ਵਾਈਲਡ ਲਾਈਫ ਸੈਂਚੂਰੀ ਵਿਚ ਲੱਗੀ ਅੱਗ ਦੀ ਘਟਨਾ ਦਾ ਜਾਇਜ਼ਾ ਲੈਣ ਪਹੁੰਚੇ ਕੈਬਨਿਟ ਮੰਤਰੀ ਕਟਾਰੂਚੱਕ

Thursday, Jun 20, 2024 - 12:43 PM (IST)

ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : 2 ਦਿਨ ਪਹਿਲਾਂ ਸਰਹੱਦੀ ਖੇਤਰ ਪਿੰਡ ਕਥਲੌਰ ਵਿਖੇ  ਵਾਈਲਡ ਲਾਈਫ ਸੈਂਚੂਰੀ ਵਿਚ ਅਚਾਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਸੀ। ਅੱਜ ਇਸ ਘਟਨਾ ਸਥਾਨ 'ਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਦੌਰਾ ਕਰਕੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਇਸ ਦੀ ਜਾਂਚ ਲਈ ਡਿਪਟੀ ਕਮਿਸ਼ਨਰ ਪਠਾਨਕੋਟ ਦੀ ਅਗਵਾਈ ਹੇਠ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਵੱਲੋਂ ਇਸ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ, ਜਾਂਚ ਉਪਰੰਤ ਜੋ ਵੀ ਕਾਰਨ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਇਸ ਮੌਕੇ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਕੁਝ ਹੀ ਦਿਨਾਂ ਅੰਦਰ ਇਥੇ ਇਕ ਟਰੈਕਟਰ ਫਾਇਰ ਬ੍ਰਿਗੇਡ ਦਾ ਪੱਕੇ ਤੌਰ 'ਤੇ ਇੰਤਜ਼ਾਮ ਕੀਤਾ ਜਾ ਰਿਹਾ ਹੈ ਜੋ ਇੱਥੇ ਪੱਕੇ ਤੌਰ 'ਤੇ ਹੀ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਇੱਥੇ ਕੁਝ ਟਿਊਬਵੈੱਲਾਂ ਦਾ ਇੰਤਜ਼ਾਮ ਵੀ ਕੀਤਾ ਜਾ ਰਿਹਾ ਹੈ। ਜੋ ਜਲਦ ਹੀ ਬੋਰ ਕਰਾ ਕੇ ਟਿਊਬਵੈਲਾਂ ਦੀ ਉਸਾਰੀ ਕੀਤੀ ਜਾਵੇਗੀ ਤਾਂ ਕਿ ਕਿਸੇ ਵੇਲੇ ਵੀ ਲੋੜ ਪੈਣ 'ਤੇ ਪਾਣੀ ਦਾ ਪ੍ਰਬੰਧ ਹੋ ਸਕੇ ਅਤੇ 24 ਘੰਟੇ ਮੁਲਾਜ਼ਮਾਂ ਨੂੰ ਇੱਥੇ ਪੱਕੇ ਤੌਰ 'ਤੇ ਰਹਿਣ ਦੀ ਹਦਾਇਤਾਂ ਵੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਸੈਂਚੂਰੀ ਪੰਜਾਬ ਦੇ ਵਿੱਚ ਇਕ ਟੂਰਿਸਟ ਵਜੋਂ ਜਾਣੀ ਜਾਂਦੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ। 


Gurminder Singh

Content Editor

Related News