੱਕੀ ਫ਼ਸਲ ਹੀ ਲੈ ਕੇ ਆਉਣ ਤਾਂ ਜੋ ਫ਼ਸਲ ਦੀ ਖ਼ਰੀਦ ਨਾਲੋ ਨਾਲ ਹੋ ਸਕੇ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਬਰਿੰਦਰ ਸਿੰਘ, ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਅਫ਼ਸਰ ਹਰਸ਼ਰਨ ਸਿੰਘ ਅਤੇ ਹੋਰ ਅਫ਼ਸਰ ਹਾਜ਼ਰ ਸਨ।
 

Babita

This news is Content Editor Babita