ਅਸੀਂ ਜਿੱਤੀਏ ਜਾਂ ਹਾਰੀਏ, ਪੰਜਾਬ ਦੇ ਹਿੱਤਾਂ ਲਈ ਲੜਾਈ ਤੋਂ ਪਿੱਛੇ ਨਹੀਂ ਹਟਾਂਗੇ : ਸੁਖਬੀਰ ਬਾਦਲ

Tuesday, Apr 30, 2024 - 07:09 PM (IST)

ਅਸੀਂ ਜਿੱਤੀਏ ਜਾਂ ਹਾਰੀਏ, ਪੰਜਾਬ ਦੇ ਹਿੱਤਾਂ ਲਈ ਲੜਾਈ ਤੋਂ ਪਿੱਛੇ ਨਹੀਂ ਹਟਾਂਗੇ : ਸੁਖਬੀਰ ਬਾਦਲ

ਸਰਦੂਲਗੜ੍ਹ/ਮਾਨਸਾ (ਸੰਦੀਪ ਮਿੱਤਲ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਅਕਾਲੀ ਦਲ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਐੱਨ. ਡੀ. ਏ. ਸਰਕਾਰ ਛੱਡਣ ਦੇ ਤੁਰੰਤ ਬਾਅਦ ਕੇਂਦਰੀ ਏਜੰਸੀਆਂ ਨੇ ਅਕਾਲੀ ਦਲ ਖ਼ਿਲਾਫ਼ ਕੂੜ ਪ੍ਰਚਾਰ ਮੁਹਿੰਮ ਵਿੱਢ ਦਿੱਤੀ ਸੀ ਅਤੇ ਉਨ੍ਹਾਂ ਨੇ ਆਪਣੇ ਹੀ ਬੰਦੇ ਲਗਾ ਕੇ ਅਕਾਲੀ ਦਲ ’ਤੇ ਬੇਅਦਬੀਆਂ ਕਰਨ ਦੇ ਦੋਸ਼ ਲਗਾ ਦਿੱਤੇ। ਅਕਾਲੀ ਦਲ ਦੇ ਪ੍ਰਧਾਨ, ਜੋ ਇਥੇ ਪਾਰਟੀ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਦੇ ਹੱਕ ’ਚ ਵਿਸ਼ਾਲ ਇਕੱਠ ਨੂੰ ਸੰਬੋਧਨ ਕਰ ਰਹੇ ਸਨ, ਨੇ ਕਿਹਾ ਕਿ ਜਿਨ੍ਹਾਂ ਨੇ 8 ਸਾਲ ਪਹਿਲਾਂ ਅਕਾਲੀ ਦਲ ’ਤੇ ਬੇਅਦਬੀਆਂ ਕਰਵਾਉਣ ਦੇ ਦੋਸ਼ ਲਗਾਏ, ਉਨ੍ਹਾਂ ’ਚ ਇਕ ਅਖੌਤੀ ਵੀ ਸ਼ਾਮਲ ਸੀ, ਜੋ ਹੁਣ ਕਿਸੇ ਹੋਰ ਪਾਰਟੀ ਵਿਚ ਸ਼ਾਮਲ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਬਦਨਾਮ ਅਤੇ ਕਮਜ਼ੋਰ ਕਰਨ ਲਈ ਇਕ ਲੁਕਵੇਂ ਏਜੰਡੇ ਤਹਿਤ ਕੰਮ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਨਿਸ਼ਕਾਮ ਸੇਵਾ ਕੀਤੀ ਹੈ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਵਰਗੇ ਆਗੂਆਂ ਨੂੰ 16 ਸਾਲਾਂ ਤੱਕ ਤਾਮਿਲਨਾਡੂ, ਕੋਇੰਬਟੂਰ ਤੇ ਪੰਚਮੜ੍ਹੀ ਵਰਗੀਆਂ ਥਾਵਾਂ ’ਤੇ ਜੇਲ੍ਹਾਂ ’ਚ ਰੱਖਿਆ ਗਿਆ। ਬਾਦਲ ਸਾਹਿਬ ਨੇ ਤਾਂ ਆਪਣੀ ਧੀ ਦੇ ਵਿਆਹ ’ਚ ਸ਼ਾਮਲ ਹੋਣ ਵਾਸਤੇ ਵੀ ਜ਼ਮਾਨਤ ਨਹੀਂ ਮੰਗੀ। ਸੁਖਬੀਰ ਸਿੰਘ ਬਾਦਲ ਨੇ ਭਾਜਪਾ ਵੱਲੋਂ ਸਿੱਖ ਧਾਰਮਿਕ ਸੰਸਥਾਵਾਂ ’ਤੇ ਕਬਜ਼ਾ ਕਰਨ ਦੀ ਵੀ ਨਿਖੇਧੀ ਕੀਤੀ।

ਇਹ ਖ਼ਬਰ ਵੀ ਪੜ੍ਹੋ : ਗੁਣਵੱਤਾ ਭਰਪੂਰ ਖਾਣ-ਪੀਣ ਵਾਲੇ ਪਦਾਰਥ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਹਦਾਇਤਾਂ ਜਾਰੀ

ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ’ਚ ਭਾਜਪਾ ਸਰਕਾਰ ਨੇ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਪ੍ਰਬੰਧਕ ਬੋਰਡ ਨਾਲ ਛੇੜਛਾੜ ਕਰ ਕੇ ਇਸ ’ਚ 12 ਸਰਕਾਰੀ ਮੈਂਬਰ ਨਾਮਜ਼ਦ ਕਰ ਲਏ ਤਾਂ ਜੋ ਇਸ ’ਤੇ ਕਬਜ਼ਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਜਪਾ ’ਚ ਸ਼ਾਮਲ ਹੋ ਰਹੇ ਹਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਿਆਣਾ ਨੂੰ ਤੋੜ ਕੇ ਵੱਖਰੀ ਗੁਰਦੁਆਰਾ ਕਮੇਟੀ ਬਣਾ ਦਿੱਤੀ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ’ਚ ‘ਆਪ’ ਸਰਕਾਰ ’ਤੇ ਅਸਿੱਧੇ ਤੌਰ ’ਤੇ ਕਬਜ਼ਾ ਕਰ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਭਾਜਪਾ ਦੀ ਬੀ ਟੀਮ ਵਾਂਗ ਕੰਮ ਕਰ ਰਹੇ ਹਨ ਅਤੇ ਕੇਂਦਰ ’ਚ ਭਾਜਪਾ ਦੀ ਸਰਕਾਰ ਮੁੜ ਬਣਨ ’ਤੇ ਪੰਜਾਬ ’ਚ ਭਾਜਪਾ ਦੇ ਮੁੱਖ ਮੰਤਰੀ ਬਣਨ ਲਈ ਤਿਆਰ ਬੈਠੇ ਹਨ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਆਪਣੇ ਸਿਧਾਂਤਾਂ ’ਤੇ ਡਟਿਆ ਰਹੇਗਾ ਭਾਵੇਂ ਅਸੀਂ ਜਿੱਤੀਏ ਜਾਂ ਹਾਰੀਏ। ਉਨ੍ਹਾਂ ਕਿਹਾ ਕਿ ਅਸੀਂ ਭਾਜਪਾ ਦਾ ਸਾਥ ਇਸ ਕਰ ਕੇ ਛੱਡਿਆ ਕਿਉਂਕਿ ਉਹ ਕਿਸਾਨਾਂ ਨਾਲ ਨਿਆਂ ਨਹੀਂ ਕਰ ਰਹੀ ਸੀ। ਹੁਣ ਵੀ ਅਸੀਂ ਭਾਜਪਾ ਨਾਲ ਗੱਠਜੋੜ ਨਾ ਕਰਨ ਦਾ ਫੈਸਲਾ ਇਸ ਕਰ ਕੇ ਲਿਆ ਕਿਉਂਕਿ ਉਹ ਸਿੱਖ ਪੰਥ ਤੇ ਪੰਜਾਬ ਨੂੰ ਨਿਆਂ ਨਹੀਂ ਦੇ ਰਹੀ ਸੀ। ਵੋਟਰਾਂ ਨੂੰ ਕੀਤੀ ਭਾਵੁਕ ਅਪੀਲ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਲੋਕਾਂ ਨੂੰ ਕਿਹਾ ਕਿ ਉਹ ਕਾਂਗਰਸ ਨੂੰ ਵੋਟਾਂ ਨਾ ਪਾਉਣ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਚੋਣਾਂ 1 ਜੂਨ ਨੂੰ ਹੋ ਰਹੀਆਂ ਹਨ, ਇਹ ਉਹੀ ਦਿਹਾੜਾ ਹੈ, ਜਿਸ ਦਿਨ ਇੰਦਰਾ ਗਾਂਧੀ ਨੇ ਸ੍ਰੀ ਦਰਬਾਰ ਸਾਹਿਬ ’ਤੇ ਟੈਂਕਾਂ ਤੇ ਤੋਪਾਂ ਨਾਲ ਹਮਲਾ ਕੀਤਾ ਸੀ। ਉਨ੍ਹਾਂ ਕਿਹਾ ਕਿ ਕੋਈ ਵੀ ਪੰਜਾਬੀ ਸ੍ਰੀ ਦਰਬਾਰ ਸਾਹਿਬ ’ਤੇ ਹੋਏ ਹਮਲੇ ਤੇ ਫਿਰ ਹੋਏ ਸਿੱਖ ਕਤਲੇਆਮ ਨੂੰ ਕਦੇ ਭੁੱਲ ਨਹੀਂ ਸਕਦਾ। 

ਇਹ ਖ਼ਬਰ ਵੀ ਪੜ੍ਹੋ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਇਕ ਹੋਰ ਪਹਿਲਕਦਮੀ, ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News