ਕੀ ਬਰਖ਼ਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ‘ਆਪ’ ਤੋਂ ਬਾਹਰ ਦਾ ਰਾਹ ਦਿਖਾਇਆ ਜਾਵੇਗਾ!

05/28/2022 3:37:48 PM

ਜਲੰਧਰ (ਧਵਨ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੁਪਤ ਸਟਿੰਗ ਆਪ੍ਰੇਸ਼ਨ ਰਾਹੀਂ ਬਰਖ਼ਾਸਤ ਕੀਤੇ ਗਏ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਕੀ ਆਮ ਆਦਮੀ ਪਾਰਟੀ ਤੋਂ ਬਾਹਰ ਦਾ ਰਾਹ ਦਿਖਾਇਆ ਜਾਵੇਗਾ। ਇਸ ਨੂੰ ਲੈ ਕੇ ਪਾਰਟੀ ’ਚ ਨਵੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਉਹ ਇਕ ਰੁਪਏ ਦੀ ਰਿਸ਼ਵਤ ਲੈਣ ਖ਼ਿਲਾਫ਼ ਹਨ ਅਤੇ ਜੋ ਵੀ ਰਿਸ਼ਵਤ ਲਵੇਗਾ, ਉਸ ਨਾਲ ਉਹ ਬਿਲਕੁਲ ਸੰਬੰਧ ਨਹੀਂ ਰੱਖਣਗੇ। ਇਸੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਸਿੰਗਲਾ ਨੂੰ ਸਿਹਤ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕਰ ਦਿੱਤਾ। ਉਸ ਤੋਂ ਬਾਅਦ ਅਜੇ ਤੱਕ ਪਾਰਟੀ ਵਲੋਂ ਡਾ. ਸਿੰਗਲਾ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਦਾਵੋਸ ਦੇ ਸੰਮੇਲਨ ਵਿਚ ਹਿੱਸਾ ਲੈਣ ਗਏ ਰਾਘਵ ਚੱਢਾ ਨੇ ਕੁਝ ਮੀਡੀਆ ਵਾਲਿਆਂ ਨਾਲ ਗੱਲਬਾਤ ਕਰਦੇ ਹੋਏ ਇਹ ਸੰਕੇਤ ਦਿੱਤੇ ਹਨ ਕਿ ਉਨ੍ਹਾਂ ਦੀ ਪਾਰਟੀ ਦਾ ਦਾਗੀ ਨੇਤਾਵਾਂ ਨਾਲ ਕੁਝ ਵੀ ਲੈਣਾ-ਦੇਣਾ ਨਹੀਂ ਹੈ। ਦਾਗੀ ਨੇਤਾਵਾਂ ਲਈ ਪਾਰਟੀ ਵਿਚ ਕੋਈ ਜਗ੍ਹਾ ਨਹੀਂ ਹੈ। ਆਮ ਆਦਮੀ ਪਾਰਟੀ ਦੇ ਨੇਤਾਵਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ’ਚ ਡਾ. ਵਿਜੇ ਸਿੰਗਲਾ ਨੂੰ ਆਮ ਆਦਮੀ ਪਾਰਟੀ ਤੋਂ ਬਾਹਰ ਦਾ ਰਾਹ ਦਿਖਾਇਆ ਜਾ ਸਕਦਾ ਹੈ। ਅਜੇ ਫਿਲਹਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਵਿਚ ‘ਆਪ’ ਦੇ ਕੌਮੀ ਸਰਪ੍ਰਸਤ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਗੱਲਬਾਤ ਕਰਨੀ ਹੈ।

ਇਹ ਵੀ ਪੜ੍ਹੋ : ਲੋਕਾਂ ਨੇ ਸਿੱਧੂ ਤੇ ਮਜੀਠੀਆ ਦਾ ਤੋੜਿਆ ਹੰਕਾਰ :  ਜੀਵਨਜੋਤ ਕੌਰ

ਡਾ. ਵਿਜੇ ਸਿੰਗਲਾ ’ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲੱਗ ਚੁੱਕੇ ਹਨ। ਅਜਿਹੀ ਸਥਿਤੀ ਵਿਚ ਮੰਨਿਆ ਜਾ ਰਿਹਾ ਹੈ ਕਿ ਅਗਲੇ ਕੁਝ ਦਿਨਾਂ ਵਿਚ ਉਨ੍ਹਾਂ ਦੀ ਪਾਰਟੀ ਤੋਂ ਵੀ ਛੁੱਟੀ ਹੋ ਸਕਦੀ ਹੈ। ਉਂਝ ਵੀ ਸੰਗਰੂਰ ਲੋਕ ਸਭਾ ਸੀਟ ਦੀ ਉਪ ਚੋਣ ਨੇੜੇ ਆ ਰਹੀ ਹੈ ਅਤੇ ਡਾ. ਵਿਜੇ ਸਿੰਗਲਾ ਜਿੰਨੀ ਦੇਰ ਤੱਕ ਆਮ ਆਦਮੀ ਪਾਰਟੀ ਵਿਚ ਬਣੇ ਰਹਿਣਗੇ ਓਨਾ ਹੀ ਇਹ ‘ਆਪ’ ਲਈ ਚੰਗਾ ਨਹੀਂ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਖੁਦ ਦਾਗੀ ਨੇਤਾਵਾਂ ਨੂੰ ਪਾਰਟੀ ਵਿਚ ਰੱਖਣ ਦੇ ਹੱਕ ਵਿਚ ਨਹੀਂ ਹੈ। ਆਖਰੀ ਫੈਸਲਾ ਸੰਗਠਨ ਵਲੋਂ ਡਾ. ਵਿਜੇ ਸਿੰਗਲਾ ਨੂੰ ਲੈ ਕੇ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਮੋਹਾਲੀ ਦੀ ਇਕ ਅਦਾਲਤ ਨੇ ਪੰਜਾਬ ਦੇ ਬਰਖਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ 14 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। 25 ਮਈ ਨੂੰ ਡਾ. ਸਿੰਗਲਾ ਅਤੇ ਉਸਦੇ ਓ. ਐੱਸ. ਡੀ. ਪ੍ਰਦੀਪ ਕੁਮਾਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਉਸਨੂੰ ਬਰਖ਼ਾਸਤ ਕੀਤਾ ਸੀ। ਇਸ ਤੋਂ ਪਹਿਲਾਂ ਅਦਾਲਤ ਨੇ ਉਸ ਨੂੰ ਸ਼ੁੱਕਰਵਾਰ ਤਕ ਤਿੰਨ ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਸੀ। ਸ਼ੁੱਕਰਵਾਰ ਉਸ ਨੂੰ ਰੋਪੜ ਜੇਲ ਭੇਜ ਦਿੱਤਾ ਗਿਆ। ਸੁਣਵਾਈ ਦੀ ਅਗਲੀ ਤਰੀਕ 10 ਜੂਨ ਤੈਅ ਕੀਤੀ ਗਈ ਹੈ। ਪੁਲਸ ਨੇ ਉਸ ਦੀ ਆਵਾਜ਼ ਦੇ ਨਮੂਨੇ ਲੈਣ ਲਈ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਮਨਜ਼ੂਰੀ ਦੇ ਦਿੱਤੀ ਸੀ। ਆਵਾਜ਼ ਦੇ ਨਮੂਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਿਚ ਡੈਪੂਟੇਸ਼ਨ ’ਤੇ ਤਾਇਨਾਤ ਸ਼ਿਕਾਇਤਕਰਤਾ ਰਜਿੰਦਰ ਸਿੰਘ ਸੁਪਰਡੈਂਟ ਇੰਜੀਨੀਅਰ ਵਲੋਂ ਮੋਬਾਈਲ ਫੋਨ ਦੀ ਰਿਕਾਰਡਿੰਗ ਨਾਲ ਮਿਲਾਏ ਜਾਣਗੇ।

ਇਹ ਵੀ ਪੜ੍ਹੋ : ਪੰਚਾਇਤੀ ਜ਼ਮੀਨਾਂ ਦੇ ਮਿਲੇ ਮੁਆਵਜ਼ੇ ’ਚ 6.66 ਕਰੋੜ ਰੁਪਏ ਦੀ ਘਪਲੇਬਾਜ਼ੀ, 2 ਸਰਪੰਚਾਂ ਤੇ 8 ਪੰਚਾਂ ਵਿਰੁੱਧ ਮੁਕੱਦਮਾ ਦਰਜ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


Anuradha

Content Editor

Related News