ਅਹਿਮ ਖ਼ਬਰ : ਠੰਡ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ
Tuesday, Dec 20, 2022 - 11:42 PM (IST)
ਚੰਡੀਗੜ੍ਹ (ਵੈੱਬ ਡੈਸਕ): ਠੰਡ ਦੇ ਵੱਧ ਰਹੇ ਪ੍ਰਕੋਪ ਦੇ ਕਾਰਨ ਪੰਜਾਬ ਸਰਕਾਰ ਨੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਅੱਜ ਸਵੇਰੇ ਸੂਬੇ ਦੇ ਸਮੂਹ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਦੇ ਹੁਕਮ ਦਿੱਤੇ ਗਏ ਸਨ ਅਤੇ ਸ਼ਾਮ ਨੂੰ ਸਰਦੀ ਦੀਆਂ ਛੁੱਟੀਆਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਸੀਤ ਲਹਿਰ : ਮੌਸਮ ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ, ਜਾਣੋ ਕਿੰਨੇ ਦਿਨ ਪੈਂਦੀ ਰਹੇਗੀ ਧੁੰਦ
ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਸੂਬੇ ਦੇ ਸਮੂਹ ਸਕੂਲ 25 ਦਸੰਬਰ 2022 ਤੋਂ 1 ਜਨਵਰੀ 2023 ਤਕ ਬੰਦ ਰਹਿਣਗੇ। ਇਸ ਸਬੰਧੀ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਮੁਖੀਆਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਮੁਤਾਬਕ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ 25 ਦਸੰਬਰ ਤੋਂ 1 ਜਨਵਰੀ ਤਕ ਛੁੱਟੀਆਂ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਪ੍ਰਮੁੱਖ ਸਕੱਤਰ ਮੁਤਾਬਕ ਪੰਜਾਬ ਦੇ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਇਹ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਚੀਨ-ਅਮਰੀਕਾ ’ਚ ਕੋਰੋਨਾ ਦੇ ਵਧਦੇ ਮਾਮਲਿਆਂ ਤੋਂ ਕੇਂਦਰ ਹੋਇਆ ਚੌਕੰਨਾ, ਸੂਬਿਆਂ ਨੂੰ ਦਿੱਤੀਆਂ ਇਹ ਹਦਾਇਤਾਂ
ਜ਼ਿਕਰਯੋਗ ਹੈ ਕਿ ਅੱਜ ਸਵੇਰੇ ਹੀ ਪੰਜਾਬ ਸਰਕਾਰ ਵੱਲੋਂ ਵੱਧਦੀ ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਬਦਲਣ ਦਾ ਵੀ ਐਲਾਨ ਕੀਤਾ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਸੀ। ਹੁਕਮਾਂ ਮੁਤਾਬਕ ਹੁਣ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ 21 ਦਸੰਬਰ ਮਤਲਬ ਕਿ ਭਲਕੇ ਤੋਂ ਸਵੇਰੇ 10 ਵਜੇ ਖੁੱਲ੍ਹਣਗੇ, ਜਦੋਂ ਕਿ ਛੁੱਟੀ ਪਹਿਲਾਂ ਤੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਵੇਗੀ। ਇਹ ਫ਼ੈਸਲਾ 21 ਦਸੰਬਰ ਤੋਂ 21 ਜਨਵਰੀ ਤਕ ਲਾਗੂ ਰਹੇਗਾ। ਇਸ ਦੇ ਨਾਲ ਹੀ ਹੁਣ ਸੂਬੇ ਦੇ ਸਕੂਲਾਂ ਵਿਚ ਸਰਦੀ ਦੀਆਂ ਛੁੱਟੀਆਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।