ਅਹਿਮ ਖ਼ਬਰ : ਲੁਧਿਆਣਾ ਜ਼ਿਲ੍ਹੇ ''ਚ ਕਹਿਰ ਦੀ ਗਰਮੀ ਕਾਰਨ ਕਣਕ ਦੀ ਪੈਦਾਵਾਰ 25 ਫ਼ੀਸਦੀ ਘਟੀ
Tuesday, May 24, 2022 - 04:20 PM (IST)
ਲੁਧਿਆਣਾ (ਸਲੂਜਾ) : ਇਸ ਵਾਰ ਕਣਕ ਦੇ ਸੀਜ਼ਨ ਦੌਰਾਨ ਮੀਂਹ ਨਾ ਪੈਣ ਅਤੇ ਕਹਿਰ ਦੀ ਗਰਮੀ ਕਾਰਨ ਜ਼ਿਲ੍ਹਾ ਲੁਧਿਆਣਾ ਵਿੱਚ 25 ਫ਼ੀਸਦੀ ਘੱਟ ਕਣਕ ਦਾ ਝਾੜ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਹਾੜ੍ਹੀ ਸੀਜ਼ਨ ਦੌਰਾਨ 9.21 ਲੱਖ ਮੀਟ੍ਰਿਕ ਟਨ ਅਨਾਜ ਦੀ ਖਰੀਦ ਕੀਤੀ ਗਈ ਸੀ, ਜਦੋਂ ਕਿ ਮੌਜੂਦਾ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ ਘੱਟ ਕੇ 6.91 ਲੱਖ ਮੀਟ੍ਰਿਕ ਟਨ ਰਹਿ ਗਈ ਹੈ। ਸੂਬੇ ਵਿੱਚ ਪੈ ਰਹੀ ਕਹਿਰ ਦੀ ਗਰਮੀ ਕਾਰਨ ਕਣਕ ਦੇ ਝਾੜ ਵਿੱਚ ਭਾਰੀ ਕਮੀ ਆਈ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਮੀਂਹ ਤੇ ਹਨ੍ਹੇਰੀ ਨੇ ਬਦਲਿਆ ਮੌਸਮ, ਲੋਕਾਂ ਨੂੰ ਅੱਤ ਦੀ ਗਰਮੀ ਤੋਂ ਮਿਲੀ ਰਾਹਤ
ਇਸ ਨਾਲ ਕਿਸਾਨਾਂ ਦਾ ਨੁਕਸਾਨ ਹੋਇਆ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਦੀ ਭਗਵੰਤ ਸਰਕਾਰ ਨੇ ਇਸ ਨੂੰ ਕੇਂਦਰ ਅੱਗੇ ਚੁੱਕਿਆ ਅਤੇ ਕਣਕ ਦੇ ਘੱਟ ਝਾੜ ਲਈ ਕਿਸਾਨਾਂ ਨੂੰ 500 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦੀ ਮੰਗ ਕੀਤੀ। ਪੰਜਾਬ ਸਰਕਾਰ ਵੱਲੋਂ ਵੀ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਕਿ ਸਰਕਾਰ ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚ ਪੁੱਜੀ ਕਣਕ ਦੇ ਇੱਕ-ਇੱਕ ਦਾਣੇ ਦੀ ਖ਼ਰੀਦ, ਖ਼ਰੀਦ ਕੀਤੇ ਸਟਾਕ ਦੀ ਅਦਾਇਗੀ 48 ਘੰਟਿਆਂ ਵਿੱਚ ਯਕੀਨੀ ਬਣਾਉਣ ਅਤੇ ਖ਼ਰੀਦ ਦੇ 72 ਘੰਟਿਆਂ ਦੇ ਅੰਦਰ-ਅੰਦਰ ਲਿਫਟਿੰਗ ਕਰਨ ਲਈ ਵਚਨਬੱਧ ਹਨ। ਹਾਲਾਂਕਿ ਮੰਡੀਆਂ ਅਜੇ ਵੀ ਖ਼ਰੀਦ ਲਈ ਖੁੱਲ੍ਹੀਆਂ ਹਨ। ਇਸ ਦੌਰਾਨ ਲੁਧਿਆਣਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ਗਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਸਭ ਤੋਂ ਵੱਧ ਫ਼ਸਲ ਦੀ ਖ਼ਰੀਦ ਕੀਤੀ ਗਈ ਹੈ।
ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਨਾ ਸਿਰਫ ਖ਼ਰੀਦੀ ਗਈ ਕਣਕ ਦੀ ਅਦਾਇਗੀ 48 ਘੰਟਿਆਂ ਦੇ ਅੰਦਰ-ਅੰਦਰ ਕਰਨ ਦੇ ਯੋਗ ਹਨ, ਸਗੋਂ ਖ਼ਰੀਦ ਦੇ 72 ਘੰਟਿਆਂ ਦੇ ਅੰਦਰ-ਅੰਦਰ ਮੰਡੀਆਂ ਵਿੱਚੋਂ ਸਾਰਾ ਸਟਾਕ ਵੀ ਚੁੱਕਣ ਦੇ ਯੋਗ ਹਨ। ਇੱਥੇ ਦੱਸ ਦੇਈਏ ਕਿ ਕਿਸਾਨ ਜੱਥੇਬੰਦੀਆਂ ਵੱਲੋਂ ਸਰਕਾਰ ਤੋਂ ਪ੍ਰਤੀ ਏਕੜ ਵੱਧ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ, ਜਦੋਂ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ 500 ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕੀਤੀ ਹੈ। ਹੁਣ ਜਦੋਂ ਕਣਕ ਦੀ ਵਾਢੀ ਤੋਂ ਬਾਅਦ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਤਾਂ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਇਹ ਪੇਸ਼ਕਸ਼ ਕੀਤੀ ਹੈ ਕਿ ਜੋ ਕਿਸਾਨ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਕਰੇਗਾ, ਉਸ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮਿਲੇਗਾ। ਇਸ ਮੁਹਿੰਮ ਦਾ ਮਕਸਦ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣਾ ਹੈ। ਸਮਾਂ ਹੀ ਦੱਸੇਗਾ ਕਿ ਇਸ ਮੁਹਿੰਮ ਵਿੱਚ ਕਿੰਨੇ ਕਿਸਾਨ ਅੱਗੇ ਆ ਕੇ ਸਿੱਧੀ ਬਿਜਾਈ ਕਰਦੇ ਹਨ ਅਤੇ ਪੰਜਾਬ ਸਰਕਾਰ ਦਾ ਸਾਥ ਦਿੰਦੇ ਹੋਏ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸ ਹੱਦ ਤੱਕ ਯਤਨ ਕਰਦੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ