ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ : ਪਵਨ ਆਦੀਆ
Wednesday, Jun 14, 2017 - 11:49 PM (IST)
ਹੁਸ਼ਿਆਰਪੁਰ, (ਘੁੰਮਣ)- ਕਾਂਗਰਸ ਹਾਈ ਕਮਾਨ ਵੱਲੋਂ ਪਵਨ ਕੁਮਾਰ ਆਦੀਆ ਵਿਧਾਇਕ ਹਲਕਾ ਸ਼ਾਮਚੁਰਾਸੀ ਨੂੰ ਮੁੜ ਜ਼ਿਲਾ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਆਦੀਆ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਕੋਈ ਵੀ ਕੋਤਾਹੀ ਨਹੀਂ ਵਰਤਣਗੇ। ਮੈਂ ਸ਼੍ਰੀਮਤੀ ਸੋਨੀਆ ਗਾਂਧੀ ਪ੍ਰਧਾਨ ਕੁਲ ਹਿੰਦ ਕਾਂਗਰਸ, ਉਪ ਪ੍ਰਧਾਨ ਰਾਹੁਲ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਕੈਪ. ਅਮਰਿੰਦਰ ਸਿੰਘ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਵੱਲੋਂ ਜੋ ਉਨ੍ਹਾਂ 'ਚ ਮੁੜ ਵਿਸ਼ਵਾਸ ਜਤਾਇਆ ਗਿਆ ਹੈ, ਲਈ ਹਮੇਸ਼ਾ ਉਨ੍ਹਾਂ ਦਾ ਰਿਣੀ ਰਹਾਂਗਾ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਮੈਂ ਪਹਿਲਾਂ ਵੀ ਬਹੁਤ ਮਿਹਨਤ ਕੀਤੀ ਸੀ ਅਤੇ ਸਮੁੱਚੀ ਕਾਂਗਰਸ ਨੂੰ ਇਕੱਠਾ ਲੈ ਕੇ ਤੁਰਿਆ ਸੀ, ਜਿਸ ਸਦਕਾ ਹਾਲ ਹੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਜ਼ਿਲੇ 'ਚ ਵੱਡੀ ਜਿੱਤ ਹੋਈ।
ਆਦੀਆ ਨੇ ਕਿਹਾ ਕਿ ਉਹ ਅੱਗੇ ਤੋਂ ਵੀ ਪੂਰੇ ਜ਼ਿਲੇ ਦੇ ਵਰਕਰਾਂ ਤੇ ਅਹੁਦੇਦਾਰਾਂ ਨੂੰ ਨਾਲ ਲੈ ਕੇ ਚੱਲਣਗੇ ਤੇ ਹਰ ਵਰਕਰ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਕਾਂਗਰਸ ਪਾਰਟੀ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਹਰ ਵਰਗ ਨੂੰ ਬਣਦਾ ਮਾਣ-ਸਨਮਾਨ ਮਿਲੇਗਾ ਅਤੇ ਗਰੀਬਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸਰਕਾਰ ਵੱਲੋਂ ਚੰਗੀਆਂ ਸਕੀਮਾਂ ਹੋਂਦ 'ਚ ਲਿਆਂਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ, ਜੋ ਹਰ ਵਰਗ ਤੇ ਧਰਮ ਦਾ ਸਤਿਕਾਰ ਕਰਦੀ ਹੈ। ਅੱਜ ਪੰਜਾਬ ਅੰਦਰ ਲੋਕ ਕੈਪ. ਅਮਰਿੰਦਰ ਸਿੰਘ ਨਾਲ ਚੱਟਾਨ ਵਾਂਗ ਖੜ੍ਹੇ ਹਨ।
