ਪਤਨੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ
Wednesday, May 06, 2026 - 01:52 PM (IST)
ਮੋਗਾ (ਆਜ਼ਾਦ) : ਥਾਣਾ ਕੋਟ ਈਸੇ ਖਾਂ ਅਧੀਨ ਆਉਂਦੇ ਪਿੰਡ ਮਨਾਵਾਂ ਦੇ ਰਹਿਣ ਵਾਲੇ ਅਵਤਾਰ ਸਿੰਘ (30) ਨੇ ਆਪਣੇ ਘਰ ਵਿਚ ਹੀ ਪੱਖੇ ਨਾਲ ਫਾਹਾ ਲਗਾ ਕੇ 27 ਅਪ੍ਰੈਲ ਨੂੰ ਖੁਦਕੁਸ਼ੀ ਕਰ ਲਈ ਸੀ। ਇਸ ਸਬੰਧ ਵਿਚ ਪੁਲਸ ਵੱਲੋਂ ਮ੍ਰਿਤਕ ਦੇ ਪਿਤਾ ਕੁਲਵੰਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 194 ਤਹਿਤ ਕਾਰਵਾਈ ਕੀਤੀ ਗਈ ਸੀ। ਇਸ ਬਾਰੇ ਜਾਣਕਾਰੀ ਦਿੰਦਿਆਂ ਪੁਲਸ ਚੌਂਕੀ ਬਲਖੰਡੀ ਦੇ ਇੰਚਾਰਜ ਸਹਾਇਕ ਥਾਣੇਦਾਰ ਰਮਨਦੀਪ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਉਸ ਸਮੇਂ ਨਵਾਂ ਮੋੜ ਆਇਆ ਜਦੋਂ ਮ੍ਰਿਤਕ ਦੇ ਪਿਤਾ ਕੁਲਵੰਤ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਕਿਹਾ ਕਿ ਸਾਨੂੰ ਪਤਾ ਲੱਗਿਆ ਹੈ ਕਿ ਮੇਰੇ ਪੁੱਤਰ ਅਵਤਾਰ ਸਿੰਘ ਨੇ ਆਪਣੀ ਪਤਨੀ ਸੁਖਵਿੰਦਰ ਕੌਰ ਉਰਫ਼ ਜੱਗੂ ਵਾਸੀ ਪਿੰਡ ਮਨਾਵਾਂ, ਰੂਬੀ ਅਤੇ ਉਸ ਦੇ ਪਤੀ ਸੇਵਕ ਸਿੰਘ ਵਾਸੀ ਪਿੰਡ ਦਾਤੇਵਾਲਾ ਅਤੇ ਰੂਬੀ ਦੇ ਦਿਓਰ ਤੋਂ ਤੰਗ ਆ ਕੇ ਫਾਹਾ ਲਗਾ ਕੇ ਖੁਦਕੁਸ਼ੀ ਕੀਤੀ ਹੈ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਕੁਲਵੰਤ ਸਿੰਘ ਦੇ ਬਿਆਨਾਂ ’ਤੇ ਮ੍ਰਿਤਕ ਦੀ ਪਤਨੀ ਸੁਖਵਿੰਦਰ ਕੌਰ ਉਰਫ਼ ਜੱਗੂ ਸਮੇਤ ਹੋਰ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਕੋਟ ਈਸੇ ਖਾਂ ਵਿਚ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਜਲਦੀ ਹੀ ਗ੍ਰਿਫ਼ਤਾਰ ਹੋਣ ਦੀ ਸੰਭਾਵਨਾ ਹੈ।
